ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ, ਬੀਬੀ ਜਗੀਰ ਕੌਰ ਨੂੰ ਦਿੱਤੀ ਮਾਤ(Watch Live)
ਅੰਮ੍ਰਿਤਸਰ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਅੱਜ ਹੋਈ ਵੋਟਿੰਗ ਪ੍ਰਕਿਰਿਆ ਵਿਚ ਐਡਵੋਕੇਟ ਧਾਮੀ ਨੂੰ 104 ਅਤੇ ਬੀਬੀ ਜਗੀਰ ਕੌਰ ਨੂੰ 42 ਵੋਟਾਂ ਹਾਸਿਲ ਹੋਈਆਂ। ਇਸ ਤਰ੍ਹਾਂ ਮੌਜੂਦਾ ਐਸਜੀਪੀਸੀ ਪ੍ਰਧਾਨ ਐਡਵੋਕੇਟ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਹਰਾ ਕੇ ਵੱਡੀ ਜਿੱਤ ਹਾਸਲ ਕੀਤੀ ਹੈ। ਇਸ ਮਗਰੋਂ ਹੋਰ ਅਹੁਦੇਦਾਰਾਂ ਦੀ ਵੀ ਚੋਣ ਕੀਤੀ ਗਈ ਹੈ। ਅਵਤਾਰ ਸਿੰਘ ਫਤਿਹਗੜ੍ਹ ਸਾਹਿਬ ਜੂਨੀਅਰ ਮੀਤ ਪ੍ਰਧਾਨ ਚੁਣ ਲਿਆ ਗਿਆ। ਇਸ ਤੋਂ ਇਲਾਵਾ ਗੁਰਚਰਨ ਸਿੰਘ ਗਰੇਵਾਲ ਜਨਰਲ ਸਕੱਤਰ ਬਣਾਇਆ ਗਿਆ ਹੈ। ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ ਹਨ। ਸਿੱਖਾਂ ਦੀ ਮਿੰਨੀ ਪਾਰਲੀਮੈਂਟ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਪ੍ਰਧਾਨ ਦੀ ਚੋਣ ਨੂੰ ਲੈ ਕੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਆਰੰਭਤਾ ਦੀ ਅਰਦਾਸ ਕੀਤੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਹੁਕਮਨਾਮਾ ਲਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਹਨ। ਇਜਲਾਸ ਸ਼ੁਰੂ ਹੋਣ ਉਤੇ ਵਿਛੜ ਚੁੱਕੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ਼ੋਕ ਮਤੇ ਪੜ੍ਹੇ। ਐੱਸਜੀਪੀਸੀ ਦੇ ਜਨਰਲ ਇਜਲਾਸ ਦੀ ਕਾਰਵਾਈ ਜਾਰੀ। ਪ੍ਰਧਾਨਗੀ ਅਹੁਦੇ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਂ ਪੇਸ਼ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਉਮੀਦਵਾਰ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਂ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਪੇਸ਼ ਕੀਤਾ ਜਿਸ ਦੀ ਤਾਈਦ ਭਗਵੰਤ ਸਿੰਘ ਸਿਆਲਕਾ ਨੇ ਕੀਤੀ ਤੇ ਨਵਤੇਜ ਸਿੰਘ ਕਾਉਣੀ ਨੇ ਤਾਈਦ ਮਜੀਦ ਕੀਤੀ।
ਇਸ ਤੋਂ ਇਲਾਵਾ ਬੀਬੀ ਜਗੀਰ ਕੌਰ ਦਾ ਨਾਂ ਅਮਰੀਕ ਸਿੰਘ ਸ਼ਾਹਪੁਰ ਨੇ ਪੇਸ਼ ਕੀਤਾ ਜਿਸ ਦੀ ਤਾਈਦ ਮਿੱਠੂ ਸਿੰਘ ਕਾਹਨੇਕੇ ਤੇ ਜਸਵੰਤ ਸਿੰਘ ਪੁੜੈਣ ਨੇ ਤਾਈਦ ਮਜੀਦ ਕੀਤੀ। ਇਸ ਤੋਂ ਇਲਾਵਾ ਬੀਬੀ ਜਗੀਰ ਕੌਰ ਦਾ ਨਾਂਅ ਵੀ ਪੇਸ਼ ਕੀਤਾ ਗਿਆ। ਤੇਜਾ ਸਿੰਘ ਸਮੁੰਦਰੀ ਹਾਲ ਵਿਚ ਇਕ ਪੋਲਿੰਗ ਬੂਥ ਬਣਾਇਆ ਗਿਆ ਅਤੇ SGPC ਦੇ ਮੈਂਬਰ ਇਕ-ਇਕ ਕਰਕੇ ਆਪਣੀ ਵੋਟ ਦੀ ਵਰਤੋਂ ਕੀਤੀ। ਚੋਣ ਪ੍ਰਕਿਰਿਆ ਮਗਰੋਂ ਤੁਰੰਤ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ।
ਤੇਜਾ ਸਿੰਘ ਸਮੁੰਦਰੀ ਹਾਲ ਵਿਚ ਪ੍ਰੈਸ ਦੇ ਦਾਖ਼ਲ ਹੋਣ ਉਤੇ ਬੈਨ ਲਗਾ ਦਿੱਤਾ ਗਿਆ ਹੈ। ਇਸ ਮੌਕੇ ਪ੍ਰੈੱਸ/ਮੀਡੀਆ ਲਈ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਦੇ ਸਾਹਮਣੇ ਬਣੇ ਪਾਰਕ 'ਚ ਸਥਾਨ ਨਿਰਾਧਰਤ ਕੀਤਾ ਗਿਆ ਹੈ ਤੇ ਪ੍ਰੈੱਸ/ਮੀਡੀਆ ਨੂੰ ਇਜਲਾਸ ਦੇ ਵੀਡੀਓ ਕਲਿੱਪ ਤੇ ਤਸਵੀਰਾਂ ਖ਼ੁਦ ਮੁਹੱਈਆ ਕਰਵਾਈਆਂ ਜਾਣਗੀਆਂ। ਇਜਲਾਸ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੈੱਸ/ਮੀਡੀਆ ਨੂੰ ਸੰਬੋਧਤ ਹੋਣਗੇ।
ਇਹ ਵੀ ਪੜ੍ਹੋ : ਐੱਸਜੀਪੀਸੀ ਦੇ ਪ੍ਰਧਾਨ ਦੀ ਚੋਣ ਅੱਜ, ਹਰਜਿੰਦਰ ਸਿੰਘ ਧਾਮੀ ਤੇ ਬੀਬੀ ਜਗੀਰ ਕੌਰ ਵਿਚਾਲੇ ਟੱਕਰ
ਦੁਨੀਆਂ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਦੀਆਂ ਨਜ਼ਰ ਇਨ੍ਹਾਂ ਚੋਣਾਂ ਉਤੇ ਟਿਕੀਆਂ ਹੋਈਆਂ ਹਨ। ਵੋਟਿੰਗ ਸਿਰਫ਼ ਪ੍ਰਧਾਨ ਦੇ ਅਹੁਦੇ ਲਈ ਹੋਵੇਗੀ। ਉਸ ਤੋਂ ਬਾਅਦ ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰ ਵੀ ਚੁਣੇ ਜਾਣਗੇ।
ਸਿੱਖਾਂ ਦੀ ਸੰਸਥਾ ਦੇ ਪ੍ਰਧਾਨ ਦਾ ਨਾਂ ਬੈਲੇਟ ਪੇਪਰ ਰਾਹੀਂ ਤੈਅ ਹੋਵੇਗਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬੀਬੀ ਜਗੀਰ ਕੌਰ ਵੱਲੋਂ ਆਪਣੇ-ਆਪਣੇ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ।
ਗੌਰਤਲਬ ਹੈ ਕਿ ਮੌਜੂਦਾ ਸਦਨ ਵਿੱਚ ਕੁੱਲ 191 ਮੈਂਬਰ ਹਨ, ਜਿਨ੍ਹਾਂ ਵਿੱਚੋਂ 170 ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਚੰਡੀਗੜ੍ਹ ਤੋਂ ਚੁਣੇ ਗਏ ਮੈਂਬਰ ਹਨ। ਦੇਸ਼ ਭਰ ਵਿੱਚੋਂ ਪੰਦਰਾਂ ਮੈਂਬਰ ਨਾਮਜ਼ਦ ਕੀਤੇ ਗਏ ਹਨ ਅਤੇ ਬਾਕੀ ਛੇ ਮੈਂਬਰ ਪੰਜ ਤਖ਼ਤ ਸਾਹਿਬਾਨ ਦੇ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਹਨ। ਹਾਊਸ ਦੀਆਂ 30 ਸੀਟਾਂ ਔਰਤਾਂ ਲਈ ਰਾਖਵੀਆਂ ਹਨ।
ਜੇ ਬੀਬੀ ਜਗੀਰ ਕੌਰ ਨੇ 50 ਵੋਟਾਂ ਵੀ ਪਈਆਂ ਤਾਂ ਸਿਆਸਤ ਛੱਡ ਦਿਆਂਗਾ : ਸਿਕੰਦਰ ਸਿੰਘ ਮਲੂਕਾ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਸਿਆਸਤ ਭਖੀ ਹੋਈ ਹੈ। ਜਿੱਥੇ ਬੀਬੀ ਜਗੀਰ ਕੌਰ ਆਪਣੇ ਆਪ ਨੂੰ 70 ਤੋਂ ਜ਼ਿਆਦਾ ਮੈਂਬਰਾਂ ਦ ਸਮਰਥਨ ਮਿਲਣ ਦੀ ਗੱਲ ਕਰ ਰਹੇ ਹਨ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਜਗੀਰ ਨੂੰ ਕੁਝ ਕੁ ਹੀ ਵੋਟਾਂ ਮਿਲਣ ਦੀ ਗੱਲ ਕਹੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 125 ਤੋਂ ਵੱਧ ਵੋਟਾਂ ਮਿਲਣ ਦੀ ਆਸ ਹੈ। ਬੀਬੀ ਦੇ ਵੱਡੇ ਦਾਅਵੇ ਦੀ ਗੱਲ 'ਤੇ ਉਨ੍ਹਾਂ ਕਿਹਾ ਕਿ ਜੇਕਰ ਬੀਬੀ ਨੂੰ 50 ਵੋਟਾਂ ਪੈ ਜਾਣਗੀਆਂ ਤਾਂ ਉਹ ਸਿਆਸਤ ਛੱਡ ਦੇਣਗੇ।