SYL 'ਤੇ SC ਦੀ ਟਿੱਪਣੀ ਮਗਰੋਂ ਕਸੂਤੀ ਫਸੀ ਮਾਨ ਸਰਕਾਰ; ਜਲਦ ਸੱਦੇਗੀ ਵਿਸ਼ੇਸ਼ ਸੈਸ਼ਨ

By  Jasmeet Singh October 5th 2023 11:53 AM -- Updated: October 5th 2023 12:04 PM

ਚੰਡੀਗੜ੍ਹ: ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਨਿਰਮਾਣ ਨੂੰ ਲੈ ਕੇ ਬੁੱਧਵਾਰ ਨੂੰ ਸੁਪਰੀਮ ਕੋਰਟ ਦੀ ਟਿੱਪਣੀ ਕਾਰਨ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਜਿਸ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਨਿਵਾਸ 'ਤੇ ਕੈਬਨਿਟ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ SYL ਦੇ ਮੁੱਦੇ ’ਤੇ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। 

ਕਾਬਲੇਗੌਰ ਹੈ ਕਿ ਲੰਘੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਵਾਸਤੇ ਸਹਿਮਤੀ ਦੇਣ ਦੀ ਜ਼ੋਰਦਾਰ ਨਿਖੇਧੀ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਆਖਿਆ ਹੈ ਕਿ ਉਸ ’ਤੇ ਵਿਰੋਧੀ ਪਾਰਟੀਆਂ ਦਾ ਦਬਾਅ ਹੈ ਤੇ ਉਹ ਕਿਸਾਨਾਂ ਦੀ ਜ਼ਮੀਨ ਐਕਵਾਇਰ ਨਹੀਂ ਕਰ ਪਾ ਰਹੀ, ਜਿਹੜੀ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਨੇ ਕਿਸਾਨਾਂ ਨੂੰ ਵਾਪਸ ਕਰ ਦਿੱਤੀ ਸੀ।

ਸੁਪਰੀਮ ਕੋਰਟ ਵਿੱਚ ਹੋਈ ਦਲੀਲਬਾਜ਼ੀ ਨੂੰ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੀ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਸੀਂ ਮਾਣ ਨਾਲ ਕਹਿੰਦੇ ਹਾਂ ਕਿ ਅਸੀਂ SYL ਨਹਿਰ ਦੀ ਉਸਾਰੀ ਦਾ ਵਿਰੋਧ ਕੀਤਾ ਸੀ, ਜੋ ਸਿਰਫ ਸਾਡੀਆਂ ਲਾਸ਼ਾਂ ’ਤੇ ਹੀ ਬਣ ਸਕਦੀ ਹੈ। 

ਜਿਸ ਤੋਂ ਬਾਅਦ ਹੁਣ CM ਭਗਵੰਤ ਮਾਨ ਨੇ ਆਪਣੇ ਅਧਿਕਾਰਿਤ X (ਟਵਿੱਟਰ) ਹੈਂਡਲ ਰਾਹੀਂ ਇਹ ਜਾਣਕਾਰੀ ਦਿੱਤੀ ਕਿ ਸਰਕਾਰ ਜਲਦ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਬੁਲਾਉਣ ਦੀ ਤਿਆਰੀ ਕਰ ਰਹੀ ਹੈ। ਇਸੇ ਮੀਟਿੰਗ ਵਿੱਚ ਪੰਜਾਬ ਦੇ ਨਵੇਂ ਏ.ਜੀ. ਦੇ ਨਾਮ ਨੂੰ ਵੀ ਕੈਬਨਿਟ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਸੀਨੀਅਰ ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਦੇ ਨਾਮ ਨੂੰ ਨਵੇਂ AG ਵਜੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ।   

ਉੱਥੇ ਹੀ ‘ਆਪ’ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਵਿੱਚ ਪਾਣੀਆਂ ਦੀ ਸਥਿਤੀ ਹੁਣ 50 ਸਾਲ ਪਹਿਲਾਂ ਵਰਗੀ ਨਹੀਂ ਰਹੀ। ਅੱਜ ਪੰਜਾਬ ਖੁਦ ਪਾਣੀ ਦੀ ਸਮੱਸਿਆ ਨਾਲ ਜੂਝ ਰਿਹਾ ਹੈ। ਹਾਲ ਹੀ ਵਿੱਚ ਉੱਤਰੀ ਜ਼ੋਨ ਕੌਂਸਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਇਹ ਵੀ ਕਿਹਾ ਸੀ ਕਿ ਪੰਜਾਬ ਹੋਰ ਰਾਜਾਂ ਨੂੰ ਵਾਧੂ ਪਾਣੀ ਨਹੀਂ ਦੇ ਸਕਦਾ।

ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇਸ ਮਾਮਲੇ 'ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ SYL 'ਤੇ ਪੰਜਾਬ ਸਰਕਾਰ ਦਾ ਸਟੈਂਡ ਸਪੱਸ਼ਟ ਹੈ ਅਤੇ ਪੰਜਾਬ ਹੋਰ ਸੂਬਿਆਂ ਨੂੰ ਵਾਧੂ ਪਾਣੀ ਦੀ ਇਕ ਬੂੰਦ ਵੀ ਦੇਣ ਦੀ ਸਥਿਤੀ 'ਚ ਨਹੀਂ ਹੈ। 

ਇਸ ਮਾਮਲੇ 'ਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਗੰਭੀਰ ਮੁੱਦੇ ਬਾਰੇ ਤੁਰੰਤ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਹੈ। ਬਾਜਵਾ ਨੇ ਕਿਹਾ ਕਿ ਇਸ ਏਜੰਡੇ 'ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਣਾ ਚਾਹੀਦਾ ਹੈ ਤਾਂ ਜੋ ਅਗਲੀ ਰਣਨੀਤੀ ਤੈਅ ਕੀਤੀ ਜਾ ਸਕੇ।

ਇਹ ਵੀ ਪੜ੍ਹੋ: ਪੰਜਾਬ ਨੂੰ ਮਿਲਿਆ ਨਵੇਂ ਏ.ਜੀ, ਗੁਰਮਿੰਦਰ ਸਿੰਘ ਦੇ ਨਾਂ ਨੂੰ ਕੈਬਨਿਟ ਨੇ ਦਿੱਤੀ ਪ੍ਰਵਾਨਗੀ

Related Post