AAP MLA ਜਸਵੰਤ ਸਿੰਘ ਨੂੰ ਝਟਕਾ, ਹਾਈਕੋਰਟ ਨੇ ਕਿਹਾ- ED ਨੇ ਕਾਨੂੰਨ ਤਹਿਤ ਕੀਤੀ ਗ੍ਰਿਫ਼ਤਾਰੀ

AAP MLA Jaswant Singh Case Update: ਸੋਮਵਾਰ ਚੁਣੌਤੀ ਪਟੀਸ਼ਨ 'ਤੇ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਵਿਧਾਇਕ ਦੀ ਗ੍ਰਿਫਤਾਰੀ ਵਿੱਚ ਕਿਸੇ ਵੀ ਵਿਵਸਥਾ ਦੀ ਉਲੰਘਣਾ ਨਹੀਂ ਹੋਈ, ਗ੍ਰਿਫਤਾਰੀ ਨਿਰਧਾਰਤ ਕਾਨੂੰਨ ਤਹਿਤ ਹੀ ਕੀਤੀ ਗਈ ਹੈ।

By  KRISHAN KUMAR SHARMA May 27th 2024 08:40 PM

AAP MLA Jaswant Singh Case Update: ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਗ੍ਰਿਫ਼ਤਾਰੀ ਨੂੰ ਨਿਰਧਾਰਤ ਕਾਨੂੰਨ ਤਹਿਤ ਕੀਤੀ ਗਈ ਦੱਸਦਿਆਂ ਵਿਧਾਇਕ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ।

ਦਈਏ ਕਿ ਵਿਧਾਇਕ 'ਤੇ 40 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਦੋਸ਼ ਹੈ। ਏਜੰਸੀ ਪਹਿਲਾਂ ਵੀ ਕਈ ਵਾਰ ਜਾਂਚ ਕਰ ਚੁੱਕੀ ਹੈ। ਇਸ ਤੋਂ ਪਹਿਲਾਂ ਈਡੀ ਨੇ ਸਤੰਬਰ ਮਹੀਨੇ 2023 ਨੂੰ ਜਸਵੰਤ ਸਿੰਘ ਗੱਜਣ ਮਾਜਰਾ ਦੇ ਘਰ ਛਾਪਾ ਮਾਰਿਆ ਸੀ। ਈਡੀ ਦੇ ਅਧਿਕਾਰੀਆਂ ਨੇ ਕਰੀਬ 14 ਘੰਟੇ ਤੱਕ ਉਸ ਦੇ ਘਰ ਦੀ ਤਲਾਸ਼ੀ ਲਈ। ਸੂਤਰਾਂ ਅਨੁਸਾਰ ਈਡੀ ਨੇ ਇਸ ਤੋਂ ਪਹਿਲਾਂ ਮਾਜਰਾ ਨੂੰ ਸਿਰਫ਼ ਪੁੱਛਗਿੱਛ ਲਈ ਬੁਲਾਇਆ ਸੀ। ਪਰ ਸੋਮਵਾਰ ਨੂੰ ਈਡੀ ਨੇ ਉਸਨੂੰ ਅਚਾਨਕ ਹਿਰਾਸਤ ਵਿੱਚ ਲੈ ਲਿਆ ਸੀ। ਉਪਰੰਤ ਵਿਧਾਇਕ ਜਸਵੰਤ ਸਿੰਘ ਨੇ ਆਪਣੀ ਗ੍ਰਿਫਤਾਰੀ ਅਤੇ ਉਸ ਤੋਂ ਬਾਅਦ ਜਾਰੀ ਰਿਮਾਂਡ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ।

ਸੋਮਵਾਰ ਚੁਣੌਤੀ ਪਟੀਸ਼ਨ 'ਤੇ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਵਿਧਾਇਕ ਦੀ ਗ੍ਰਿਫਤਾਰੀ ਵਿੱਚ ਕਿਸੇ ਵੀ ਵਿਵਸਥਾ ਦੀ ਉਲੰਘਣਾ ਨਹੀਂ ਹੋਈ, ਗ੍ਰਿਫਤਾਰੀ ਨਿਰਧਾਰਤ ਕਾਨੂੰਨ ਤਹਿਤ ਹੀ ਕੀਤੀ ਗਈ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਜਸਵੰਤ ਸਿੰਘ ਗੱਜਣਮਾਜਰਾ ਪਾਰਟੀ ਦੇ ਅਮਰਗੜ੍ਹ ਤੋਂ ਵਿਧਾਇਕ ਹਨ, ਜਿਨ੍ਹਾਂ 'ਤੇ ਆਪਣੀ ਕੰਪਨੀ- ਤਾਰਾ ਕਾਰਪੋਰੇਸ਼ਨ ਲਿਮਟਿਡ ਰਾਹੀਂ ਬੈਂਕ ਨਾਲ 40 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਹੈ।

ਈਡੀ ਨੇ ਉਸ ਨੂੰ ਪਹਿਲਾਂ ਚਾਰ ਤੋਂ ਪੰਜ ਵਾਰ ਤਲਬ ਕੀਤਾ ਸੀ ਪਰ ਉਹ ਜਾਂਚ ਵਿੱਚ ਸ਼ਾਮਲ ਨਹੀਂ ਹੋ ਰਿਹਾ ਸੀ, ਜਿਸ ਤੋਂ ਬਾਅਦ ਈਡੀ ਨੇ ਉਸ ਨੂੰ ਪਿਛਲੇ ਸਾਲ ਨਵੰਬਰ ਵਿੱਚ ਗ੍ਰਿਫ਼ਤਾਰ ਕਰ ਲਿਆ ਸੀ। ਉਸ ਨੇ ਇਸ ਗ੍ਰਿਫ਼ਤਾਰੀ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ, ਜਿਸ ਨੂੰ ਹੁਣ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ।

1 ਰੁਪਏ ਤਨਖਾਹ ਲੈਣ ਦੇ ਆਪਣੇ ਬਿਆਨ ਨਾਲ ਸੁਰਖੀਆਂ 'ਚ ਆਏ ਸਨ ਵਿਧਾਇਕ 

'ਆਪ' ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਉਸ ਸਮੇਂ ਸੁਰਖੀਆਂ 'ਚ ਆ ਗਏ, ਜਦੋਂ ਉਨ੍ਹਾਂ ਨੇ ਸਿਰਫ ਇਕ ਰੁਪਏ ਦੀ ਤਨਖਾਹ ਲੈਣ ਦਾ ਐਲਾਨ ਕੀਤਾ। ਗੱਜਣਮਾਜਰਾ ਨੇ ਕਿਹਾ ਸੀ ਕਿ ਪੰਜਾਬ ਵਿੱਤੀ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਇਸ ਲਈ ਮੈਂ ਵਿਧਾਇਕ ਹੋਣ ਦੇ ਨਾਤੇ ਇਕ ਰੁਪਏ ਦੀ ਤਨਖਾਹ ਲਵਾਂਗਾ। ਚੋਣ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੂੰ ਹਰਾਇਆ।

Related Post