ਭਰਤੀ ਪ੍ਰੀਖਿਆ 'ਚ ਨਕਲ ਮਾਰਨ ਜਾਂ ਮਰਵਾਉਣ ਵਾਲੇ ਨੂੰ ਹੋਵੇਗੀ ਉਮਰ ਕੈਦ ਦੀ ਸਜ਼ਾ

By  Ravinder Singh February 11th 2023 03:03 PM

ਦੇਹਰਾਦੂਨ : ਉੱਤਰਾਖੰਡ 'ਚ ਪੇਪਰ ਲੀਕ ਤੇ ਨਕਲ ਦੀਆਂ ਵੱਧ ਰਹੀਆਂ ਘਟਨਾਵਾਂ ਦਰਮਿਆਨ ਸੂਬਾ ਸਰਕਾਰ ਨੇ ਇਕ ਸਖ਼ਤ ਨਕਲ ਵਿਰੋਧੀ ਕਾਨੂੰਨ ਲਾਗੂ ਕਰ ਦਿੱਤਾ ਹੈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ ਰਾਜਪਾਲ ਨੇ ਸੂਬਾ ਸਰਕਾਰ ਵੱਲੋਂ ਭੇਜੇ ਗਏ ਦੇਸ਼ ਦੇ ਸਭ ਤੋਂ ਸਖ਼ਤ ''ਨਕਲ ਵਿਰੋਧੀ ਕਾਨੂੰਨ'' ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ।


ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਨੇ ਸੂਬੇ ਵਿੱਚ ਭਰਤੀ ਪ੍ਰੀਖਿਆਵਾਂ ਵਿੱਚ ਨਕਲ ਤੇ ਹੋਰ ਗਲਤ ਢੰਗ ਵਰਤਣ ਖ਼ਿਲਾਫ਼ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ।


ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਕਾਨੂੰਨ ਬਣ ਗਿਆ ਹੈ। ਉੱਤਰਾਖੰਡ ਵਿੱਚ ਭਰਤੀ ਪ੍ਰੀਖਿਆਵਾਂ ਵਿੱਚ ਪ੍ਰਸ਼ਨ ਪੱਤਰ ਛਾਪਣ ਤੋਂ ਲੈ ਕੇ ਨਤੀਜੇ ਪ੍ਰਕਾਸ਼ਿਤ ਕਰਨ ਤੱਕ ਜੇ ਕੋਈ ਵਿਅਕਤੀ ਗਲਤ ਢੰਗ ਅਪਣਾਉਣ ਦਾ ਦੋਸ਼ੀ ਸਾਬਤ ਹੋਇਆ ਤਾਂ ਉਸ ਨੂੰ ਹੁਣ ਵੱਧ ਤੋਂ ਵੱਧ ਉਮਰ ਕੈਦ ਅਤੇ 10 ਕਰੋੜ ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਹੋ ਸਕਦੀ ਹੈ।

ਇਹ ਵੀ ਪੜ੍ਹੋ : ਸੀਬੀਆਈ ਨੇ ਆਈਪੀਐਸ ਕੁਲਦੀਪ ਚਾਹਲ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਭੇਜਿਆ ਨੋਟਿਸ

ਅਜਿਹੀਆਂ ਕਾਰਵਾਈਆਂ ਤੋਂ ਹਾਸਲ ਕੀਤੀ ਉਨ੍ਹਾਂ ਦੀ ਜਾਇਦਾਦ ਵੀ ਜ਼ਬਤ ਕਰ ਲਈ ਜਾਵੇਗੀ। ਗੌਰਤਲਬ ਹੈ ਕਿ ਸੂਬੇ ਦੇ ਨੌਜਵਾਨ ਬੇਰੁਜ਼ਗਾਰ ਯੂਨੀਅਨ ਦੇ ਬੈਨਰ ਹੇਠ ਭਰਤੀ ਪ੍ਰੀਖਿਆਵਾਂ ਵਿੱਚ ਕਥਿਤ ਘਪਲੇਬਾਜ਼ੀ ਦਾ ਵਿਰੋਧ ਕਰ ਰਹੇ ਹਨ।

Related Post