SGPC ਨੇ ਰੱਦ ਕੀਤਾ ਨਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਣ ਦੀ ਮੰਗ ਦਾ ਮਤਾ

Sukhbir Singh Badal Attack Case : ਅੰਤ੍ਰਿੰਗ ਕਮੇਟੀ ਨੇ ਬੀਤੇ 9 ਦਸੰਬਰ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੇ ਉਸ ਮਤੇ ਨੂੰ ਵੀ ਰੱਦ ਕਰ ਦਿੱਤਾ ਹੈ, ਜਿਸ ਵਿਚ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਗਈ ਸੀ।

By  KRISHAN KUMAR SHARMA December 31st 2024 02:32 PM -- Updated: December 31st 2024 02:58 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਯੂਪੀ ਅੰਦਰ ਪੰਜਾਬ ਦੇ ਤਿੰਨ ਨੌਜੁਆਨਾਂ ਨੂੰ ਮੁਕਾਬਲਾ ਬਣਾ ਕੇ ਮਾਰਨ ਦੀ ਕਰੜੀ ਨਿੰਦਾ ਕਰਦਿਆਂ ਇਸ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਦੌਰਾਨ ਯੂਪੀ ’ਚ ਪੁਲਿਸ ਮੁਕਾਬਲੇ ਸਬੰਧੀ ਇਕ ਮਤਾ ਪਾਸ ਕਰਦਿਆਂ ਇਸ ’ਤੇ ਕਰੜੇ ਸਵਾਲ ਚੁੱਕੇ ਹਨ। ਮਤੇ ਵਿਚ ਕਿਹਾ ਗਿਆ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ ਅਤੇ ਬਹੁਤ ਛੋਟੀ ਉਮਰ ਦੇ ਪੰਜਾਬ ਦੇ ਨੌਜੁਆਨਾਂ ਨੂੰ ਜਾਣਬੁਝ ਕੇ ਨਿਸ਼ਾਨਾ ਬਣਾਉਣ ਵਰਗੀ ਹਰਕਤ ਜਾਪਦੀ ਹੈ। ਇਸ ਦੀ ਨਿਆਂਇਕ ਜਾਂਚ ਕੀਤੀ ਜਾਣੀ ਚਾਹੀਦੀ ਹੈ, ਜਿਸ ਵਾਸਤੇ ਅੱਜ ਦੀ ਅੰਤ੍ਰਿੰਗ ਕਮੇਟੀ ਪੁਰਜ਼ੋਰ ਮੰਗ ਕਰਦੀ ਹੈ।

ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਨੇ ਬੀਤੇ 9 ਦਸੰਬਰ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੇ ਉਸ ਮਤੇ ਨੂੰ ਵੀ ਰੱਦ ਕਰ ਦਿੱਤਾ ਹੈ, ਜਿਸ ਵਿਚ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਇਕ ਮਤਾ ਪਾਸ ਕਰਕੇ 19 ਦਸੰਬਰ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਬਣਾਈ ਗਈ ਜਾਂਚ ਕਮੇਟੀ ਦੀ ਮਿਆਦ ਵਿਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਫਿਲਹਾਲ ਇਕ ਮਹੀਨੇ ਦਾ ਵਾਧਾ ਕੀਤਾ ਗਿਆ ਹੈ। ਇਸ ਮਤੇ ਰਾਹੀਂ ਇਹ ਵਚਨਬੱਧਤਾ ਵੀ ਪ੍ਰਗਟਾਈ ਗਈ ਹੈ ਕਿ ਇਸ ਮਾਮਲੇ ਦੀ ਜਾਂਚ ਬਿਲਕੁਲ ਨਿਰਪੱਖ ਹੋਵੇਗੀ।

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਚਲਾਣੇ ’ਤੇ ਵੀ ਸ਼ੋਕ ਮਤਾ ਪਾਸ ਕੀਤਾ ਗਿਆ ਅਤੇ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

ਅੰਤ੍ਰਿੰਗ ਕਮੇਟੀ ਦੀ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਅਮਰੀਕ ਸਿੰਘ ਵਿਛੋਆ, ਸੁਰਜੀਤ ਸਿੰਘ ਤੁਗਲਵਾਲ, ਪਰਮਜੀਤ ਸਿੰਘ ਖ਼ਾਲਸਾ, ਸੁਰਜੀਤ ਸਿੰਘ ਗੜ੍ਹੀ, ਬਲਦੇਵ ਸਿੰਘ ਕਾਇਮਪੁਰ, ਦਲਜੀਤ ਸਿੰਘ ਭਿੰਡਰ, ਸੁਖਹਰਪ੍ਰੀਤ ਸਿੰਘ ਰੋਡੇ, ਰਵਿੰਦਰ ਸਿੰਘ ਖ਼ਾਲਸਾ, ਜਸਵੰਤ ਸਿੰਘ ਪੁੜੈਣ ਤੇ ਪਰਮਜੀਤ ਸਿੰਘ ਰਾਏਪੁਰ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓਐਸਡੀ ਸਤਬੀਰ ਸਿੰਘ ਧਾਮੀ ਆਦਿ ਮੌਜੂਦ ਸਨ।

Related Post