ਸੁਧੀਰ ਸੂਰੀ ਕਤਲ : ਪੁਲਿਸ ਨੇ ਕੀਤੀ FIR ਦਰਜ
ਚੰਡੀਗੜ੍ਹ: ਅੱਜ ਸ਼ੁਕਰਵਾਰ ਨੂੰ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਅੰਮ੍ਰਿਤਸਰ ਸਥਿਤ ਗੋਪਾਲ ਮੰਦਿਰ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਹਮਲੇ ਦੀਆਂ ਵੀਡੀਓਜ਼ ਵੀ ਵਾਇਰਲ ਹੋ ਰਹੀਆ ਹਨ। ਸੁਧੀਰ ਸੂਰੀ ਦੀ ਮੌਤ ਤੋਂ ਬਾਅਦ ਸ਼ਿਵ ਸੈਨਾ ਦੇ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਗਿਆ ਹੈ। ਪੁਲਿਸ ਵੱਲੋਂ ਇਕ ਮੁਲਜ਼ਮ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਸੰਨੀ ਵਜੋਂ ਹੋਈ ਹੈ। ਪੁਲਿਸ ਮੁਲਜ਼ਮ ਕੋਲੋਂ ਪੁੱਛਗਿੱਛ ਕਰ ਰਹੀ ਹੈ।
ਸਮਰਥਕਾਂ ਵੱਲੋਂ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਪੰਜਾਬ ਵਿੱਚ ਲਾਅ ਐਡ ਆਰਡਰ ਦੀ ਸਥਿਤੀ ਬਿਲਕੁੱਲ ਖਰਾਬ ਹੋ ਚੁੱਕੀ ਹੈ। ਸਮਰਥਕਾਂ ਨੇ 5 ਨਵੰਬਰ ਨੂੰ ਪੰਜਾਬ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਸੀ ਪਰ ਸੱਦਾ ਵਾਪਸ ਲੈ ਲਿਆ ਹੈ। ਸਮਰਥਕਾਂ ਵੱਲੋਂ ਸੂਰੀ ਦੇ ਕਤਲ ਤੋਂ ਬਾਅਦ ਦਿੱਲੀ ਅੰਮ੍ਰਿਤਸਰ ਹਾਈਵੇਅ ਨੂੰ ਜਾਮ ਕਰਕੇ ਨਾਅਰੇਬਾਜ਼ੀ ਕੀਤੀ ਗਈ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਅੰਮ੍ਰਿਤਸਰ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ।ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਧਾਰਾ 302 (ਕਤਲ) ਤਹਿਤ ਐਫਆਈਆਰ ਦਰਜ ਕੀਤੀ ਹੈ।
ਦੱਸ ਦੇਈਏ ਕਿ ਸੁਧੀਰ ਸੂਰੀ ਗੋਪਾਲ ਮੰਦਰ ਪ੍ਰਬੰਧਕਾਂ ਦੇ ਵਿਵਾਦ ਨੂੰ ਲੈ ਕੇ ਧਰਨੇ 'ਤੇ ਬੈਠੇ ਸਨ। ਹਮਲਾਵਰ ਦੀ ਉਥੇ ਕੱਪੜਿਆਂ ਦੀ ਦੁਕਾਨ ਹੈ। ਉਸ ਨੇ ਆਪਣੇ ਲਾਇਸੈਂਸੀ .32 ਬੋਰ-ਰਿਵਾਲਵਰ ਨਾਲ ਗੋਲੀਆਂ ਚਲਾਈਆਂ, ਜਿਸ ਵਿੱਚੋਂ ਕੁਝ ਸੂਰੀ ਨੂੰ ਲੱਗੀਆਂ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ : ਸੁਧੀਰ ਸੂਰੀ ਕਤਲ ਮਾਮਲਾ: ਪੰਜਾਬ 'ਚ ਲਾਅ ਐਂਡ ਆਰਡਰ ਦੀ ਸਥਿਤੀ 'ਤੇ ਚੁੱਕੇ ਜਾ ਰਹੇ ਹਨ ਸਵਾਲ