China Dor: ਪਤੰਗ ਨੂੰ ਚਾਈਨਾ ਡੋਰ ਨਾਲ ਉਡਾਉਣ ਵਾਲੇ ਹੋ ਜਾਓ ਸਾਵਧਾਨ, ਪੰਜਾਬ ਸਰਕਾਰ ਨੇ ਜਾਰੀ ਕੀਤੇ ਇਹ ਸਖ਼ਤ ਹੁਕਮ

ਚਾਈਨਾ ਡੋਰ ਦੀ ਵਰਤੋਂ ਨਾਲ ਵਾਪਰਦੀਆਂ ਦੁਰਘਟਨਾਵਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਇਸ ਦੀ ਪਾਬੰਦੀ ਦੇ ਜਾਰੀ ਹੁਕਮਾਂ ਨੂੰ ਹੋਰ ਪ੍ਰਭਾਵਸ਼ਾਲੀ ਤੇ ਸਖਤੀ ਨਾਲ ਲਾਗੂ ਕਰਨ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

By  Aarti July 6th 2023 09:43 AM

ਰਵਿੰਦਰਮੀਤ, (ਚੰਡੀਗੜ੍ਹ, 6 ਜੁਲਾਈ): ਚਾਈਨਾ ਡੋਰ ਦੀ ਵਰਤੋਂ ਨਾਲ ਵਾਪਰਦੀਆਂ ਦੁਰਘਟਨਾਵਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਇਸ ਦੀ ਪਾਬੰਦੀ ਦੇ ਜਾਰੀ ਹੁਕਮਾਂ ਨੂੰ ਹੋਰ ਪ੍ਰਭਾਵਸ਼ਾਲੀ ਤੇ ਸਖਤੀ ਨਾਲ ਲਾਗੂ ਕਰਨ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਤੰਗ ਉਡਾਉਣ ਲਈ ਸਿਰਫ ਸੂਤੀ ਧਾਗੇ ਦੀ ਹੀ ਵਰਤੋਂ ਕੀਤੀ ਜਾ ਸਕਦੀ ਹੈ ਅਤੇ ਚਾਈਨਾ ਡੋਰ ਦੀ ਵਰਤੋਂ ਖਿਲਾਫ ਸ਼ਿਕਾਇਤ ਉੱਪਰ ਕਾਰਵਾਈ ਕਰਨ ਦੀਆਂ ਸ਼ਕਤੀਆਂ ਹੇਠਲੇ ਪੱਧਰ ਉਤੇ ਦਿੰਦਿਆਂ ਇਸ ਦੀ ਵਰਤੋਂ ’ਤੇ ਸਜ਼ਾਯਾਫ਼ਤਾ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਇਸ ਕਾਰਨ ਚੁੱਕਿਆ ਇਹ ਕਦਮ 

ਇਸ ਸਬੰਧੀ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸਰਕਾਰ ਵੱਲੋਂ ਫਿਰੋਜ਼ਪੁਰ ਵਿਖੇ ਚਾਈਨਾ ਡੋਰ ਨਾਲ ਵਾਪਰੀ ਘਟਨਾ ਦਾ ਗੰਭੀਰ ਨੋਟਿਸ ਲਿਆ ਗਿਆ ਅਤੇ ਇਸ ਸਬੰਧੀ ਸਾਇੰਸ ਤਕਨਾਲੋਜੀ ਤੇ ਵਾਤਾਵਰਣ ਵਿਭਾਗ ਵੱਲੋਂ ਅੱਜ ਬਾਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਚਾਈਨਾ ਡੋਰ ਨਾਲ ਵਾਪਰਦੀਆਂ ਘਟਨਾਵਾਂ ਨੂੰ ਲੈ ਕੇ ਬਹੁਤ ਗੰਭੀਰ ਹੈ ਅਤੇ ਇਸ ਦੀ ਪੂਰਨ ਪਾਬੰਦੀ ਦੇ ਹੁਕਮ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।

ਸਜ਼ਾ ਤੇ ਲੱਗੇਗਾ ਜੁਰਮਾਨਾ 

ਵਾਤਾਵਰਣ ਮੰਤਰੀ ਨੇ ਦੱਸਿਆ ਕਿ ਚਾਈਨਾ ਡੋਰ ਦੀ ਪਾਬੰਦੀ ਸੰਬੰਧੀ ਸੂਬਾ ਸਰਕਾਰ ਵੱਲੋਂ 23 ਫਰਵਰੀ 2018 ਨੂੰ ਜਾਰੀ ਨੋਟੀਫਿਕੇਸ਼ਨ ਵਿੱਚ ਕੁਝ ਕਮੀਆਂ ਸਨ। ਹੁਣ ਨਵੇਂ ਜਾਰੀ ਹੁਕਮਾਂ ਵਿੱਚ ਇਨਾਂ ਕਮੀਆਂ ਨੂੰ ਦੂਰ ਕੀਤਾ ਗਿਆ ਹੈ। ਨਵੇਂ ਹੁਕਮਾਂ ਤਹਿਤ ਚਾਈਨਾ ਡੋਰ, ਕੰਚ ਜਾਂ ਹੋਰ ਧਾਤੂ ਦੇ ਪਾਊਡਰ ਨਾਲ ਬਣੀ ਡੋਰ ਉਪਰ ਪੂਰਨ ਪਾਬੰਦੀ ਲਗਾਉਂਦੇ ਹੋਏ ਸਿਰਫ ਸੂਤੀ ਧਾਗੇ ਨਾਲ ਪਤੰਗ ਉਡਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਨਵੀਂ ਅਧਿਸੂਚਨਾ ਨੂੰ ਲਾਗੂ ਕਰਨ ਅਤੇ ਦੋਸੀ ਖਿਲਾਫ ਕਾਰਵਾਈ ਕਰਨ ਲਈ ਸਪਸ਼ਟ ਅਧਿਕਾਰ ਦਿੱਤੇ ਗਏ ਹਨ।  ਚਾਈਨਾ ਡੋਰ ਦੀ ਪੂਰਨ ਪਾਬੰਦੀ ਸਬੰਧੀ ਇਨਵਾਰਨਮੈਂਟ (ਪ੍ਰੋਟੈਕਸ਼ਨ) ਐਕਟ, 1986 ਦੀ ਧਾਰਾ 5 ਅਧੀਨ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਨਾਂ ਦੀ ਉਲੰਘਣਾ ਲਈ 5 ਸਾਲ ਤੱਕ ਦੀ ਸਜ਼ਾ ਅਤੇ ਇੱਕ ਲੱਖ ਰੁਪਏ ਤੱਕ ਜੁਰਮਾਨਾ ਜਾਂ ਦੋਵੇ ਹੋ ਸਕਦੇ ਹਨ। 

ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ 

ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਕਾਰਜਕਾਰੀ ਮੈਜਿਸਟ੍ਰੇਟ, ਮਾਲ ਮਹਿਕਮੇ ਦੇ ਤਹਿਸੀਲਦਾਰ ਅਤੇ ਉੱਚ ਅਧਿਕਾਰੀ, ਵਣ ਵਿਭਾਗ ਦੇ ਜੰਗਲੀ ਜੀਵ ਇੰਸਪੈਕਟਰ ਅਤੇ ਉੱਚ ਅਧਿਕਾਰੀ, ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਅਤੇ ਉੱਚ ਅਧਿਕਾਰੀ, ਸਥਾਨਕ ਸਰਕਾਰਾਂ ਦੇ ਦਰਜਾ ਸੀ ਕਰਮਚਾਰੀ ਅਤੇ ਉੱਚ ਅਧਿਕਾਰੀ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਸਹਾਇਕ ਵਾਤਾਵਰਣ ਇੰਜੀਨੀਅਰ ਅਤੇ ਉੱਚ ਅਧਿਕਾਰੀਆਂ ਨੂੰ ਉਕਤ ਹਦਾਇਤਾਂ ਨੂੰ ਸੂਬੇ ਵਿੱਚ ਲਾਗੂ ਕਰਨ ਲਈ ਅਧਿਕਾਰ ਦਿੱਤੇ ਗਏ ਹਨ। ਉਨਾਂ ਅੱਗੇ ਦੱਸਿਆ ਕਿ ਸਬੰਧਤ ਮਹਿਕਮਿਆਂ ਨੂੰ ਪਾਬੰਦੀ ਸਬੰਧੀ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਬਹੁਮੁਲੀਆਂ ਮਨੁੱਖੀ ਜਾਨਾਂ ਨੂੰ ਬਚਾਉਣ ਦੇ ਨਾਲ-ਨਾਲ ਪਸ਼ੁ, ਪੰਛੀਆਂ ਆਦਿ ਦੀ ਰੱਖਿਆ ਵੀ ਯਕੀਨੀ ਬਨਾਈ ਜਾ ਸਕੇ। 

ਮੰਤਰੀ ਦੀ ਲੋਕਾਂ ਨੂੰ ਅਪੀਲ 

ਵਾਤਾਵਰਣ ਮੰਤਰੀ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਪਤੰਗ ਉਡਾਉਣ ਲਈ ਚਾਈਨਾ ਡੋਰ ਦਾ ਇਸਤੇਮਾਲ ਨਾ ਕੀਤਾ ਜਾਵੇ ਅਤੇ ਨਾਲ ਹੀ ਦੁਕਾਨਦਾਰ ਅਤੇ ਆਨਲਾਈਨ ਸਟੋਰ ਇਸ ਨੂੰ ਵੇਚਣ ਤੋਂ ਗੁਰੇਜ਼ ਕਰਨ। 

ਇਹ ਵੀ ਪੜ੍ਹੋ: ਜਿਸ ਪੰਜਾਬ 'ਚ 'ਧੀਆਂ ਸਭਨਾ ਦੀਆਂ ਸਾਂਝੀਆਂ' ਸਨ; ਹੁਣ ਨਸ਼ੇ ਦੀ ਪੂਰਤੀ ਲਈ ਕਰਦੀਆਂ ਜਿਸਮਫਰੋਸ਼ੀ ਦਾ ਧੰਦਾ

Related Post