Shiromani Gurdwara Parbandhak Committee ਨੇ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਸਬੰਧੀ ਸਮਾਗਮਾਂ ਵਿਚ ਸ਼ਮੂਲੀਅਤ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਜਥਾ ਜਾਵੇਗਾ।
Aarti
November 30th 2024 03:58 PM --
Updated:
November 30th 2024 04:31 PM
Shiromani Gurdwara Parbandhak Committee : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਸ਼ੁਰੂ ਕਰਦਿਆਂ 25 ਦਸੰਬਰ 2024 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਸਬੰਧੀ ਸਮਾਗਮਾਂ ਵਿਚ ਸ਼ਮੂਲੀਅਤ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਜਥਾ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪ੍ਰੈਲ 2025 ਵਿਚ ਖਾਲਸਾ ਸਾਜਣਾ ਦਿਵਸ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ’ਚ ਸ਼ਮੂਲੀਅਤ ਤੋਂ ਇਲਾਵਾ ਉਥੇ ਸਥਿਤ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 25 ਦਸੰਬਰ 2024 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਲਈ ਆਪੋ-ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਪਾਸੋਂ ਸਿਫ਼ਾਰਸ਼ ਕਰਵਾਉਣੀ ਜ਼ਰੂਰੀ ਹੈ ਅਤੇ ਇਸ ਦੇ ਨਾਲ ਹੀ ਆਪਣੀ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਵੀ ਦਿੱਤੀ ਜਾਵੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਦਿੱਤੇ ਸਮੇਂ ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾਉਣ, ਤਾਂ ਜੋ ਵੀਜ਼ਾ ਪਰਕਿਰਿਆ ਲਈ ਕਾਰਵਾਈ ਸਮੇਂ ਸਿਰ ਕੀਤੀ ਜਾ ਸਕੇ।