SC On Jagjit Singh Dallewal : ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ ਹੋਰ ਤਿੰਨ ਦਿਨਾਂ ਦਾ ਸਮਾਂ; ਜਾਣੋ ਪੰਜਾਬ ਦੇ ਏਜੀ ਨੇ ਕੀ ਰੱਖਿਆ ਆਪਣਾ ਪੱਖ

ਅਦਾਲਤ ਨੇ ਇਹ ਸਮਾਂ ਸੀਮਾ ਮਾਣਹਾਨੀ ਪਟੀਸ਼ਨ ਦੀ ਸੁਣਵਾਈ ਦੌਰਾਨ ਦਿੱਤੀ ਹੈ। ਜਿਸ ਵਿੱਚ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਦੇ ਉਨ੍ਹਾਂ ਦੇ ਪਿਛਲੇ ਹੁਕਮਾਂ ਨੂੰ ਲਾਗੂ ਨਹੀਂ ਕੀਤਾ ਗਿਆ।

By  Aarti December 31st 2024 09:47 AM -- Updated: December 31st 2024 12:58 PM

SC On Jagjit Singh Dallewal : ਖਨੌਰੀ ਸਰਹੱਦ 'ਤੇ 36 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੰਜਾਬ ਸਰਕਾਰ ਹਸਪਤਾਲ 'ਚ ਦਾਖਲ ਨਹੀਂ ਕਰਵਾ ਸਕੀ। ਜਿਸ ਦੇ ਚੱਲਦੇ ਅੱਜ ਮੁੜ ਤੋਂ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਹੋਰ ਤਿੰਨ ਦਿਨਾਂ ਦਾ ਸਮਾਂ ਦਿੱਤਾ ਹੈ।

ਦੱਸ ਦਈਏ ਕਿ 70 ਸਾਲਾ ਡੱਲੇਵਾਲ ਵੀ ਕੈਂਸਰ ਦੇ ਮਰੀਜ਼ ਹਨ। 28 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਸੀ। ਖੈਰ ਹੁਣ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕੁਝ ਸਮਾਂ ਹੋਰ ਦਿੱਤਾ ਹੈ। 

ਉੱਥੇ ਹੀ ਦੂਜੇ ਪਾਸੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ ਦੌਰਾਨ ਪੰਜਾਬ ਦੇ ਏਜੀ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਦੇ ਨਾਲ ਗੱਲਬਾਤ ਕਰ ਲਵੇ ਤਾਂ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਆਪਣਾ ਇਲਾਜ ਕਰਵਾਉਣ ਲਈ ਤਿਆਰ ਹੋ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਜਾਣਕਾਰੀ ਉਨ੍ਹਾਂ ਨੂੰ ਬੀਤੇ ਦਿਨ ਕਿਸਾਨਾਂ ਨੇ ਗੱਲਬਾਤ ਦੌਰਾਨ ਕਿਹਾ ਹੈ। 

ਕਾਬਿਲੇਗੌਰ ਹੈ ਕਿ ਸੁਪਰੀਮ ਕੋਰਟ ਨੇ ਇਹ ਸਮਾਂ ਸੀਮਾ ਮਾਣਹਾਨੀ ਪਟੀਸ਼ਨ ਦੀ ਸੁਣਵਾਈ ਦੌਰਾਨ ਦਿੱਤੀ ਸੀ। ਜਿਸ ਵਿੱਚ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਦੇ ਉਨ੍ਹਾਂ ਦੇ ਪਿਛਲੇ ਹੁਕਮਾਂ ਨੂੰ ਲਾਗੂ ਕਰਨਾ ਸੀ ਪਰ ਇਸ ਵਾਰ ਵੀ ਅਜਿਹਾ ਕੁਝ ਨਹੀਂ ਹੋਇਆ ਹੈ।

ਅਦਾਲਤ ਨੇ ਇਹ ਵੀ ਕਿਹਾ ਸੀ ਕਿ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਵਿਰੁੱਧ ਮਾਣਹਾਨੀ ਦੇ ਕੇਸ ਦੀ ਵੀ ਇਸੇ ਸੁਣਵਾਈ ਵਿੱਚ ਸੁਣਵਾਈ ਹੋਵੇਗੀ। ਅਜਿਹੇ 'ਚ ਦੋਵਾਂ ਅਧਿਕਾਰੀਆਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

ਅਦਾਲਤ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਕਿਸਾਨਾਂ ਅਤੇ ਡੱਲੇਵਾਲ ਨੂੰ ਮਨਾਉਣ ਦੀ ਪੂਰੀ ਕੋਸ਼ਿਸ਼ ਕੀਤੀ। 29 ਅਤੇ 30 ਦਸੰਬਰ ਨੂੰ ਪਟਿਆਲਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਸੇਵਾਮੁਕਤ ਏਡੀਜੀਪੀ ਜਸਕਰਨ ਸਿੰਘ ਦੇ ਨਾਲ ਭੇਜਿਆ ਗਿਆ ਸੀ। ਕਿਸਾਨ ਆਗੂਆਂ ਤੇ ਡੱਲੇਵਾਲ ਨਾਲ ਵੀ ਗੱਲ ਕੀਤੀ ਪਰ ਉਹ ਨਹੀਂ ਮੰਨੇ। ਪੁਲਸ ਨੇ ਐਤਵਾਰ ਰਾਤ ਨੂੰ ਵੀ ਤਿਆਰੀਆਂ ਕਰ ਲਈਆਂ ਸਨ ਪਰ ਇਸ ਦੀ ਹਵਾ ਲੱਗਣ ਤੋਂ ਬਾਅਦ ਕਿਸਾਨਾਂ ਨੂੰ ਜ਼ਬਰਦਸਤੀ ਚੁੱਕਣ ਲਈ ਕੋਈ ਕਾਰਵਾਈ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ : Farmers Punjab Bandh Highlights : 'ਪੰਜਾਬ ਬੰਦ' ਸਫ਼ਲ, 'ਸਰਕਾਰਾਂ ਨੂੰ ਸੁਨੇਹਾ', ਹੁਣ 4 ਜਨਵਰੀ ਦੀ ਤਿਆਰੀ, ਪਹੁੰਚੋ ਖਨੌਰੀ


Related Post