Emergency Movie : ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ, ਕਿਹਾ- ਪੰਜਾਬ 'ਚ ਰੋਕੀ ਜਾਵੇ ਐਮਰਜੈਂਸੀ ਦੀ ਰਿਲੀਜ਼
SGPC Want Ban on Emergency Film : ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਪੈਦਾ ਹੋਵੇਗਾ, ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਨੂੰ ਸੂਬੇ ਅੰਦਰ ਬੈਨ ਕਰੇ।
SGPC Letter to CM on Emergency Movie : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਵਾਲੀ ਅਤੇ ਇਤਿਹਾਸ ਨੂੰ ਗਲਤ ਪੇਸ਼ ਕਰਦੀ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ 'ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ, ਇਸ ਦੇ 17 ਜਨਵਰੀ 2025 ਨੂੰ ਰੀਲੀਜ਼ ਹੋਣ ਉੱਤੇ ਪੰਜਾਬ ਅੰਦਰ ਰੋਕ ਲਗਾਉਣ ਦੀ ਮੰਗ ਕੀਤੀ ਹੈ।
ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਪੈਦਾ ਹੋਵੇਗਾ, ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਨੂੰ ਸੂਬੇ ਅੰਦਰ ਬੈਨ ਕਰੇ। ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਕਰੜਾ ਵਿਰੋਧ ਕਰੇਗੀ।
ਇਸ ਦੇ ਸਬੰਧ ਵਿੱਚ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਮੰਗ ਪੱਤਰ ਭੇਜੇ ਗਏ ਹਨ।
ਐਮਰਜੈਂਸੀ ਨੂੰ ਲੈ ਕੇ ਵਿਵਾਦ ਕੀ ਹੈ?
ਕੰਗਨਾ ਦੀ ਫਿਲਮ ਪਹਿਲਾਂ 6 ਸਤੰਬਰ 2024 ਨੂੰ ਰਿਲੀਜ਼ ਹੋਣੀ ਸੀ। ਪਰ ਸਿੱਖ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਇਸ ਦੀ ਰਿਲੀਜ਼ ਤਰੀਕ ਟਾਲ ਦਿੱਤੀ ਗਈ ਸੀ। ਫਿਲਮ ਦਾ ਟ੍ਰੇਲਰ 14 ਅਗਸਤ ਨੂੰ ਸਾਹਮਣੇ ਆਇਆ ਸੀ, ਉਦੋਂ ਤੋਂ ਹੀ ਫਿਲਮ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਪੰਜਾਬ ਵਿਚ ਇਸ ਫਿਲਮ ਦੇ ਖਿਲਾਫ ਪ੍ਰਦਰਸ਼ਨ ਹੋਏ ਅਤੇ ਇਸ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਸੀ।
ਉਪਰੰਤ, ਸੈਂਸਰ ਬੋਰਡ ਵੱਲੋਂ ਇਤਰਾਜ਼ ਕੀਤੇ ਗਏ ਕੁੱਝ ਦ੍ਰਿਸ਼ਾਂ ਨੂੰ ਫਿਲਮ ਵਿਚੋਂ ਹਟਵਾਇਆ ਗਿਆ, ਜਿਸ ਪਿੱਛੋਂ ਹੁਣ ਇਹ ਫਿਲਮ 17 ਜਨਵਰੀ ਨੂੰ ਰਿਲੀਜ਼ ਹੋ ਰਹੀ ਹੈ।
ਦੱਸ ਦਈਏ ਕਿ ਫਿਲਮ ਐਮਰਜੈਂਸੀ ਵਿੱਚ ਕੰਗਨਾ ਨੇ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਇਆ ਹੈ। ਅਦਾਕਾਰੀ ਦੇ ਨਾਲ-ਨਾਲ ਉਨ੍ਹਾਂ ਨੇ ਇਸ ਫਿਲਮ ਦਾ ਨਿਰਦੇਸ਼ਨ ਅਤੇ ਨਿਰਮਾਣ ਵੀ ਕੀਤਾ ਹੈ। ਫਿਲਮ 'ਚ ਅਨੁਪਮ ਖੇਰ, ਸ਼੍ਰੇਅਸ ਤਲਪੜੇ, ਮਹਿਮਾ ਚੌਧਰੀ ਵਰਗੇ ਕਈ ਕਲਾਕਾਰ ਵੀ ਅਹਿਮ ਭੂਮਿਕਾਵਾਂ 'ਚ ਨਜ਼ਰ ਆਉਣਗੇ।