ਪਿਛਲੇ 4 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਮੁਲਾਜ਼ਮਾਂ ਵੱਲੋਂ ਰੋਸ ਮੁਜ਼ਾਹਰਾ

By  Ravinder Singh November 10th 2022 12:22 PM -- Updated: November 10th 2022 01:56 PM

ਚੰਡੀਗੜ੍ਹ : ਅੱਜ ਹੱਕੀ ਮੰਗਾਂ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮ ਪਾਣੀ ਵਾਲੀਆਂ ਟੈਂਕੀਆਂ ਉਤੇ ਚੜ੍ਹ ਗਏ ਹਨ। ਪਿਛਲੇ 4 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਗੁਰਦਾਸਪੁਰ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਨੇ ਪਾਣੀ ਦੀ ਟੈਂਕੀ ਉਤੇ ਚੜ੍ਹ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।


ਪੁਲਿਸ ਪ੍ਰਸ਼ਾਸਨ ਨੇ ਮੁਜ਼ਾਹਰਾਕਾਰੀਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਆਪਣੀਆਂ ਮੰਗਾਂ ਉਤੇ ਅੜੇ ਰਹੇ। ਇਸ ਤੋਂ ਇਲਾਵਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਰਮਚਾਰੀਆਂ ਨੇ ਅੱਜ ਹੁਸ਼ਿਆਰਪੁਰ ਦੇ ਜਲੰਧਰ ਰੋਡ ਉਤੇ ਪੈਂਦੇ ਪੋਲੀਟੈਕਨੀਕਲ ਕਾਲਜ ਦੀ ਟੈਂਕੀ ਉਤੇ ਚੜ੍ਹ ਰੋਸ ਪ੍ਰਦਰਸ਼ਨ ਕੀਤਾ। ਕਰਮਚਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਦੇ ਮੰਤਰੀ ਬ੍ਰਮ ਸ਼ੰਕਰ ਜਿੰਪਾ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੇ ਹਨ ਤੇ ਨਾ ਤਾਂ ਟਾਈਮ ਦੇਣ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਉਨ੍ਹਾਂ ਨੂੰ ਮੀਟਿੰਗ ਦਾ ਸਮਾਂ ਦੇ ਰਹੇ ਹਨ ਅਤੇ ਨਾ ਹੀ ਉਨ੍ਹਾਂ ਦੀਆਂ ਤਨਖਾਹਾਂ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਉਨ੍ਹਾਂ ਕਿਹਾ ਕਿ ਕਈ ਵਾਰ ਮੀਟਿੰਗਾਂ ਦਾ ਲਾਰਾ ਲਾ ਕੇ ਵੀ ਸਰਕਾਰ ਨੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਲਈ ਕੋਈ ਗੱਲ ਨਹੀਂ ਤੋਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਡੀ ਯੂਨੀਅਨ ਨਾਲ ਇਕ ਵੀ ਮੀਟਿੰਗ ਨਹੀਂ ਕੀਤੀ ਗਈ, ਪੱਕਾ ਕਰਨਾ ਤਾਂ ਦੂਰ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਕੱਚੇ ਕਾਮਿਆਂ ਨੂੰ ਆਪਣੀ ਆਵਾਜ਼ ਪੰਜਾਬ ਦੇ ਮੁੱਖ ਮੰਤਰੀ ਤਕ ਪਹੁੰਚਾਉਣ ਲਈ ਪਾਣੀ ਦੀਆਂ ਟੈਂਕੀਆਂ 'ਤੇ ਚੜ੍ਹਨਾ ਪਿਆ ਹੈ ।

ਇਹ ਵੀ ਪੜ੍ਹੋ : ਬਰਗਾੜੀ ਬੇਅਦਬੀ ਮਾਮਲੇ ਦੇ ਮੁਲਜ਼ਮ ਦੀ ਗੋਲ਼ੀਆਂ ਮਾਰ ਕੇ ਕੀਤੀ ਹੱਤਿਆ

Related Post