ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਲੈ ਕੇ SGPC ਨੇ ਸੰਗਤਾਂ ਨੂੰ ਕੀਤੀ ਇਹ ਅਪੀਲ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਮੌਕੇ 28 ਦਸੰਬਰ ਨੂੰ 10 ਮਿੰਟ ਲਈ ਮੂਲਮੰਤਰ ਦਾ ਜਾਪ ਕਰਨ ਦੀ ਸੰਗਤ ਨੂੰ ਅਪੀਲ ਕੀਤੀ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਲਾਸਾਨੀ ਇਤਿਹਾਸ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਨਿਵੇਕਲਾ ਹੈ ਅਤੇ ਹਰ ਸਾਲ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ।
ਉਨ੍ਹਾਂ ਕਿਹਾ ਕਿ ਦੇਸ਼ ਦੁਨੀਆਂ ਵਿਚ ਵੱਸਦੀਆਂ ਸੰਗਤਾਂ ਸ਼ਹੀਦੀ ਦਿਹਾੜੇ ਮੌਕੇ ਸ਼ਮੂਲੀਅਤ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ 28 ਦਸੰਬਰ ਨੂੰ ਸਵੇਰੇ 10:00 ਵਜੇ 10 ਮਿੰਟ ਵਾਸਤੇ ਮੂਲ ਮੰਤਰ ਦੇ ਜਾਪ ਨਾਲ ਜੁੜਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ਵਿਚ ਇਸ ਸਬੰਧੀ ਸੰਗਤੀ ਰੂਪ ਵਿਚ ਜੁੜਨ ਲਈ ਸਰਕੂਲਰ ਜਾਰੀ ਕੀਤਾ ਗਿਆ ਹੈ ਅਤੇ ਦੇਸ਼ ਵਿਦੇਸ਼ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸਾਹਿਬਜ਼ਾਦਿਆਂ ਨੂੰ ਨਿਰਧਾਰਤ ਸਮੇਂ ਅਨੁਸਾਰ ਮੂਲਮੰਤਰ ਦਾ ਜਾਪ ਕਰਕੇ ਸਤਿਕਾਰ ਭੇਟ ਕਰਨ।