ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦਿਆਂ ਪੰਚਾਇਤੀ ਰਾਜ ਦੇ ਜੇ.ਈ. ਨੂੰ ਕੀਤਾ ਕਾਬੂ

By  Jasmeet Singh November 15th 2022 09:31 PM

ਪਟਿਆਲਾ/ਚੰਡੀਗੜ੍ਹ, 15 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਚਾਇਤੀ ਰਾਜ ਵਿਭਾਗ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਜੇ.ਈ. ਬਲਬੀਰ ਕੁਮਾਰ ਨੂੰ ਸਰਪੰਚ ਅਪਾਰ ਸਿੰਘ ਵਾਸੀ ਪਿੰਡ ਜੁਲਕਾਂ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਜੇ.ਈ. ਉਸ ਨੂੰ ਗ੍ਰਾਮ ਪੰਚਾਇਤ ਵੱਲੋਂ ਮੁਕੰਮਲ ਕੀਤੇ ਵਿਕਾਸ ਕਾਰਜਾਂ ਲਈ ਵਰਤੋਂ ਸਰਟੀਫਿਕੇਟ ਜਾਰੀ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਪਟਿਆਲਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਪੰਚਾਇਤਾਂ ਅਤੇ ਪੇਂਡੂ ਵਿਕਾਸ ਵਿਭਾਗ, ਪੰਜਾਬ ਦੇ ਉਕਤ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਦੋਸ਼ੀ ਜੇ.ਈ. ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Related Post