PU ਸੈਨੇਟ ਚੋਣਾਂ ਨਾ ਕਰਵਾਉਣ ਖਿਲਾਫ਼ ਵਿਰੋਧੀ ਧਿਰਾਂ ਹੋਈਆਂ ਇਕਜੁੱਟ, ਕਿਹਾ- ਕੇਂਦਰ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

Punjab University Senate Elections : ਸੈਨੇਟ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਪੰਜਾਬ ਦੀਆਂ ਵਿਰੋਧੀ ਧਿਰਾਂ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਕਾਂਗਰਸ ਵੱਲੋਂ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਭੜਾਸ ਕੱਢੀ ਗਈ।

By  KRISHAN KUMAR SHARMA November 7th 2024 04:18 PM -- Updated: November 7th 2024 05:06 PM

Punjab University Senate Elections : ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਨਾ ਕਰਵਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਵੀਰਵਾਰ ਸੈਨੇਟ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਪੰਜਾਬ ਦੀਆਂ ਵਿਰੋਧੀ ਧਿਰਾਂ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਕਾਂਗਰਸ ਵੱਲੋਂ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਭੜਾਸ ਕੱਢੀ ਗਈ।

ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਵੱਲੋਂ ਕੇਂਦਰ ਸਰਕਾਰ ਖਿਲਾਫ਼ ਰੋਸ ਧਰਨੇ 'ਚ ਵਿਰੋਧੀ ਧਿਰਾਂ ਅਕਾਲੀ ਦਲ ਅਤੇ ਕਾਂਗਰਸ ਦੇ ਸੀਨੀਅਰ ਆਗੂਆਂ ਸਮੇਤ ਵੱਡੀ ਗਿਣਤੀ ਵਰਕਰ ਸ਼ਾਮਲ ਹੋਏ। ਇਸ ਮੌਕੇ ਆਗੂਆਂ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ ਅਤੇ ਕਾਂਗਰਸ ਵੱਲੋਂ ਪ੍ਰਤਾਪ ਸਿੰਘ ਬਾਜਵਾ, ਪ੍ਰਗਟ ਸਿੰਘ ਸਮੇਤ ਵੱਡੇ ਆਗੂ ਹਾਜ਼ਰ ਹੋਏ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਨ ਸਭਾ 'ਚ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੈਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਨੂੰ ਖੋਰਾ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਵਿਰੋਧੀ ਧਿਰਾਂ ਕੇਂਦਰ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਕਾਮਯਾਬ ਨਹੀਂ ਹੋਣ ਦੇਣਗੀਆਂ। ਉਨ੍ਹਾਂ ਕਿਹਾ ਕਿ ਅਸੀਂ ਸੈਨੇਟ ਚੋਣਾਂ ਲਈ ਇੱਕ ਫੌਰੀ ਸਮਾਂ ਸੀਮਾ, ਫੀਸਾਂ ਵਿੱਚ ਵਾਧੇ ਨੂੰ ਵਾਪਸ ਲੈਣ, ਅਤੇ ਸਾਡੀ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਨੂੰ ਸੁਰੱਖਿਅਤ ਰੱਖਣ ਦੀ ਮੰਗ ਕਰਦੇ ਹਾਂ। ਪੰਜਾਬ ਦੀ ਆਵਾਜ਼ ਨੂੰ ਸ਼ਾਂਤ ਨਹੀਂ ਕੀਤਾ ਜਾਵੇਗਾ!

ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਖ਼ਤਮ ਕਰਨ ਦੀ ਕੇਂਦਰ ਸਰਕਾਰ ਦੀ ਤਜਵੀਜ਼ ਵਾਪਸ ਲੈਣ ਅਤੇ ਸੈਨੇਟ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਇਸ ਮਾੜੇ ਮਨਸੂਬੇ ਨੂੰ ਵਾਪਸ ਲੈਣ ਜੋ ਪੰਜਾਬ ਪੁਨਰਗਠਨ ਐਕਟ 1966 ਦੀ ਭਾਵਨਾ ਦੇ ਖਿਲਾਫ ਹੈ। ਉਹਨਾਂ ਕਿਹਾ ਕਿ ਐਕਟ ਮੁਤਾਬਕ ਪੀ ਯੂ ਇਕ ਇੰਟਰਸਟੇਟ ਬਾਡੀ ਕਾਰਪੋਰੇਟ ਹੈ ਤੇ ਇਸਦੀ ਸੈਨੇਟ ਨਾਲ ਕੋਈ ਵੀ ਛੇੜਛਾੜ ਉਕਤ ਐਕਟ ਦੀ ਉਲੰਘਣਾ ਮੰਨੀ ਜਾਵੇਗੀ ਤੇ ਇਹ ਪੰਜਾਬ ਤੇ ਪੰਜਾਬੀਆਂ ਨਾਲ ਇਕ ਹੋਰ ਗੰਭੀਰ ਅਨਿਆਂ ਹੋਵੇਗਾ।

Related Post