ਜਬਰ-ਜਨਾਹ ਮਾਮਲੇ AIG ਆਸ਼ੀਸ਼ ਕਪੂਰ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ,ਜਾਣੋ ਪੂਰਾ ਮਾਮਲਾ
ਚੰਡੀਗੜ੍ਹ: ਪੀਪੀਐਸ ਆਸ਼ੀਸ਼ ਕਪੂਰ ਨੇ ਬਲਾਤਕਾਰ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਕੈਂਸਲੇਸ਼ਨ ਰਿਪੋਰਟ ਖ਼ਿਲਾਫ਼ ਪੀੜਤ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਸ਼ਿਕਾਇਤ ਅਥਾਰਟੀ ਵੱਲੋਂ ਮੁੜ ਜਾਂਚ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਪਟੀਸ਼ਨਕਰਤਾ ਨੇ ਕਿਹਾ ਕਿ ਅਥਾਰਟੀ ਨੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਇਹ ਹੁਕਮ ਜਾਰੀ ਕੀਤਾ ਹੈ। ਹਾਈ ਕੋਰਟ ਨੇ ਹੁਣ ਕਪੂਰ ਨੂੰ 2022 ਵਿੱਚ ਅਥਾਰਟੀ ਦੇ ਹੁਕਮਾਂ ਤੋਂ ਬਾਅਦ ਦਰਜ ਕੀਤੀ ਗਈ ਐਫਆਈਆਰ ਵਿੱਚ ਕੋਈ ਹੋਰ ਕਾਰਵਾਈ ਕਰਨ ਤੋਂ ਰੋਕ ਕੇ ਵੱਡੀ ਰਾਹਤ ਦਿੱਤੀ ਹੈ।
ਪੰਜਾਬ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਏਆਈਜੀ ਆਸ਼ੀਸ਼ ਕਪੂਰ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ। ਮਾਮਲਾ 2016 ਦਾ ਹੈ ਜਦੋਂ ਉਹ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਸੁਪਰਡੈਂਟ ਵਜੋਂ ਤਾਇਨਾਤ ਸੀ। ਇਲਜ਼ਾਮ ਅਨੁਸਾਰ ਪੂਨਮ ਰਾਜਨ ਆਪਣੀ ਮਾਂ ਪ੍ਰੇਮ ਲਤਾ, ਭਰਾ ਕੁਲਦੀਪ ਸਿੰਘ ਅਤੇ ਭਰਜਾਈ ਪ੍ਰੀਤੀ ਦੇ ਨਾਲ ਜ਼ੀਰਕਪੁਰ ਦੇ ਇੱਕ ਥਾਣੇ ਵਿੱਚ ਪੁਲਿਸ ਰਿਮਾਂਡ ਵਿੱਚ ਸੀ। ਫਿਰ ਆਸ਼ੀਸ਼ ਕਪੂਰ ਉਥੇ ਆਏ ਅਤੇ ਰਾਜਨ ਦੀ ਮਾਂ ਪ੍ਰੇਮ ਲਤਾ ਨੂੰ ਭਰੋਸਾ ਦਿਵਾਇਆ ਕਿ ਉਹ ਅਦਾਲਤ ਤੋਂ ਉਸਦੀ ਜ਼ਮਾਨਤ ਅਤੇ ਬਰੀ ਹੋਣ ਦਾ ਪ੍ਰਬੰਧ ਕਰਨਗੇ।
ਆਸ਼ੀਸ਼ ਕਪੂਰ ਨੇ ਜ਼ੀਰਕਪੁਰ ਦੇ ਤਤਕਾਲੀ ਐਸਐਚਓ ਪਵਨ ਕੁਮਾਰ ਅਤੇ ਏਐਸਆਈ ਹਰਜਿੰਦਰ ਸਿੰਘ ਦੀ ਮਿਲੀਭੁਗਤ ਨਾਲ ਪ੍ਰੀਤੀ ਨੂੰ ਬੇਕਸੂਰ ਕਰਾਰ ਦਿੱਤਾ ਸੀ। ਇਨ੍ਹਾਂ ਮਾਮਲਿਆਂ ਦੀ ਜਾਂਚ ਦੌਰਾਨ ਪੀੜਤਾ ਨੇ ਆਸ਼ੀਸ਼ ਕਪੂਰ 'ਤੇ ਬਲਾਤਕਾਰ ਦਾ ਦੋਸ਼ ਲਗਾਇਆ ਸੀ। ਇਸ ਤੋਂ ਬਾਅਦ, ਪੁਲਿਸ ਨੇ ਇਸ ਮਾਮਲੇ ਵਿੱਚ ਰੱਦ ਕਰਨ ਦੀ ਰਿਪੋਰਟ ਦਾਇਰ ਕੀਤੀ ਸੀ ਜੋ ਅਜੇ ਵੀ ਹੇਠਲੀ ਅਦਾਲਤ ਵਿੱਚ ਵਿਚਾਰ ਅਧੀਨ ਸੀ। ਇਸ ਦੌਰਾਨ ਪੀੜਤਾ ਨੇ ਪੁਲਿਸ ਸ਼ਿਕਾਇਤ ਅਥਾਰਟੀ ਨੂੰ ਦਿੱਤੀ ਸੀ। ਸ਼ਿਕਾਇਤ ਦੇ ਆਧਾਰ 'ਤੇ ਅਥਾਰਟੀ ਨੇ ਮਾਮਲੇ ਦੀ ਮੁੜ ਜਾਂਚ ਦੇ ਹੁਕਮ ਜਾਰੀ ਕੀਤੇ ਹਨ।