Punjab Bachao Yatra: ਅਕਾਲੀ ਦਲ 1 ਫਰਵਰੀ ਤੋਂ ਸ਼ੁਰੂ ਕਰੇਗਾ ਪੰਜਾਬ ਬਚਾਓ ਯਾਤਰਾ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਫੈਸਲਾ ਕੀਤਾ ਕਿ ਉਹ 1 ਫਰਵਰੀ ਤੋਂ ਪੰਜਾਬ ਬਚਾਓ ਯਾਤਰਾ (Punjab Bachao Yatra) ਕੱਢ ਕੇ ਆਪ ਸਰਕਾਰ ਵੱਲੋਂ ਹਰ ਮੁਹਾਜ਼ ’ਤੇ ਫੇਲ੍ਹ ਹੋਣ ਨੂੰ ਬੇਨਕਾਬ ਕਰੇਗੀ ਤੇ ਪਾਰਟੀ ਨੇ ਇਹ ਵੀ ਫੈਸਲਾ ਲਿਆ ਕਿ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 10 ਤੋਂ 16 ਜਨਵਰੀ ਤੱਕ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਤਲਵੰਡੀ ਸਾਬੋ ਤੱਕ ਆਪੇ ਗੁਰ ਚੇਲਾ ਨਗਰ ਕੀਰਤਨ ਦਾ ਆਯੋਜਨ ਕਰੇਗੀ। ਇਸ ਬਾਰੇ ਫੈਸਲਾ ਬੁੱਧਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ।
ਕੋਰ ਕਮੇਟੀ ਨੇ ਫੈਸਲਾ ਕੀਤਾ ਕਿ 1 ਫਰਵਰੀ ਤੋਂ 'ਪੰਜਾਬ ਬਚਾਓ ਯਾਤਰਾ' ਸ਼ੁਰੂ ਕਰ ਕੇ ਆਪ ਸਰਕਾਰ ਵੱਲੋਂ ਕਿਸਾਨਾਂ, ਸਮਾਜ ਦੇ ਕਮਜ਼ੋਰ ਵਰਗਾਂ, ਉਦਯੋਗ ਤੇ ਵਪਾਰ, ਨੌਜਵਾਨਾਂ ਅਤੇ ਸਰਕਾਰੀ ਮੁਲਾਜ਼ਮਾਂ ਸਮੇਤ ਸਮਾਜ ਦੇ ਹਰ ਵਰਗ ਨਾਲ ਕੀਤੇ ਧੋਖੇ ਨੂੰ ਬੇਨਕਾਬ ਕਰੇਗੀ। ਇਹ ਵੀ ਫੈਸਲਾ ਲਿਆ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਯਾਤਰਾ ਦੀ ਅਗਵਾਈ ਕਰਨਗੇ ਅਤੇ ਉਹ ਹਰ ਹਲਕੇ ਵਿਚ ਦੋ ਦਿਨ ਗੁਜ਼ਾਰਨ ਸਮੇਤ ਸਾਰੇ 117 ਹਲਕਿਆਂ ਨੂੰ ਕਵਰ ਕਰਨਗੇ।
ਇਹ ਵੀ ਫੈਸਲਾ ਲਿਆ ਗਿਆ ਕਿ ਪੰਜਾਬ ਤੇ ਇਸਦੇ ਲੋਕਾਂ ਦੀਆਂ ਸਾਰੀਆਂ ਮੁਸ਼ਕਿਲਾਂ ਨੂੰ ਉਭਾਰਨ ਲਈ ਸਾਰੇ ਪ੍ਰਮੁੱਖ ਕਸਬਿਆਂ ਤੇ ਸ਼ਹਿਰਾਂ ਵਿਚ ਸੈਮੀਨਾਰ ਕਰਵਾਏ ਜਾਣਗੇ। ਮੀਟਿੰਗ ਵਿਚ ਇਹ ਵੀ ਫੈਸਲਾ ਲਿਆ ਗਿਆ ਕਿ ਜਿਸ ਤਰੀਕੇ ਸੰਘੀ ਢਾਂਚਾ ਕਮਜ਼ੋਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ, ਉਸੇ ਤਰੀਕੇ ਖੇਤਰੀ ਪਾਰਟੀਆਂ ਨੂੰ ਕਮਜ਼ੋਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।
ਪਾਰਟੀ ਨੇ ਇਹ ਵੀ ਕਿਹਾ ਕਿ ਪੰਜਾਬ ਨੂੰ ਇਸਦੀ ਰਾਜਧਾਨੀ ਅਤੇ ਦਰਿਆਈ ਪਾਣੀਆਂ ਤੋਂ ਵਿਰਵਾ ਕਰਨ ਸਮੇਤ ਇਸਦੇ ਸਾਰੇ ਮੁੱਦਿਆਂ ’ਤੇ ਸੈਮੀਨਾਰਾਂ ਵਿਚ ਚਰਚਾ ਕੀਤੀ ਜਾਵੇਗੀ। ਇਸ ਮਾਮਲੇ ਵਿਚ ਇਹ ਸੈਮੀਨਾਰ ਕਰਵਾਉਣ ਲਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਤੇ ਸਰਦਾਰ ਹਰਚਰਨ ਸਿੰਘ ਗਰੇਵਾਲ ਦੀ ਸ਼ਮੂਲੀਅਤ ਵਾਲੀ ਕਮੇਟੀ ਦਾ ਗਠਨ ਵੀ ਕੀਤਾ ਗਿਆ।
ਸ਼੍ਰੋਮਣੀ ਕਮੇਟੀ 10 ਤੋਂ 16 ਜਨਵਰੀ ਤੱਕ ਕੱਢੇਗੀ 'ਆਪੇ ਗੁਰ ਚੇਲਾ' ਮਾਰਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਿਹਨਾਂ ਨੇ ਮੀਟਿੰਗ ਵਿਚ ਸ਼ਮੂਲੀਅਤ ਕੀਤੀ, ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਫੈਸਲਾ ਲਿਆ ਹੈ ਕਿ ਉਹ 10 ਤੋਂ 16 ਜਨਵਰੀ ਤੱਕ ਸ੍ਰੀ ਆਨੰਦਪੁਰ ਸਾਹਿਬ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੱਕ ਆਪੇ ਗੁਰ ਚੇਲਾ ਮਾਰਚ ਕੱਢੇਗੀ। ਕੋਰ ਕਮੇਟੀ ਨੇ ਇਸ ਫੈਸਲਾ ਦੀ ਸ਼ਲਾਘਾ ਕਰਦਿਆਂ ਅਕਾਲੀ ਦਲ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਇਸ ਮਾਰਚ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਹ ਵੀ ਫੈਸਲਾ ਲਿਆ ਗਿਆ ਕਿ ਪਾਰਟੀ ਦੇ ਐਸ ਸੀ ਤੇ ਬੀ ਸੀ ਵਿੰਗਾਂ ਤੋਂ ਇਲਾਵਾ ਯੂਥ ਅਕਾਲੀ ਦਲ ਤੇ ਇਸਤਰੀ ਅਕਾਲੀ ਦਲ ਵੀ ਇਸ ਮਾਰਚ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਗੇ।
ਇਸ ਤੋਂ ਇਲਾਵਾ ਇਹ ਵੀ ਫੈਸਲਾ ਲਿਆ ਗਿਆ ਕਿ ਇਸਤਰੀ ਅਕਾਲੀ ਦਲ 12 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਚ ਕਾਨਫਰੰਸ ਆਯੋਜਿਤ ਕਰੇਗੀ ਤੇ ਅਕਾਲੀ ਦਲ ਉਸੇ ਥਾਂ ’ਤੇ 14 ਜਨਵਰੀ ਨੂੰ ਕਾਨਫਰੰਸ ਆਯੋਜਿਤ ਕਰੇਗਾ।