ਵਿਜੀਲੈਂਸ ਨੇ 2022 'ਚ ਰਿਸ਼ਵਤਖੋਰੀ ਦੇ 129 ਕੇਸਾਂ 'ਚ 172 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ 129 ਕੇਸਾਂ ਵਿੱਚ ਕੁੱਲ 172 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ 83 ਮੁਲਜ਼ਮ 65 ਟਰੈਪ ਕੇਸਾਂ ਵਿੱਚ ਅਤੇ 64 ਆਨਲਾਈਨ ਸ਼ਿਕਾਇਤਾਂ ਦੇ ਅਧਾਰ ਤੇ ਕਾਬੂ ਕੀਤੇ 89 ਵਿਅਕਤੀ ਸ਼ਾਮਿਲ ਹਨ।
ਵਿਜੀਲੈਂਸ ਬਿਊਰੋ ਦੇ ਚੀਫ਼ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਵਿਜੀਲੈਂਸ ਬਿਓਰੋ ਨੇ 1 ਜਨਵਰੀ 2022 ਤੋਂ 31 ਦਸੰਬਰ 2022 ਤੱਕ ਪੰਜਾਬ ਪੁਲਿਸ ਦੇ 30 ਮੁਲਾਜ਼ਮ, ਮਾਲ ਵਿਭਾਗ ਦੇ 13, ਬਿਜਲੀ ਵਿਭਾਗ ਦੇ 5 ਅਤੇ ਸਥਾਨਕ ਸਰਕਾਰਾਂ ਵਿਭਾਗ ਦੇ 4 ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।ਉਨਾਂ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਨੇ ਪਿਛਲੇ ਸਾਲ 23 ਮਾਰਚ ਨੂੰ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਸ਼ੁਰੂ ਕੀਤੀ ਸੀ, ਜਿਸ ਦੇ ਸਾਕਾਰਤਮਕ ਨਤੀਜੇ ਸਾਹਮਣੇ ਆਏ ਹਨ।
371 ਮੁਲਜ਼ਮਾਂ ਖਿਲਾਫ 135 ਅਪਰਾਧਿਕ ਮਾਮਲੇ ਦਰਜ
ਵਰਿੰਦਰ ਕੁਮਾਰ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ 371 ਮੁਲਜਮਾਂ ਵਿਰੁੱਧ 135 ਅਪਰਾਧਿਕ ਕੇਸ ਦਰਜ ਕੀਤੇ ਹਨ, ਜਿਨਾਂ ਵਿੱਚ 35 ਗਜਟਿਡ ਅਫਸਰ, 163 ਨਾਨ-ਗਜਟਿਡ ਅਫਸਰ ਅਤੇ 173 ਪ੍ਰਾਈਵੇਟ ਵਿਅਕਤੀ ਸ਼ਾਮਲ ਹਨ। ਇਸ ਤੋਂ ਇਲਾਵਾ ਪਿਛਲੇ ਸਾਲ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਦੀ ਜਾਂਚ ਲਈ 139 ਸ਼ੱਕੀ ਵਿਅਕਤੀਆਂ ਵਿਰੁੱਧ 103 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ, ਜਿੰਨਾਂ ਵਿੱਚ 35 ਗਜ਼ਟਿਡ ਅਫਸਰ, 58 ਨਾਨ-ਗਜਟਿਡ ਅਫਸਰ ਅਤੇ 46 ਪ੍ਰਾਈਵੇਟ ਵਿਅਕਤੀ ਸ਼ਾਮਲ ਹਨ। ਇਸ ਤੋਂ ਇਲਾਵਾ, ਇੱਕ ਗਜ਼ਟਿਡ ਅਫਸਰ ਅਤੇ ਨਾਨ-ਗਜਟਿਡ ਅਫਸਰ ਦੇ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ 2 ਕੇਸ ਵੀ ਦਰਜ ਕੀਤੇ ਗਏ।
ਵਰਿੰਦਰ ਕੁਮਾਰ ਨੇ ਹੋਰ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ 19 ਵੱਖ-ਵੱਖ ਵਿਜੀਲੈਂਸ ਕੇਸਾਂ ਵਿੱਚ ਦੋਸ਼ੀ 2 ਗਜ਼ਟਿਡ ਅਫਸਰ, 18 ਨਾਨ-ਗਜਟਿਡ ਅਫਸਰਾਂ ਅਤੇ 10 ਪ੍ਰਾਈਵੇਟ ਵਿਅਕਤੀਆਂ ਨੂੰ ਪੰਜ ਸਾਲ ਤੱਕ ਦੀ ਸਜਾ ਸੁਣਾਈ ਹੈ। ਵਿਸ਼ੇਸ਼ ਅਦਾਲਤਾਂ ਨੇ 5,000 ਤੋਂ 33,00,000 ਰੁਪਏ ਦੇ ਵੱਖ-ਵੱਖ ਜੁਰਮਾਨੇ ਵੀ ਲਗਾਏ, ਜੋ ਕੁੱਲ ਰਕਮ 37,90,000, ਬਣਦੀ ਹੈ।
ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਮਿਲੀਆਂ 3,72,175 ਸ਼ਿਕਾਇਤਾਂ
ਆਮ ਲੋਕਾਂ ਲਈ ਮੁੱਖ ਮੰਤਰੀ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ ਸਹੂਲਤ ਦੀ ਸਫਲਤਾ ਬਾਰੇ ਹੋਰ ਵੇਰਵੇ ਸਾਂਝੇ ਕਰਦਿਆਂ ਉਨਾਂ ਦੱਸਿਆ ਕਿ ਪਿਛਲੇ ਸਾਲ ਕੁੱਲ 3,72,175 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨਾਂ ਵਿੱਚੋਂ 6,407 ਸ਼ਿਕਾਇਤਾਂ ਆਡੀਓ/ਵੀਡੀਓ ਰਿਕਾਰਡਿੰਗ ਸਮੇਤ 294 ਸ਼ਿਕਾਇਤਾਂ ਵਿਜੀਲੈਂਸ ਬਿਊਰੋ ਬਾਰੇ ਪ੍ਰਾਪਤ ਹੋਈਆਂ ਹਨ।
ਉਨਾਂ ਦੱਸਿਆ ਕਿ ਪ੍ਰਾਪਤ ਹੋਈਆਂ ਆਨਲਾਈਨ ਸ਼ਿਕਾਇਤਾਂ ਦੇ ਅਧਾਰ ‘ਤੇ 26 ਨਾਗਰਿਕਾਂ, 27 ਪੁਲਿਸ ਮੁਲਾਜ਼ਮਾਂ ਅਤੇ 29 ਸਿਵਲ ਵਿਭਾਗਾਂ ਦੇ ਕਰਮਚਾਰੀਆਂ ਵਿਰੁੱਧ 64 ਮੁਕੱਦਮੇ ਦਰਜ ਕੀਤੇ ਗਏ ਜਿਸ ਵਿੱਚ 89 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।
ਇਸ ਤੋਂ ਇਲਾਵਾ 2,970 ਸ਼ਿਕਾਇਤਾਂ ਹੋਰ ਵਿਭਾਗਾਂ ਨਾਲ ਸਬੰਧਤ ਪਾਈਆਂ ਗਈਆਂ, ਜੋ ਸਬੰਧਤ ਵਿਭਾਗਾਂ ਨੂੰ ਭੇਜ ਦਿੱਤੀਆਂ ਗਈਆਂ ਹਨ। ਕੁੱਲ 3,143 ਸ਼ਿਕਾਇਤਾਂ ਅਪ੍ਰਸੰਗਿਕ, ਜੰਕ ਪੋਸਟਾਂ ਆਦਿ ਪਾਈਆਂ ਗਈਆਂ, ਜੋ ਕਿ ਆਮ ਸਨ।