ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਯਤਨ ਕਰਦਿਆ ਤਿੰਨ ਮਹੀਨੇ ਤੋਂ ਲਗਾਤਾਰ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਾਰਾਜੋਈ ਨੂੰ ਵੱਡੇ ਪੱਧਰ ’ਤੇ ਸਮੂਹ ਜਥੇਬੰਦੀਆਂ ਨੂੰ ਨਾਲ ਲੈ ਕੇ ਸੰਘਰਸ਼ ਲਈ ਪ੍ਰੋਗਰਾਮ ਉਲੀਕੇ ਹਨ।
ਪਹਿਲੀ ਦਸੰਬਰ ਨੂੰ ਸ਼ੁਰੂ ਕੀਤੀ ਦਸਤਖ਼ਤੀ ਮੁਹਿੰਮ ਨੂੰ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 25 ਗੁਰਦੁਆਰਾ ਸਾਹਿਬਾਨ ’ਚ ਸਥਾਪਤ ਕੇਂਦਰਾਂ ’ਚ ਸੰਗਤਾਂ ਪ੍ਰੋਫਾਰਮੇ ਭਰ ਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਂਣਦੀ ਮੰਗ ਵਿਚ ਸ਼ਾਮਲ ਹੋ ਰਹੀਆਂ ਹਨ। ਉਥੇ ਹੀ ਪ੍ਰੋਫਾਰਮੇ ਵਿਚ 9 ਬੰਦੀ ਸਿੰਘਾਂ ਦੇ ਨਾਮ ਸ਼ਾਮਲ ਕਰਨ ਦੀ ਮੰਗ ਵੀ ਉੱਠੀ ਹੈ। ਤਾਂ ਜੋ ਸੰਗਤ ਅਤੇ ਸਰਕਾਰ ਨੂੰ ਸਪਸ਼ਟ ਹੋ ਜਾਵੇ ਕੀ ਕਿਹਡ਼ੇ ਬੰਦੀ ਸਿੰਘਾਂ ਲਈ ਸੰਗਤਾਂ ਨੇ ਸਹਿਮਤੀ ਦਿੱਤੀ ਹੈ।
ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਹਿਲੀ ਸਤੰਬਰ 2022 ਨੂੰ ਪੱਤਰ ਲਿਖ ਕੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਸੀ। ਪੱਤਰ ’ਚ ਲਿਖਿਆ ਸੀ ਕਿ ਉਮਰ ਕੈਦ ਤੋਂ ਵੱਧ ਸਜ਼ਾਵਾਂ ਭੁਗਤਣ ਦੇ ਬਾਵਜੂਦ ਵੀ ਕਈ ਸਿੱਖ ਕੈਦੀ ਅਜੇ ਤੀਕ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਅੰਦਰ ਬੰਦ ਹਨ ਅਤੇ ਸਿੱਖ ਭਾਵਨਾਵਾਂ ਇਨ੍ਹਾਂ ਦੀ ਰਿਹਾਈ ਚਾਹੁੰਦੀਆਂ ਹਨ। ਇਸ ਲਈ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਮੁਲਾਕਾਤ ਦਾ ਸਮਾਂ ਦਿੱਤਾ ਜਾਵੇ।
ਪੱਤਰ ਨੰ 21676 ਵਿਚ 9 ਸਿੱਖ ਕੈਦੀਆਂ ਦਾ ਜ਼ਿਕਰ ਵੀ ਕੀਤਾ ਸੀ। ਇਨ੍ਹਾਂ ਵਿਚ ਭਾਈ ਗੁਰਦੀਪ ਸਿੰਘ ਖੈਡ਼ਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਪਰਮਜੀਤ ਸਿੰਘ ਭਿਓਰਾ ਅਤੇ ਭਾਈ ਜਗਤਾਰ ਸਿੰਘ ਤਾਰਾ ਦੇ ਨਾਮ ਸ਼ਾਮਲ ਹਨ।