ਸੁਖਜਿੰਦਰ ਰੰਧਾਵਾ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਦੋ ਵਿਧਾਇਕਾਂ ਦੇ ਅਸਤੀਫੇ ਬਾਕੀ

ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੁਖਜਿੰਦਰ ਰੰਧਾਵਾ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਹਨ, ਉਨ੍ਹਾਂ ਨੇ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਹੈ।

By  Dhalwinder Sandhu June 14th 2024 10:58 AM

Sukhjinder Randhawa Resigned: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ  ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਹੈ। ਉਹ ਗੁਰਦਾਸਪੁਰ ਸੀਟ ਤੋਂ ਲੋਕ ਸਭਾ ਚੋਣ ਜਿੱਤ ਕੇ ਸੰਸਦ ਪੁੱਜੇ ਹਨ। ਉਨ੍ਹਾਂ ਨੇ ਚੋਣਾਂ ਵਿੱਚ ਭਾਜਪਾ ਦੇ ਦਿਨੇਸ਼ ਬੱਬੂ ਨੂੰ ਹਰਾਇਆ ਹੈ। ਉਨ੍ਹਾਂ ਨੂੰ 364043 ਵੋਟਾਂ ਮਿਲੀਆਂ ਹਨ। 

ਚਾਰ ਵਿਧਾਇਕ ਲੋਕ ਸਭਾ ਚੋਣ ਜਿੱਤ ਕੇ ਪੁੱਜੇ ਹਨ ਸੰਸਦ 

ਇਸ ਵਾਰ ਪੰਜਾਬ ਦੇ ਕੁੱਲ ਚਾਰ ਵਿਧਾਇਕ ਲੋਕ ਸਭਾ ਚੋਣ ਜਿੱਤ ਸੰਸਦ ਪੁੱਜੇ ਹਨ। ਇਹਨਾਂ ਵਿੱਚ ਕਾਂਗਰਸ ਦੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਬਰਨਾਲਾ ਤੋਂ ‘ਆਪ’ ਦੇ ਵਿਧਾਇਕ ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਰਾਜ ਕੁਮਾਰ ਚੱਬੇਵਾਲ ਸ਼ਾਮਲ ਹਨ। 

ਦੋ ਵਿਧਾਇਕਾਂ ਦੇ ਅਸਤੀਫੇ ਬਾਕੀ

ਇਨ੍ਹਾਂ ਵਿੱਚੋਂ ਰਾਜ ਕੁਮਾਰ ਚੱਬੇਵਾਲ ਨੇ ਪਹਿਲਾਂ ਹੀ ਆਪਣਾ ਅਸਤੀਫਾ ਸਪੀਕਰ ਨੂੰ ਭੇਜ ਦਿੱਤਾ ਸੀ। ਜਦਕਿ ਹੁਣ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣਾ ਅਸਤੀਫਾ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਬਾਕੀ ਦੋਵੇਂ ਵਿਧਾਇਕਾਂ ਨੂੰ ਵੀ ਅਸਤੀਫਾ ਦੇਣਾ ਪਵੇਗਾ। ਇਸ ਤੋਂ ਬਾਅਦ ਸਪੀਕਰ ਇਸ ਬਾਰੇ ਚੋਣ ਕਮਿਸ਼ਨ ਨੂੰ ਸੂਚਿਤ ਕਰਨਗੇ। ਚੋਣ ਕਮਿਸ਼ਨ ਇਨ੍ਹਾਂ ਵਿਧਾਇਕਾਂ ਦੀਆਂ ਸੀਟਾਂ 'ਤੇ ਉਪ ਚੋਣਾਂ ਕਰਵਾਉਣ ਬਾਰੇ ਫੈਸਲਾ ਲਵੇਗਾ। ਹਾਲਾਂਕਿ ਜਲੰਧਰ ਪੱਛਮੀ ਸੀਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਅਸਤੀਫਾ ਦੇ ਦਿੱਤਾ ਸੀ। ਜਿੱਥੇ ਹੁਣ ਚੋਣਾਂ ਹੋਣ ਜਾ ਰਹੀਆਂ ਹਨ।

ਇਹ ਵੀ ਪੜੋ: ਸੁਖਬੀਰ ਸਿੰਘ ਬਾਦਲ ਨੇ ਭਵਿੱਖ ਦੇ ਏਜੰਡੇ ਤੇ ਰਣਨੀਤੀ ਬਾਰੇ ਆਗੂਆਂ ਤੋਂ ਲਈ ਰਾਇ

Related Post