ਜਲੰਧਰ ’ਚ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ, ਮੁਲਜ਼ਮ ਗ੍ਰਿਫਤਾਰ

By  Aarti December 5th 2022 03:28 PM

ਜਲੰਧਰ, 5 ਦਸੰਬਰ, 2022: ਪੰਜਾਬ ਵਿਚ ਬੇਅਦਬੀਆਂ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਗੁਰੂਘਰ 'ਚ ਬੇਅਦਬੀ ਕਰਕੇ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਤਾਜ਼ਾ ਮਾਮਲਾ ਫਿਲੌਰ ਦੇ ਪਿੰਡ ਮਨਸੂਰਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਸ਼ਰਾਰਤੀ ਅਨਸਰ ਵੱਲੋਂ ਪਿੰਡ ਮਨਸੂਰਪੁਰ ਸਥਿਤ ਗੁਰੂ ਸਿੰਘ ਸਭਾ ਗੁਰੂਘਰ ਵਿੱਚ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। 

ਦੱਸਿਆ ਜਾ ਰਿਹਾ ਹੈ ਕਿ ਸ਼ਰਾਰਤੀ ਅਨਸਰਾਂ ਵੱਲੋਂ ਗੁਰੂਘਰ ਵਿੱਚ ਦਾਖ਼ਲ ਹੋ ਕੇ ਗੋਲਕ ਭੰਨ ਕੇ ਪੈਸੇ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਇਨ੍ਹਾਂ ਹੀ ਨਹੀਂ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੁੰਦਾ ਹੈ ਉਸ ਥਾਂ ਦੇ ਕੋਲ ਤੰਬਾਕੂ ਖਾ ਕੇ ਥੁੱਕਿਆ ਵੀ ਹੈ। ਫਿਲਹਾਲ ਇਸ ਘਟਨਾ ਤੋਂ ਬਾਅਦ ਜਿੱਥੇ ਪੂਰੇ ਪਿੰਡ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਵੀ ਪਾਇਆ ਜਾ ਰਿਹਾ ਹੈ।


ਇਸ ਮਾਮਲੇ ਸਬੰਧੀ ਜਲੰਧਰ ਪੁਲਿਸ ਵੱਲੋਂ ਟਵੀਟ ਵੀ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਜਾਣਕਾਰੀ ਦਿੱਤੀ ਹੈ ਕਿ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਕਾਂਡ ਨਾਲ ਸਬੰਧਤ ਮੁਲਜ਼ਮ ਪੀਐਸ ਗੁਰਾਇਆ ਜ਼ਿਲ੍ਹਾ ਜਲੰਧਰ, ਦਿਹਾਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਮਲਾ ਦਰਜ ਕਰਕੇ ਤਫਤੀਸ਼ ਜਾਰੀ ਕਰ ਦਿੱਤੀ ਗਈ ਹੈ ਤੇ ਸਥਿਤੀ ਕਾਬੂ ਹੇਠ ਹੈ।  

ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਦੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਖ਼ਤ ਸ਼ਬਦਾਂ ਦੀ ਨਿਖੇਧੀ ਕੀਤੀ ਹੈ। ਜਥੇਦਾਰ ਨੇ ਆਦੇਸ਼ ਦਿੱਤੇ ਕਿ ਗੁਰਦੁਆਰਾ ਸਾਹਿਬਾਨਾਂ ’ਚ ਸੀਸੀਟੀਵੀ ਕੈਮਰੇ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ। ਨਾਲ ਹੀ ਉਨ੍ਹਾਂ ਨੇ ਪ੍ਰਸ਼ਾਸਨ ਕੋਲੋਂ ਦੋਸ਼ੀਆਂ ਦੇ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਜਥੇਦਾਰ ਨੇ ਇਹ ਵੀ ਕਿਹਾ ਕਿ ਜੇਕਰ ਇਸ ਵਾਰ ਵੀ ਦੋਸ਼ੀਆਂ ਨੂੰ ਪਾਗਲ ਕਰਾਰ ਦੇ ਕੇ ਰਾਹਤ ਦਿੱਤੀ ਗਈ ਤਾਂ ਸਿੱਖ ਸੰਗਤ ਵੱਲੋਂ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜੋ: ਧਰਨਿਆਂ 'ਚ ਸ਼ਮੂਲੀਅਤ ਕਰਨ ਵਾਲੇ ਅਧਿਆਪਕਾਂ ਨੂੰ ਲੈ ਕੇ ਸਿੱਖਿਆ ਵਿਭਾਗ ਸਖ਼ਤ

Related Post