ਅਨਾਜ ਘੋਟਾਲੇ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਨੇ 'ਆਪ' ਤੇ ਕੇਂਦਰ ਸਰਕਾਰ ਨੂੰ ਘੇਰਿਆ

By  Pardeep Singh January 15th 2023 07:08 PM

ਚੰਡੀਗੜ੍ਹ: ਅਨਾਜ ਘੋਟਾਲੇ ਵਿੱਚ ਸ਼ਾਮਿਲ ਲੋਕਾਂ ਨੂੰ  ਸਜ਼ਾ ਦੇਣ ਦੀ ਮੰਗ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਪੰਜਾਬ ਦੀ ‘ਆਪ’ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੋਵਾਂ ਨੂੰ ਇਸ ਘਪਲੇ ਦੀ ਡੂੰਘਾਈ ਨਾਲ ਜਾਂਚ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ। ਸੀਬੀਆਈ ਦੇ ਅਪਰੇਸ਼ਨ ਕਣਕ ਦਾ ਜ਼ਿਕਰ ਕਰਦੇ ਹੋਏ ਬਾਜਵਾ ਨੇ ਕਿਹਾ ਕਿ ਇਹ ਦਰਸਾਉਂਦਾ ਹੈ ਕਿ ਦੇਸ਼ ਵਿੱਚ ਭ੍ਰਿਸ਼ਟਾਚਾਰ ਦੀਆਂ ਜੜ੍ਹਾਂ ਕਿੰਨੀਆਂ ਡੂੰਘੀਆਂ ਹਨ, ਸਿਸਟਮ ਦੇ ਹੇਠਲੇ ਪੱਧਰ 'ਤੇ ਕੰਮ ਕਰਨ ਵਾਲੇ ਲੋਕਾਂ ਤੋਂ ਲੈ ਕੇ ਉੱਚ ਪੱਧਰੀ ਅਧਿਕਾਰੀਆਂ ਤੱਕ ਸਭ ਇਸ ਵਿੱਚ ਸ਼ਾਮਿਲ ਹਨ। 

ਉਨ੍ਹਾਂ ਨੇ ਕਿਹਾ ਹੈ ਕਿ ਮੀਡੀਆ ਰਿਪੋਰਟ ਅਨੁਸਾਰ, ਗੋਦਾਮਾਂ ਅਤੇ ਮਿੱਲਾਂ ਸਮੇਤ 99 ਥਾਵਾਂ ਦੀ ਸੀਬੀਆਈ ਵੱਲੋਂ ਤਲਾਸ਼ੀ ਲਈ ਗਈ ਸੀ, ਜਿਨ੍ਹਾਂ ਵਿੱਚੋਂ 90 ਇਕੱਲੇ ਪੰਜਾਬ ਵਿੱਚ ਸਨ। ਇਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਸ਼ਾਇਦ ਪੰਜਾਬ ਭ੍ਰਿਸ਼ਟਾਚਾਰ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ, ਜਿਸ ਦਾ ਖ਼ਮਿਆਜ਼ਾ ਲੋਕਾਂ ਨੂੰ ਭੁਗਤਣਾ ਪੈਂਦਾ ਹੈ।

ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਉਹ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਨੌਕਰਸ਼ਾਹਾਂ ਦੇ ਭ੍ਰਿਸ਼ਟਾਚਾਰ ਅਤੇ ਉਨ੍ਹਾਂ ਦੇ ਧੱਕੇਸ਼ਾਹੀ ਦੇ ਗੈਰ-ਵਾਜਬ ਰੁਖ਼ ਬਾਰੇ ਪੱਤਰ ਲਿਖ ਚੁੱਕੇ ਹਨ। ਕਥਿਤ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਆਪਣੇ ਸਾਥੀ ਦੇ ਸਮਰਥਨ ਵਿੱਚ ਪੀਸੀਐੱਸ ਅਧਿਕਾਰੀਆਂ ਦੁਆਰਾ ਹਾਲ ਹੀ ਵਿੱਚ ਕੀਤੀ ਗਈ ਹੜਤਾਲ ਅਤੇ ਪੀਐਸਆਈਈਸੀ ਘੁਟਾਲੇ ਦੇ ਕੇਸ ਵਿੱਚ ਵਿਜੀਲੈਂਸ ਦੁਆਰਾ ਉਨ੍ਹਾਂ ਦੇ ਇੱਕ ਸਾਥੀ ਦਾ ਨਾਮ ਐਫਆਈਆਰ ਵਿੱਚ ਸ਼ਾਮਿਲ ਕੀਤੇ ਜਾਣ ਵਿਰੁੱਧ ਆਈਏਐੱਸ ਅਧਿਕਾਰੀਆਂ ਦੇ ਹਮਲਾਵਰ ਰੁਖ਼ ਇੱਕ ਡੁੰਗੀ ਚਿੰਤਾ ਦਾ ਵਿਸ਼ਾ ਹੈ।

Related Post