ਐਡਵੋਕੇਟ ਧਾਮੀ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ।

By  KRISHAN KUMAR SHARMA January 5th 2025 05:34 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਦਸਮ ਪਾਤਸ਼ਾਹ ਜੀ ਦਾ ਜੀਵਨ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਤੋਂ ਸੇਧ ਲੈ ਕੇ ਜੀਵਨ ਦੀਆਂ ਤਰਜੀਹਾਂ ਨਿਰਧਾਰਤ ਕਰਨੀਆਂ ਚਾਹੀਦੀਆਂ ਹਨ। ਗੁਰੂ ਸਾਹਿਬ ਇਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਜਬਰ ਜ਼ੁਲਮ ਵਿਰੁੱਧ ਅਵਾਜ਼ ਉਠਾਈ ਅਤੇ ਮਨੁੱਖਤਾਂ ਨੂੰ ਸਵੈਮਾਨ ਨਾਲ ਜੀਵਨ ਜੀਣ ਲਈ ਉਤਸਾਹਤ ਕੀਤਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਸਰਬੰਸ ਮਾਨਵਤਾ ਲਈ ਵਾਰ ਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਇਕ ਵਿਲੱਖਣ ਮਿਸਾਲ ਕਾਇਮ ਕੀਤੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਮਾਜਿਕ ਬੁਰਾਈਆਂ ਵਿਰੁੱਧ ਅਵਾਜ਼ ਬੁਲੰਦ ਕਰਨ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ 'ਤੇ ਚੱਲ ਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ।

Related Post