SGPC Helps People: SGPC ਪ੍ਰਧਾਨ ਨੇ ਹੜ੍ਹ ਪੀੜਤਾਂ ਲਈ ਮੈਡੀਕਲ ਸੇਵਾਵਾਂ ਲਈ ਤਿੰਨ ਮੈਡੀਕਲ ਵੈਨਾਂ ਕੀਤੀਆਂ ਰਵਾਨਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਲਈ ਜਿਥੇ ਰਿਹਾਇਸ਼ ਅਤੇ ਲੰਗਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਮੈਡੀਕਲ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਇਲਾਕਿਆਂ ਲਈ ਅੱਜ ਤਿੰਨ ਐਬੂਲੈਂਸ ਗੱਡੀਆਂ ਨੂੰ ਰਵਾਨਾ ਕੀਤਾ ਗਿਆ।

By  Aarti July 11th 2023 05:49 PM -- Updated: July 11th 2023 06:30 PM

SGPC Helps People: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਲਈ ਜਿਥੇ ਰਿਹਾਇਸ਼ ਅਤੇ ਲੰਗਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਮੈਡੀਕਲ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਇਲਾਕਿਆਂ ਲਈ ਅੱਜ ਤਿੰਨ ਐਬੂਲੈਂਸ ਗੱਡੀਆਂ ਨੂੰ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਤੋਂ ਇਹ ਤਿੰਨ ਵੈਨਾਂ ਸ੍ਰੀ ਅਨੰਦਪੁਰ ਸਾਹਿਬ, ਪਟਿਆਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਇਲਾਕਿਆਂ ਲਈ ਰਵਾਨਾ ਕੀਤੀਆਂ। 

ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਕੁਦਰਤੀ ਆਫ਼ਤ ਕਾਰਨ ਬਹੁਤ ਸਾਰੇ ਇਲਾਕਿਆਂ ਵਿਚ ਪਾਣੀ ਭਰਨ ਕਰਕੇ ਸਥਾਨਕ ਲੋਕ ਵੱਡੀਆਂ ਮੁਸ਼ਕਲਾਂ ਵਿਚ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਕਮੇਟੀ ਆਪਣਾ ਫ਼ਰਜ਼ ਸਮਝਦਿਆਂ ਮੁਸ਼ਕਲ ਸਮੇਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਤਰ੍ਹਾਂ ਦੀ ਸਹਾਇਤਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਤੋਂ ਪ੍ਰਭਾਵਿਤ ਇਲਾਕਿਆਂ ਵਿਚ ਜਿਥੇ ਲੰਗਰ ਦੇ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਰਿਹਾਇਸ਼ ਦਾ ਵੀ ਪ੍ਰਬੰਧ ਕੀਤਾ ਗਿਆ ਹੈ।


ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੇ ਸਮੇਂ ਸਿਹਤ ਸਹੂਲਤਾਂ ਦੀ ਵੱਡੀ ਲੋੜ ਨੂੰ ਸਮਝਦਿਆਂ ਅੱਜ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਤੋਂ ਤਿੰਨ ਐਬੂਲੈਂਸ ਵੈਨਾਂ ਨੂੰ ਰਵਾਨਾ ਗਿਆ ਹੈ। ਇਨ੍ਹਾਂ ਵੈਨਾਂ ਵਿਚ ਡਾਕਟਰ ਸਮੇਤ ਮੈਡੀਕਲ ਟੀਮ ਦੇ ਨਾਲ-ਨਾਲ ਦਵਾਈਆਂ ਦਾ ਖਾਸ ਪ੍ਰਬੰਧ ਹੈ, ਜੋ ਲੋੜਵੰਦਾਂ ਨੂੰ ਮੁਫ਼ਤ ਦਿੱਤੀਆਂ ਜਾਣਗੀਆਂ। 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਚਨਬਧਤਾ ਪ੍ਰਗਟਾਈ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸੇਵਾਵਾਂ ਲੋੜ ਬਣੀ ਰਹਿਣ ਤੱਕ ਨਿਰੰਤਰ ਜਾਰੀ ਰੱਖੀਆਂ ਜਾਣਗੀਆਂ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸੇਵਾਵਾਂ ਨਿਭਾਅ ਰਹੀਆਂ ਸ਼੍ਰੋਮਣੀ ਕਮੇਟੀ ਦੀਆਂ ਟੀਮਾਂ ਨਾਲ ਸਹਿਯੋਗ ਕਰਨ। 

ਇਹ ਵੀ ਪੜ੍ਹੋ: Punjab School Closed: ਪੰਜਾਬ ‘ਚ 13 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

Related Post