ਵਿਜੀਲੈਂਸ ਬਿਊਰੋ ਵੱਲੋਂ ASI ਰਿਸ਼ਵਤ ਲੈਂਦਾ ਕਾਬੂ

By  Pardeep Singh November 29th 2022 03:53 PM

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕੁਲਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰ. 6, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਮੁਲਜ਼ਮ ਏ.ਐਸ.ਆਈ. ਕੁਲਵਿੰਦਰ ਸਿੰਘ (ਨੰ. 2788/ਲੁਧਿਆਣਾ) ਨੂੰ ਗੁਰਪ੍ਰੀਤ ਸਿੰਘ ਵਾਸੀ ਸਤਜੋਤ ਨਗਰ, ਧਾਂਦਰਾ, ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਇਲਜ਼ਾਮ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਉਸ ਦੀ ਭਾਣਜੀ ਵਿਰੁੱਧ ਦਰਜ ਪੁਲਿਸ ਕੇਸ ਸਬੰਧੀ ਅਦਾਲਤ ਵਿੱਚ ਚਲਾਨ ਪੇਸ਼ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਉਕਤ ਏ.ਐਸ.ਆਈ. ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ, ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Related Post