ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ-ਜੋਤਿ ਦਿਵਸ ਮਨਾਉਣ ਸਬੰਧੀ SGPC ਨੇ ਉਲੀਕੀ ਰੂਪ-ਰੇਖਾ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਤੰਬਰ ਮਹੀਨੇ ਦੋ ਸ਼ਤਾਬਦੀਆਂ ਵੱਡੇ ਪੱਧਰ ’ਤੇ ਮਨਾਈਆਂ ਜਾਣੀਆਂ ਹਨ, ਜਿਸ ਦੀਆਂ ਤਿਆਰੀ ਲਗਪਗ ਮੁਕੰਮਲ ਹੋ ਗਈਆਂ ਹਨ।

By  KRISHAN KUMAR SHARMA June 18th 2024 03:43 PM -- Updated: June 18th 2024 03:45 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਸ੍ਰੀ ਗੁਰੂ ਰਾਮਦਾਸ ਜੀ (Sri Guru Ramdas Ji) ਦੇ ਗੁਰਤਾਗੱਦੀ ਤੇ ਸ੍ਰੀ ਗੁਰੂ ਅਮਰਦਾਸ ਜੀ (Sri Guru Amardas Ji) ਦੇ ਜੋਤੀ-ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਦੇ ਨਾਲ-ਨਾਲ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ 450 ਸਾਲਾ ਸ਼ਤਾਬਦੀਆਂ ਸਬੰਧੀ ਲੋਗੋ ਅਤੇ ਹੋਰ ਸਮੱਗਰੀ ਵੀ ਜਾਰੀ ਕੀਤੀ ਗਈ।

ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਤੰਬਰ ਮਹੀਨੇ ਦੋ ਸ਼ਤਾਬਦੀਆਂ ਵੱਡੇ ਪੱਧਰ ’ਤੇ ਮਨਾਈਆਂ ਜਾਣੀਆਂ ਹਨ, ਜਿਸ ਦੀਆਂ ਤਿਆਰੀ ਲਗਪਗ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਤਾਬਦੀਆਂ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਜਥਿਆਂ ਵੱਲੋਂ ਪਿੰਡ-ਪਿੰਡ ਤੱਕ ਪਹੁੰਚ ਕਰਕੇ ਗੁਰਮਤਿ ਕੈਂਪ ਲਗਾਏ ਜਾ ਰਹੇ ਹਨ ਅਤੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਦੇ ਸਹਿਯੋਗ ਨਾਲ ਹਲਕਾ ਪੱਧਰ ’ਤੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ।

ਇਕੱਤਰਤਾ ’ਚ ਲਏ ਇਕ ਹੋਰ ਫੈਸਲੇ ਬਾਰੇ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਅੰਮ੍ਰਿਤਧਾਰੀ ਸਿੱਖ ਬੱਚੀਆਂ ਨੂੰ ਮੁਫ਼ਤ ਵਿਦਿਆ ਦੇਣ ਦਾ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਗੁਰਸਿੱਖ ਬੱਚੀਆਂ ਨੂੰ ਪੜ੍ਹਾਈ ਕਰਵਾਈ ਜਾ ਰਹੀ ਹੈ। ਇਸ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਚ 100 ਬੱਚੀਆਂ ਸਿੱਖਿਆ ਪ੍ਰਾਪਤ ਕਰ ਰਹੀਆਂ ਹਨ, ਜਿਸ ਦਾ ਵਿਸਥਾਰ ਕਰਦੇ ਇਹ ਸੀਟਾਂ 150 ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਪੀਲੀਭੀਤ ਵਿਖੇ ਗ੍ਰੰਥੀ ਸਿੰਘ ਦੀ ਬੇਟੀ ਨਾਲ ਵਾਪਰੀ ਘਟਨਾ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਅਤੇ ਤੇਜਿੰਦਰਪਾਲ ਸਿੰਘ ਲਾਡਵਾ ਨੂੰ ਭੇਜਿਆ ਗਿਆ ਸੀ, ਜਿਨ੍ਹਾਂ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਮਦਦ ਦਾ ਭਰੋਸਾ ਦਿਵਾਇਆ।

ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਨੇ ਪ੍ਰਸ਼ਾਸਨ ਨਾਲ ਵੀ ਸੰਪਰਕ ਕਰਕੇ ਦੋਸ਼ੀਆਂ ਖਿਲਾਫ਼ ਬਣਦੀ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਫ਼ਸੋਸ ਹੈ ਕਿ ਇਸ ਮੰਦਭਾਗੀ ਘਟਨਾ ਦੇ ਦੋਸ਼ੀਆਂ ਵਿੱਚੋਂ ਦੋ ਵਿਅਕਤੀ ਸਤਾਧਾਰੀ ਪਾਰਟੀ ਨਾਲ ਸਬੰਧ ਰੱਖਦੇ ਹਨ, ਜਿਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੇ ਸਾਰੇ ਦੋਸ਼ੀ ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਵਾਇਆ ਜਾਵੇ। ਇਕੱਤਰਤਾ ’ਚ ਧਰਮ ਪ੍ਰਚਾਰ ਕਮੇਟੀ ਨਾਲ ਸਬੰਧਤ ਹੋਰ ਮਾਮਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ।

Related Post