ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ ਗੰਨੇ ਦੀ ਪਿੜਾਈ 25 ਨਵੰਬਰ, 2024 ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

By  Amritpal Singh November 6th 2024 07:26 PM

Sugarcane crushing: ਪੰਜਾਬ ਸਰਕਾਰ ਨੇ ਸੂਬੇ ਵਿੱਚ ਗੰਨੇ ਦੀ ਪਿੜਾਈ 25 ਨਵੰਬਰ, 2024 ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਅੱਜ ਇਥੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਪੰਜਾਬ ਰਾਜ ਸ਼ੂਗਰਕੇਨ ਕੰਟਰੋਲ ਬੋਰਡ ਦੀ ਮੀਟਿੰਗ ਦੌਰਾਨ ਲਿਆ ਗਿਆ।

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਪੰਜਾਬ ਵਿੱਚ ਗੰਨੇ ਦੀ ਫ਼ਸਲ ਹੇਠ ਰਕਬੇ ਵਿੱਚ 5 ਫ਼ੀਸਦੀ ਵਾਧਾ ਹੋਇਆ ਹੈ। ਪਿਛਲੇ ਸਾਲ ਦੇ 95,000 ਹੈਕਟੇਅਰ ਦੇ ਮੁਕਾਬਲੇ ਇਸ ਸਾਲ ਇੱਕ ਲੱਖ ਹੈਕਟੇਅਰ ਰਕਬੇ 'ਤੇ ਗੰਨੇ ਦੀ ਕਾਸ਼ਤ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਪੰਜਾਬ ਵਿੱਚ 9 ਸਹਿਕਾਰੀ ਅਤੇ 6 ਨਿੱਜੀ ਖੰਡ ਮਿੱਲਾਂ ਸਮੇਤ ਕੁੱਲ 15 ਖੰਡ ਮਿੱਲਾਂ ਹਨ, ਜਿਨ੍ਹਾਂ ਵਿੱਚ ਲਗਭਗ 700 ਲੱਖ ਕੁਇੰਟਲ ਗੰਨੇ ਦੀ ਪਿੜਾਈ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਸੀਜ਼ਨ ਵਿੱਚ 62 ਲੱਖ ਕੁਇੰਟਲ ਖੰਡ ਦੇ ਉਤਪਾਦਨ ਦਾ ਅਨੁਮਾਨ ਹੈ।

ਖੇਤੀਬਾੜੀ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੜਾਈ ਦਾ ਕੰਮ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਹਨਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਉਨ੍ਹਾਂ ਨੂੰ ਫ਼ਸਲ ਦੀ ਸਮੇਂ ਸਿਰ ਅਦਾਇਗੀ ਵੀ ਯਕੀਨੀ ਬਣਾਈ ਜਾਵੇ।


Related Post