ਸ਼੍ਰੋਮਣੀ ਕਮੇਟੀ ਦੇ ਵਫਦ ਨੇ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ
ਕੁਲਵੰਤ ਸਿੰਘ ਮੰਨਣ ਤੇ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਬੀਤੇ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਦੇ ਸ਼ਰਧਾਲੂਆਂ ਦੇ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਵੱਡੀ ਗਿਣਤੀ ਵੀਜੇ ਕੱਟ ਦਿੱਤੇ ਗਏ ਸਨ
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਦੇ ਇਕ ਵਫਦ ਨੇ ਦਿੱਲੀ ’ਚ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਪਾਕਿਸਤਾਨ ਸਥਿੱਤ ਗੁਰਧਾਮਾਂ ਦੇ ਦਰਸ਼ਨਾ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ ਸੂਚੀ ਅਨੁਸਾਰ ਸਾਰੇ ਵੀਜੇ ਦੇਣ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਸਿੱਖ ਜਥਾ ਭੇਜੇ ਜਾਣ ਦੀ ਮੰਗ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਗਏ ਇਸ ਵਫਦ ਵਿੱਚ ਮੁੱਖ ਸਕੱਤਰ ਤੇ ਮੈਂਬਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਪ੍ਰਤਾਪ ਸਿੰਘ ਅਤੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਮੌਜੂਦ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਵੰਤ ਸਿੰਘ ਮੰਨਣ ਤੇ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਬੀਤੇ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਦੇ ਸ਼ਰਧਾਲੂਆਂ ਦੇ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਵੱਡੀ ਗਿਣਤੀ ਵੀਜੇ ਕੱਟ ਦਿੱਤੇ ਗਏ ਸਨ, ਜਿਸ ਨੂੰ ਲੈ ਕੇ ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਹੈ ਜਿਸ ਵੱਲੋਂ ਹਰ ਸਾਲ ਖਾਲਸਾ ਸਾਜਨਾ ਦਿਵਸ (ਵਿਸਾਖੀ), ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਥਿੱਤ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨਾਂ ਲਈ ਜਥੇ ਭੇਜੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਜਥਿਆਂ ਲਈ ਪੰਜਾਬ ਰਾਜ ਕੋਲ ਕ੍ਰਮਵਾਰ 1800, 600, 300 ਅਤੇ 1800 ਵੀਜ਼ੇ ਦਾ ਪ੍ਰਵਾਨਿਤ ਕੋਟਾ ਹੈ, ਪ੍ਰੰਤੂ ਪਿਛਲੇ ਕੁਝ ਸਾਲਾਂ ਤੋਂ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ ਸਿੱਖ ਸ਼ਰਧਾਲੂਆਂ ਦੀ ਪੂਰੀ ਸੂਚੀ ਨੂੰ ਪਾਕਿਸਤਾਨ ਵੱਲੋਂ ਵੀਜ਼ਾ ਨਹੀਂ ਦਿੱਤਾ ਜਾਂਦਾ ਅਤੇ ਸ਼੍ਰੋਮਣੀ ਕਮੇਟੀ ਦੀ ਸੂਚੀ ਵਿੱਚੋਂ ਵੱਡੀ ਗਿਣਤੀ ਵਿੱਚ ਨਾਮ ਕੱਟ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਇਹ ਮਾਮਲਾ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਕੋਲ ਉਠਾਇਆ ਗਿਆ ਅਤੇ ਮੰਗ ਕੀਤੀ ਗਈ ਕਿ ਸਿੱਖ ਸ਼ਰਧਾਲੂਆਂ ਦੀ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਪ੍ਰਤੀ ਸ਼ਰਧਾ ਅਤੇ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਸ਼੍ਰੋਮਣੀ ਕਮੇਟੀ ਦੀ ਸੂਚੀ ਵਿੱਚੋਂ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜੇ ਜਾਣ ਦੀ ਮੰਗ ਵੀ ਕੀਤੀ ਗਈ ਹੈ। ਪਾਕਿਸਤਾਨ ਹਾਈ ਕਮਿਸ਼ਨ ਨੂੰ ਦਿੱਤੇ ਪੱਤਰ ਵਿਚ ਕਿਹਾ ਗਿਆ ਕਿ ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਹਰ ਸਾਲ ਇੱਕ ਸਿੱਖ ਜਥਾ ਪਾਕਿਸਤਾਨ ਭੇਜਿਆ ਜਾਂਦਾ ਸੀ।
ਸ਼੍ਰੋਮਣੀ ਕਮੇਟੀ ਹਰ ਸਾਲ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਂਦੀ ਹੈ, ਜਦੋਂ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਸਾਲ ਇਹ ਦਿਹਾੜਾ ਨਿਸ਼ਚਿਤ ਮਿਤੀ 16 ਜੂਨ ਨੂੰ ਮਨਾਉਂਦੀ ਹੈ। ਤਰੀਕਾਂ ਵਿੱਚ ਅੰਤਰ ਹੋਣ ਕਾਰਨ ਸਿੱਖ ਸ਼ਰਧਾਲੂਆਂ ਦਾ ਜਥਾ 2012 ਤੋਂ ਸ਼੍ਰੋਮਣੀ ਕਮੇਟੀ ਵੱਲੋਂ ਨਹੀਂ ਭੇਜਿਆ ਜਾ ਸਕਿਆ।
ਤਰੀਕਾਂ ਵਿਚ ਅੰਤਰ ਹੋਣ ਕਾਰਨ ਪਾਕਿਸਤਾਨ ਹਾਈ ਕਮਿਸ਼ਨ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਭੇਜੇ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਵੀਜ਼ੇ ਨਹੀਂ ਦਿੰਦਾ, ਜਿਸ ਨਾਲ ਭਾਰਤੀ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਗਤ ਵੱਲੋਂ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ 30 ਮਈ 2025 (ਜੈਠ ਸੁਦੀ 4) ਨੂੰ ਮਨਾਇਆ ਜਾ ਰਿਹਾ ਹੈ। ਇਸ ਲਈ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਿਤੀ 30 ਮਈ, 2025 ਲਈ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤੇ ਜਾਣ।