AAP ਦੀ ਸਰਕਾਰ ਨੇ 8 ਮਹੀਨਿਆਂ ’ਚ ਪੰਜਾਬ ਨੂੰ ਡੁਬੋ ਕੇ ਰੱਖ ਦਿੱਤਾ-ਸੁਖਬੀਰ ਸਿੰਘ ਬਾਦਲ

By  Aarti December 14th 2022 01:16 PM -- Updated: December 14th 2022 01:41 PM

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਅੱਜ ਆਪਣਾ 102ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਇਸ ਨੂੰ ਸਮਰਪਿਤ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਜੀ ਸ਼ਹੀਦ ਵਿਖੇ ਪਰਸੋਂ ਤੋਂ ਅਰੰਭੇ ਗਏ ਸ੍ਰੀ ਅਖੰਡ ਪਾਠ ਸਾਹਿਬ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ।


ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ, ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਲਜ਼ਾਰ ਸਿੰਘ ਰਣੀਕੇ, ਕਰਨੈਲ ਸਿੰਘ ਪੀਰ ਮੁਹੰਮਦ, ਹੀਰਾ ਸਿੰਘ ਗਾਬੜੀਆ ਸਮੇਤ ਅਨੇਕਾਂ ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਸੰਗਤ ਸ਼ਾਮਲ ਹੋਈਆਂ।


ਮੀਡੀਆ ਨਾਲ ਰੂਬਰੂ ਹੁੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਮਰਜੈਂਸੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਸਭ ਤੋਂ ਵੱਧ ਗ੍ਰਿਫਤਾਰੀਆਂ ਦਿੱਤੀਆਂ ਸੀ। ਜ਼ੁਲਮ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਲੜਾਈ ਲੜੀ ਹੈ ਅਤੇ ਲੜਦਾ ਰਹੇਗਾ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਮੁੱਚੇ ਪੰਥ ਦੀ ਜਥੇਬੰਦੀ ਹੈ। ਬਹੁਤ ਹੀ ਤਾਕਤਾਂ ਇਸ ਨੂੰ ਤੋੜਨ ਵਿੱਚ ਲੱਗੀ ਹੋਈ ਹੈ ਜਿਨ੍ਹਾਂ ਨੂੰ ਪਛਾਣਨ ਦੀ ਲੋੜ ਹੈ। 


ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਪੰਜਾਬ ਦਾ ਮੁੱਖ ਮੰਤਰੀ ਨਿਕੰਮਾ ਨਿਕਲਿਆ ਹੈ। ਪੰਜਾਬ ਦੇ ਹਾਲਤ ਇਸ ਸਮੇਂ ਬਦ ਤੋਂ ਬਦਤਰ ਹੋਏ ਪਏ ਹਨ। 8 ਮਹੀਨਿਆਂ ਚ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਡੁਬੋ ਦਿੱਤਾ ਹੈ। ਡਰੱਗਸ ਕਰਕੇ ਸੂਬੇ ਵਿੱਚ ਮੌਤਾਂ ਦਾ ਅੰਕੜਾ ਵਧਿਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਗੇ ਕਿਹਾ ਕਿ ਕੋਰ ਕਮੇਟੀ ਦੀ ਮੀਟਿੰਗ ਵਿੱਚ ਪੰਜਾਬ ਦੇ ਹਾਲਾਤ ’ਤੇ ਚਰਚਾ ਕੀਤਾ ਜਾਵੇਗੀ। 


ਉਨ੍ਹਾਂ ਨੇ ਇਹ ਵੀ ਕਿਹਾ ਕਿ ਨਿੱਜੀ ਬੱਸ ਆਪਰੇਟਰਾਂ ਨੂੰ ਮਾਫੀਆ ਕਹਿਣ ਵਾਲੇ ਮੰਤਰੀ ਨੂੰ ਸ਼ਰਮ ਕਰਨੀ ਚਾਹੀਦੀ ਹੈ। ਜੇਕਰ ਅੱਜ ਤੋਂ ਬਾਅਦ ਕਿਸੇ ਨੇ ਵੀ ਟਰਾਂਸਪੋਰਟ ਮਾਫੀਆ ਕਿਹਾ ਤਾਂ ਉਨ੍ਹਾਂ ਨੂੰ ਕਾਨੂੰਨੀ ਨੋਟਿਸ ਕਰਕੇ ਕੋਰਟ ਵਿੱਚ ਲੈ ਕੇ ਜਾਇਆ ਜਾਵੇਗਾ। 

ਇਹ ਵੀ ਪੜੋ: ਸਾਬਕਾ ਭਾਜਪਾ ਕੌਂਸਲਰ ਦੇ ਬੇਟੇ ਨੇ ਪੈਟਰੌਲ ਪੰਪ 'ਤੇ ਕੀਤੀ ਫਾਇਰਿੰਗ

Related Post