CM Bhagwant Mann ਵੱਲੋਂ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਜਨਤਕ ਮੁਹਿੰਮ ਪੈਦਾ ਕਰਨ ਦੇ ਉਦੇਸ਼ ਨਾਲ ‘ਸੀ.ਐਮ. ਦੀ ਯੋਗਸ਼ਾਲਾ’ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਇਕ ਵੀਡੀਓ ਸੰਦੇਸ਼ ਵਿਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਭਾਰਤ ਦੀਆਂ ਸ਼ਾਨਦਾਰ ਪ੍ਰਾਚੀਨ ਰਵਾਇਤਾਂ ਦੇ ਸੁਮੇਲ ਨਾਲ ਇਹ ਯੋਗਸ਼ਾਲਾਵਾਂ ਸਰੀਰਕ ਤੇ ਮਾਨਿਸਕ ਤੌਰ ਉਤੇ ਪੰਜਾਬੀਆਂ ਨੂੰ ਸਿਹਤਮੰਦ ਬਣਾਉਣ ਵਿਚ ਸਹਾਈ ਸਿੱਧ ਹੋਣਗੀਆਂ।

By  Ramandeep Kaur April 3rd 2023 01:11 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਜਨਤਕ ਮੁਹਿੰਮ ਪੈਦਾ ਕਰਨ ਦੇ ਉਦੇਸ਼ ਨਾਲ ‘ਸੀ.ਐਮ. ਦੀ ਯੋਗਸ਼ਾਲਾ’ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਇਕ ਵੀਡੀਓ ਸੰਦੇਸ਼ ਵਿਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਭਾਰਤ ਦੀਆਂ ਸ਼ਾਨਦਾਰ ਪ੍ਰਾਚੀਨ ਰਵਾਇਤਾਂ ਦੇ ਸੁਮੇਲ ਨਾਲ ਇਹ ਯੋਗਸ਼ਾਲਾਵਾਂ ਸਰੀਰਕ ਤੇ ਮਾਨਿਸਕ ਤੌਰ ਉਤੇ ਪੰਜਾਬੀਆਂ ਨੂੰ ਸਿਹਤਮੰਦ ਬਣਾਉਣ ਵਿਚ ਸਹਾਈ ਸਿੱਧ ਹੋਣਗੀਆਂ।

ਉਨ੍ਹਾਂ ਦੱਸਿਆ ਕਿ ਪਾਇਲਟ ਪ੍ਰਾਜੈਕਟ ਵਜੋਂ ਇਸ ਦੀ ਸ਼ੁਰੂਆਤ ਅੰਮ੍ਰਿਤਸਰ, ਫਗਵਾੜਾ, ਪਟਿਆਲਾ ਅਤੇ ਲੁਧਿਆਣਾ ਦੇ ਸ਼ਹਿਰਾਂ ਤੋਂ ਕੀਤੀ ਜਾਵੇਗੀ ਜਿੱਥੇ ਸਿਖਲਾਈਯਾਫਤਾ ਯੋਗਾ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਤੇ ਹੋਰ ਜਨਤਕ ਥਾਵਾਂ ਵਿਚ ਲੋਕਾਂ ਨੂੰ ਮੁਫ਼ਤ ਯੋਗਾ ਸਿਖਲਾਈ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮੁੱਖ ਉਦੇਸ਼ ਸਿਹਤਮੰਦ, ਖੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ਲੋਕਾਂ ਦੀ ਵੱਧ ਤੋਂ ਵੱਧ ਭਾਈਵਾਲੀ ਰਾਹੀਂ ਜਨਤਕ ਮੁਹਿੰਮ ਨੂੰ ਯਕੀਨੀ ਬਣਾਉਣਾ ਹੈ।

ਯੋਗ ਦੀ ਮਹੱਤਤਾ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਯੋਗਾ ਸਰੀਰਕ ਤੰਦਰੁਸਤੀ ਅਤੇ ਮਨ ਨੂੰ ਮਜ਼ਬੂਤ ਰੱਖਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਖੁਦ ਰੋਜ਼ਾਨਾ ਸਵੇਰੇ ਯੋਗਾ ਕਰਦੇ ਹਨ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਤਨ-ਮਨ ਦੀ ਤੰਦਰੁਸਤੀ ਲਈ ਯੋਗਾ ਨੂੰ ਰੋਜ਼ਾਨਾ ਜਿੰਦਗੀ ਵਿਚ ਹਿੱਸਾ ਬਣਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ‘ਸੀ.ਐਮ. ਦੀ ਯੋਗਸ਼ਾਲਾ’ ਲੋਕਾਂ ਨੂੰ ਯੋਗਾ ਰਾਹੀਂ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਜਾਗਰੂਕਤਾ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗੀ।  

ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਉਤੇ ਨਾ ਸਿਰਫ ਚੰਗੀ ਸਿਹਤ ਸਗੋਂ ਲੋਕਾਂ ਨੂੰ ਤਣਾਅ ਮੁਕਤ ਹੋਣਾ ਵੀ ਬਹੁਤ ਜ਼ਰੂਰੀ ਹੈ ਕਿਉਂ ਜੋ ਰੋਜ਼ਾਨਾ ਜੀਵਨ ਵਿਚ ਅਨੇਕਾਂ ਚੁਣੌਤੀਆਂ ਨਾਲ ਜੂਝਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਉਤੇ ਵਧ ਰਿਹਾ ਤਣਾਅ ਸਾਡੇ ਸਾਰਿਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਯੋਗਾ ਅਹਿਮ ਭੂਮਿਕਾ ਅਦਾ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਚੰਗਾ ਜੀਵਨ ਬਤੀਤ ਕਰਨ ਲਈ ਮਾਨਸਿਕ ਤੇ ਸਰੀਰਕ ਤੌਰ ਉਤੇ ਸੰਤੁਲਨ ਕਾਇਮ ਰੱਖਣਾ ਮਹੱਤਵਪੂਰਨ ਹੈ ਅਤੇ ਜੀਵਨ ਜਾਚ ਵਿਚ ਕੁਝ ਤਬਦੀਲੀਆਂ ਲਿਆਉਣ ਅਤੇ ਯੋਗਾ ਰਾਹੀਂ ਇਸ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ। 

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ‘ਸੀ.ਐਮ. ਯੋਗਸ਼ਾਲਾ’ ਮੁਹਿੰਮ ਹਰੇਕ ਪੰਜਾਬੀ ਲਈ ਤੰਦਰੁਸਤ ਤੇ ਮਿਆਰੀ ਜੀਵਨ ਨੂੰ ਯਕੀਨੀ ਬਣਾਉਣ ਦੇ ਟੀਚੇ ਨੂੰ ਹਾਸਲ ਕਰਨ ਦੀ ਸ਼ੁਰੂਆਤ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਯੋਗਸ਼ਾਲਾਵਾਂ ਸਿਹਤਮੰਦ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਵਿਚ ਕਾਰਗਰ ਰੋਲ ਅਦਾ ਕਰਨਗੀਆਂ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਹ ਯੋਗਸ਼ਾਲਾਵਾਂ ਪੰਜਾਬੀਆਂ ਦੇ ਬਿਹਤਰ ਜੀਵਨ ਨੂੰ ਯਕੀਨੀ ਬਣਾਉਣ ਲਈ ਸਹਾਈ ਸਿੱਧ ਹੋਣਗੀਆਂ। 

ਇਹ ਵੀ ਪੜ੍ਹੋ: AAP MLA Marriage: ਵਿਆਹ ਦੇ ਬੰਧਨ ’ਚ ਬੱਝੇ ਆਮ ਆਦਮੀ ਪਾਰਟੀ ਦੇ MLA ਅੰਮ੍ਰਿਤਪਾਲ ਸਿੰਘ ਸੁਖਾਨੰਦ

Related Post