Panthak News: ਬੇਅਦਬੀ ਮਾਮਲਿਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਦਾ ਵੱਡਾ ਐਲਾਨ, ਰੋਸ ਦਿਵਸ ਵੀ ਮਨਾਉਣ ਦਾ ਫੈਸਲਾ
ਆਗੂਆਂ ਨੇ ਕਿਹਾ ਕਿ ਬੇਅਦਬੀ ਦੇ ਅਤੇ ਬਹਿਬਲ ਗੋਲੀਕਾਂਡ ਮਾਮਲਿਆਂ ਦੀ ਸੁਣਵਾਈ ਵੀ ਚੰਡੀਗੜ੍ਹ ਤਬਦੀਲ ਹੋ ਗਈ ਪਰ ਪੰਜਾਬ ਸਰਕਾਰ ਵੱਲੋਂ ਕੋਈ ਵਿਰੋਧ ਨਹੀਂ ਕੀਤਾ ਗਿਆ। ਇਨ੍ਹਾਂ ਸਭ ਮਸਲਿਆਂ ਸਬੰਧੀ ਇਨਸਾਫ ਲਈ ਇਕਜੁੱਟ ਹੋ ਕੇ ਅਗਲੇ ਸੰਘਰਸ਼ ਦੀ ਰੂਪਰੇਖਾ ਤਿਆਰ ਕੀਤੀ ਜਾਵੇਗੀ।
Guru Granth Sahib beadbi case : ਬਰਗਾੜੀ ਬੇਅਦਬੀ ਮਾਮਲੇ ਸਮੇਤ ਕੋਟਕਪੂਰਾ ਤੇ ਬਹਿਬਲ ਗੋਲੀਕਾਂਡ ਮਾਮਲਿਆਂ ਨੂੰ ਲੈ ਕੇ ਭਾਈ ਸੁਖਜੀਤ ਸਿੰਘ ਖੋਸਾ, ਭਾਈ ਮੱਖਣ ਸਿੰਘ ਮੁਸਾਫ਼ਿਰ, ਭਾਈ ਰੁਪਿੰਦਰ ਸਿੰਘ ਪੰਜਗਰਾਈਂ ਸਮੇਤ ਹੋਰ ਪੰਥਕ ਆਗੂਆਂ ਵੱਲੋਂ ਮੰਗਲਵਾਰ ਇੱਕ ਪ੍ਰੈਸਵਾਰਤਾ ਦੌਰਾਨ ਵੱਡਾ ਐਲਾਨ ਕੀਤਾ ਗਿਆ, ਜਿਸ ਅਨੁਸਾਰ 1 ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡਾ ਇਕੱਠ ਕੋਟਕਪੂਰਾ ਦੇ ਬੱਤੀਆਂ ਵਾਲਾ ਚੌਂਕ, ਜਿੱਥੇ ਕੋਟਕਪੂਰਾ ਗੋਲੀਕਾਂਡ ਵਾਪਰਿਆ ਸੀ ਕੀਤਾ ਜਾਵੇਗਾ। ਇਥੇ ਪਹਿਲਾਂ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਜਾਵੇਗਾ, ਜਿਸ ਤੋਂ ਬਾਅਦ ਵੱਖ-ਵੱਖ ਜਥੇਬੰਦੀਆਂ ਦੇ ਬੁਲਾਰੇ ਆਪਣੀਆਂ ਤਕਰੀਰਾਂ ਕਰਨਗੇ।
ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸਿੱਖ ਸੰਗਤ ਨਾਲ ਵਾਅਦਾ ਕਰਕੇ ਬੇਅਦਬੀ ਦੇ ਮਾਮਲਿਆਂ 'ਚ ਇਨਸਾਫ ਦੁਆਉਣ ਲਈ ਕੋਈ ਉਪਰਾਲਾ ਨਹੀਂ ਕੀਤਾ, ਉਲਟਾ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਲਈ ਸਰਕਾਰ ਵੱਲੋਂ ਕੋਈ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ 9 ਸਾਲਾਂ ਬਾਅਦ ਫੜੇ ਗਏ ਭਗੌੜੇ ਆਰੋਪੀ ਪ੍ਰਦੀਪ ਕਲੇਰ ਨੂੰ ਹੀਰੋ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ, ਜਦਕਿ ਉਸਦੇ ਦੋ ਹੋਰ ਭਗੌੜੇ ਸਾਥੀ ਹਰਸ਼ ਧੂਰੀ ਅਤੇ ਸੰਦੀਪ ਬਰੇਟਾ ਨੂੰ ਗ੍ਰਿਫ਼ਤਾਰ ਹੀ ਨਹੀਂ ਕੀਤਾ ਜਾ ਸਕਿਆ।
ਆਗੂਆਂ ਨੇ ਕਿਹਾ ਕਿ ਬੇਅਦਬੀ ਦੇ ਅਤੇ ਬਹਿਬਲ ਗੋਲੀਕਾਂਡ ਮਾਮਲਿਆਂ ਦੀ ਸੁਣਵਾਈ ਵੀ ਚੰਡੀਗੜ੍ਹ ਤਬਦੀਲ ਹੋ ਗਈ ਪਰ ਪੰਜਾਬ ਸਰਕਾਰ ਵੱਲੋਂ ਕੋਈ ਵਿਰੋਧ ਨਹੀਂ ਕੀਤਾ ਗਿਆ। ਇਨ੍ਹਾਂ ਸਭ ਮਸਲਿਆਂ ਸਬੰਧੀ ਸਿੱਖ ਪੰਥ ਦਰਦੀਆਂ ਵੱਲੋਂ ਵਿਚਾਰਾਂ ਕੀਤੀਆਂ ਜਾਣਗੀਆਂ ਅਤੇ ਇਨਸਾਫ ਲਈ ਇਕਜੁੱਟ ਹੋ ਕੇ ਅਗਲੇ ਸੰਘਰਸ਼ ਦੀ ਰੂਪਰੇਖਾ ਤਿਆਰ ਕੀਤੀ ਜਾਵੇਗੀ। ਉਨ੍ਹਾਂ ਨੇ ਸਿੱਖ ਪੰਥ ਦਾ ਦਰਦ ਸਮਝਣ ਵਾਲੀ ਸੰਗਤ ਨੂੰ ਵੱਡੀ ਗਿਣਤੀ 'ਚ ਇਸ ਸਮਾਗਮ 'ਚ ਸ਼ਾਮਿਲ ਹੋਣ ਦੀ ਅਪੀਲ ਕੀਤੀ।