'ਪੰਜਾਬ ਬਚਾਓ ਯਾਤਰਾ' ਕਾਂਗਰਸ ਤੇ 'ਆਪ' ਦੇ ਅਨੈਤਿਕ ਗਠਜੋੜ ਨੂੰ ਬੇਨਕਾਬ ਕਰਨ 'ਚ ਕਾਮਯਾਬ ਰਹੀ: ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ ਨੇ ਸਪਸ਼ਟ ਕੀਤਾ ਕਿ ਭਾਜਪਾ ਕੇਂਦਰ ਵਿਚ ਅਗਲੀ ਸਰਕਾਰ ਨਹੀਂ ਬਣਾ ਸਕੇਗੀ। ਉਨ੍ਹਾਂ ਕਿਹਾ ਕਿ ਖੇਤਰੀ ਪਾਰਟੀਆਂ ਅਗਲੀ ਸਰਕਾਰ ਬਣਾਉਣ ਵਿਚ ਅਹਿਮ ਭੂਮਿਕਾ ਅਦਾ ਕਰਨਗੀਆਂ, ਕਿਉਂਕਿ ਭਾਜਪਾ ਦਾ ਕਿਲ੍ਹਾ ਉੱਤਰੀ ਭਾਰਤ ਢਹਿ ਰਿਹਾ ਹੈ।

By  KRISHAN KUMAR SHARMA May 14th 2024 08:15 PM

ਰੋਪੜ/ਚਮਕੌਰ ਸਾਹਿਬ:  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਪੰਜਾਬ ਬਚਾਓ ਯਾਤਰਾ (Punjab Bachao Yatra) ਸਮਾਪਤ ਕੀਤੀ। ਉਨ੍ਹਾਂ ਨੇ 1 ਫਰਵਰੀ 2024 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਕੇ ਇਹ ਯਾਤਰਾ ਸ਼ੁਰੂ ਕੀਤੀ ਸੀ ਜਿਸ ਦੌਰਾਨ 80 ਹਲਕਿਆਂ ਵਿਚ ਉਨ੍ਹਾਂ 3200 ਕਿਲੋਮੀਟਰ ਦਾ ਸਫਰ ਤੈਅ ਕੀਤਾ। ਸੁਖਬੀਰ ਸਿੰਘ ਬਾਦਲ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣ ਲੜ ਰਹੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਹੇ ਸਨ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਮੇਰੇ ਚੰਗੇ ਭਾਗ ਹਨ ਕਿ ਲੋਕਾਂ ਨੇ ਉਨ੍ਹਾਂ ਦਾ ਸਾਥ ਦਿੱਤਾ ਤੇ ਆਪਣੀਆਂ ਤਕਲੀਫਾਂ ਤੇ ਸ਼ਿਕਾਇਤਾਂ ਸਾਨੂੰ ਦੱਸੀਆਂ। ਉਨ੍ਹਾਂ ਕਿਹਾ ਕਿ ਮੈਂ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਅਰਦਾਸ ਕੀਤੀ ਕੀਤੀ ਕਿ ਉਹ ਮੈਨੂੰ ਅਤੇ ਮੇਰੀ ਪਾਰਟੀ ਨੂੰ ਤਾਕਤ ਦੇਣ ਤਾਂ ਜੋ ਅਸੀਂ ਗੁਰੂ ਸਾਹਿਬ ਦੇ ਦੱਸੇ ਸਰਬੱਤ ਦੇ ਭਲੇ ਦੇ ਸਿਧਾਂਤ ਅਨੁਸਾਰ ਪੰਜਾਬੀਆਂ ਦੇ ਹਾਲਾਤ ਸੁਧਾਰਣ ਵਾਸਤੇ ਕੰਮ ਕਰ ਸਕਣ।

ਅਕਾਲੀ ਦਲ ਦੇ ਪ੍ਰਧਾਨ ਜਿਨਾਂ ਨੇ ਪੰਜਾਬ ਬਚਾਓ ਯਾਤਰਾ ਦੀ ਅਗਵਾਈ ਕਰਦਿਆਂ ਚਮਕੌਰ ਸਾਹਿਬ ਤੇ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕਿਆਂ ਦਾ ਦੌਰਾਨ ਕੀਤਾ, ਜਿਸ ਦੌਰਾਨ ਲੋਕਾਂ ਨੇ ਉਹਨਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਤੇ ਸੜਕਾਂ ’ਤੇ ਹਜ਼ਾਰਾਂ ਲੋਕਾਂ ਨੇ ਨਿਤਰ ਕੇ ਉਹਨਾਂ ਦਾ ਸਵਾਗਤ ਕੀਤਾ ਤੇ ਉਨ੍ਹਾਂ ਦੇ ਵਿਚਾਰ ਸੁਣੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਤਬਦੀਲੀ ਦੀ ਹਵਾ ਵੱਗ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਅਤੇ ਇਹਨਾਂ ਦੇ ਅਨੈਤਿਕ ਗਠਜੋੜ ਨੂੰ ਬੇਨਕਾਬ ਕਰਨ ਵਿਚ ਸਫਲ ਹੋਏ ਹਾਂ ਤੇ ਲੋਕ ਇਹ ਮੰਨ ਰਹੇ ਹਨ ਕਿ ਅਸੀਂ ਭਾਜਪਾ ਜਿਸਦੀ ਕੇਂਦਰ ਸਰਕਾਰ ਸਾਡੇ ਕਿਸਾਨਾਂ ਨਾਲ ਵਿਤਕਰਾ ਕਰ ਰਹੀ ਹੈ ਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ, ਨਾਲ ਗਠਜੋੜ ਨਾ ਕਰ ਕੇ ਸਹੀ ਕੀਤਾ।

ਉਨ੍ਹਾਂ ਨੇ ਕਿਹਾ ਕਿ ਸੂਬੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਵਾਸਤੇ ਅਕਾਲੀ ਦਲ ਲਈ ਵੋਟਾਂ ਪਾਉਣੀਆਂ ਜ਼ਰੂਰੀ ਹਨ।ਉਨ੍ਹਾਂ ਕਿਹਾ ਕਿ ਪਿਛਲੇ ਸੱਤ ਸਾਲਾਂ ਦੌਰਾਨ ਕਾਂਗਰਸ ਤੇ ਆਪ ਦੇ ਰਾਜ ਵਿਚ ਸਾਰੇ ਵਿਕਾਸ ਕਾਰਜ ਠੱਪ ਹੋ ਗਏ ਹਨ। ਉਨ੍ਹਾਂ ਕਿਹਾ ਕਿ ਕਮਜ਼ੋਰ ਵਰਗਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਤੇ ਸਾਰੀਆਂ ਸਮਾਜ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਦੀ ਸਰਕਾਰ ਵੇਲੇ ਨਾ ਸਿਰਫ ਕਿਸਾਨਾਂ ਨੂੰ ਮੁਫਤ ਬਿਜਲੀ ਦਿੱਤੀ ਗਈ ਬਲਕਿ ਬੁਢਾਪਾ ਪੈਨਸ਼ਨ, ਆਟਾ ਦਾਲ ਤੇ ਸ਼ਗਨ ਵਰਗੀਆਂ ਸਮਾਜ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ।

ਸੁਖਬੀਰ ਸਿੰਘ ਬਾਦਲ ਨੇ ਸਪਸ਼ਟ ਕੀਤਾ ਕਿ ਭਾਜਪਾ ਕੇਂਦਰ ਵਿਚ ਅਗਲੀ ਸਰਕਾਰ ਨਹੀਂ ਬਣਾ ਸਕੇਗੀ। ਉਨ੍ਹਾਂ ਕਿਹਾ ਕਿ ਖੇਤਰੀ ਪਾਰਟੀਆਂ ਅਗਲੀ ਸਰਕਾਰ ਬਣਾਉਣ ਵਿਚ ਅਹਿਮ ਭੂਮਿਕਾ ਅਦਾ ਕਰਨਗੀਆਂ। ਭਾਜਪਾ ਦਾ ਕਿਲ੍ਹਾ ਉੱਤਰੀ ਭਾਰਤ ਢਹਿ ਰਿਹਾ ਹੈ, ਪਾਰਟੀ ਦਾ ਹਰਿਆਣਾ ਵਿਚ ਬਾਈਕਾਟ ਕੀਤਾ ਜਾ ਰਿਹਾ ਹੈ ਅਤੇ ਬਿਹਾਰ ਵਿਚ ਬੁਰੀ ਤਰ੍ਹਾਂ ਹਾਰ ਹੋ ਰਹੀ ਹੈ। ਮਹਾਰਾਸ਼ਟਰ ਵਿਚ ਲੋਕਾਂ ਨੇ ਭਾਜਪਾ ਨੂੰ ਮੁਕੰਮਲ ਤੌਰ ’ਤੇ ਰੱਦ ਕਰ ਦਿੱਤਾ ਹੈ ਕਿਉਂਕਿ ਇਸਨੇ ਸ਼ਿਵ ਸੈਨਾ ਤੇ ਐਨ ਸੀ ਪੀ ਨੂੰ ਤੋੜਿਆ। ਪ੍ਰਧਾਨ ਮੰਤਰੀ ਦੇ ਬਿਆਨਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਦੇਸ਼ ਦੀ ਏਕਤਾ ਨੂੰ ਭੰਗ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਭਾਈਚਾਰਾ ਜੋ ਦੇਸ਼ ਦੀ ਆਬਾਦੀ ਦਾ ਇਕ ਫੀਸਦੀ ਹੈ, ਦੇ ਵੀ ਉਨੇ ਹੀ ਅਧਿਕਾਰ ਹਨ ਜਿੰਨੇ ਬਹੁ ਗਿਣਤੀ ਦੇ ਹਨ।

Related Post