ਨੌਜਵਾਨ ਵਰਗ ਅਕਾਲੀ ਦਲ ਦੇ ਫਲਸਫੇ ਨੂੰ ਸਮਝੇ ਅਤੇ ਆਪਣੇ ਕਾਰਜਾਂ ’ਚ ਲਾਗੂ ਕਰੇ: ਬਲਵਿੰਦਰ ਸਿੰਘ ਭੂੰਦੜ

Shiromani Akali Dal Safarnama : ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਕਿਸਾਨਾਂ, ਬੰਦੀ ਸਿੰਘਾਂ ਅਤੇ ਪੰਜਾਬੀਆਂ ਦੇ ਮਸਲਿਆਂ ਭਾਵੇਂ ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਮਾਮਲਾ ਹੋਵੇ ਜਾਂ ਸੂਬੇ ਦੇ ਲੋਕਾਂ ਦੇ ਦਰਿਆਈ ਪਾਣੀਆਂ ਦੇ ਹੱਕ ਲੈਣ ਤੱਕ ਅਕਾਲੀ ਦਲ ਡੱਟ ਕੇ ਖੜ੍ਹਾ ਹੈ।

By  KRISHAN KUMAR SHARMA October 1st 2024 05:12 PM -- Updated: October 1st 2024 05:14 PM

SOI Seminar News : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਅਕਾਦਮਿਕ ਸ਼ਖਸੀਅਤਾਂ ਤੇ ਬੁੱਧੀਜੀਵੀਆਂ ਨੇ ਅੱਜ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੇ ਫਲਸਫੇ ਅਤੇ ਦੇਸ਼ ਦੇ ਨਿਰਮਾਣ ਦੇ ਨਾਲ-ਨਾਲ ਸਮਾਜ ਸੇਵਾ ਵਿਚ ਪਾਏ ਯੋਗਦਾਨ ਨੂੰ ਸਮਝੇ ਤੇ ਆਪਣੇ ਕਾਰਜਾਂ ਵਿਚ ਇਸਨੂੰ ਲਾਗੂ ਕਰੇ।

ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਵੱਲੋਂ ਕਰਵਾਏ ’ਸ਼੍ਰੋਮਣੀ ਅਕਾਲੀ ਦਲ ਦਾ ਸੰਘਰਸ਼ਮਈ ਸਫਰਨਾਮਾ’ ਵਿਸ਼ੇ ’ਤੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅਕਾਲੀ ਦਲ ਦਾ ਸ਼ਾਨਾਮੱਤਾ ਇਤਿਹਾਸ ਰਿਹਾ ਹੈ। ਮਹੰਤਾਂ ਦੇ ਕਬਜ਼ੇ ਵਿਚੋਂ ਗੁਰਦੁਆਰਾ ਸਾਹਿਬਾਨ ਛੁਡਵਾਉਣ ਤੋਂ ਲੈ ਕੇ ਅੰਗਰੇਜ਼ਾਂ ਨਾਲ ਲੜਾਈ ਅਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਲਗਾਈ ਐਮਰਜੰਸੀ ਦਾ ਵਿਰੋਧ ਕਰਨ ਤੱਕ ਅਕਾਲੀ ਦਲ ਹਮੇਸ਼ਾ ਆਪਣੇ ਪੁਰਖਿਆਂ ਦੇ ਸਿਧਾਂਤਾਂ ਅਨੁਸਾਰ ਡਟਿਆ ਹੈ। ਉਨ੍ਹਾਂ ਕਿਹਾ ਕਿ ਹੁਣ ਵੀ ਕਿਸਾਨਾਂ, ਬੰਦੀ ਸਿੰਘਾਂ ਅਤੇ ਪੰਜਾਬੀਆਂ ਦੇ ਮਸਲਿਆਂ ਭਾਵੇਂ ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਮਾਮਲਾ ਹੋਵੇ ਜਾਂ ਸੂਬੇ ਦੇ ਲੋਕਾਂ ਦੇ ਦਰਿਆਈ ਪਾਣੀਆਂ ਦੇ ਹੱਕ ਲੈਣ ਤੱਕ ਅਕਾਲੀ ਦਲ ਡੱਟ ਕੇ ਖੜ੍ਹਾ ਹੈ।

ਡਾ. ਦਲਜੀਤ ਸਿੰਘ ਚੀਮਾ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਨੂੰ ਸਮਾਜ ਲਈ ਅਰਥ ਭਰਪੂਰ ਯੋਗਦਾਨ ਪਾਉਣ ਤੇ ਰਾਜਨੀਤੀ ਵਿਚ ਪਾਰਦਰਸ਼ਤਾ ਲਈ ਡੱਟਣ ਦੀ ਅਪੀਲ ਕੀਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਵਿਦਿਅਕ ਅਦਾਰਿਆਂ ਵਿਚ ਜਾ ਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਜਾਣੂ ਕਰਵਾਉਣ ਅਤੇ ਹੱਕ ਲੈਣ ਵਾਸਤੇ ਪ੍ਰੇਰਿਤ ਕਰਨ।

ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਚੇਅਰਪਰਸਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਕਿਵੇਂ ਅਕਾਲੀ ਦਲ ਨਾ ਸਿਰਫ ਗੁਰਦੁਆਰਾ ਸਾਹਿਬਾਨ ਤੋਂ ਮਹੰਤਾਂ ਨੂੰ ਭਜਾਉਣ ਵਾਸਤੇ ਲੜਿਆ ਬਲਕਿ ਦੇਸ਼ ਦੀ ਆਜ਼ਾਦੀ ਵਿਚ ਵੀ ਅਹਿਮ ਯੋਗਦਾਨ ਪਾਇਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਕਿਵੇਂ ਐਮਰਜੰਸੀ ਵੇਲੇ ਹੋਈਆਂ ਕੁੱਲ 1.40 ਲੱਖ ਗ੍ਰਿਫਤਾਰੀਆਂ ਵਿਚੋਂ ਇਕੱਲਿਆਂ 40 ਹਜ਼ਾਰ ਗ੍ਰਿਫਤਾਰੀਆਂ ਸਿੱਖਾਂ ਨੇ ਦਿੱਤੀਆਂ ਸਨ। ਇਸ ਮੌਕੇ ਬਲਜੀਤ ਸਿੰਘ ਵਿਰਕ ਤੇ ਪਰਮਜੀਤ ਸਿੰਘ ਭੰਗੂ ਨੇ ਵਿਚਾਰ ਪ੍ਰਗਟ ਕੀਤੇ।

ਨੌਜਵਾਨ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਐਸ.ਓ.ਆਈ ਦੇ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਅਜਿਹੇ ਸੈਮੀਨਾਰ ਪੰਜਾਬ ਦੇ ਹੋਰ ਵਿਦਿਅਕ ਅਦਾਰਿਆਂ ਵਿਚ ਵੀ ਕਰਵਾਏ ਜਾਣਗੇ ਅਤੇ ਉਨ੍ਹਾਂ ਸੈਮੀਨਾਰ ਵਿਚ ਵੱਧ ਚੜ੍ਹ ਕੇ ਭਾਗ ਲੈਣ ਲਈ ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।

Related Post