Virsa Singh Valtoha : ਵਿਰਸਾ ਸਿੰਘ ਵਲਟੋਹਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ, ਜਾਣੋ ਕੀ ਕਿਹਾ
Virsa Singh Valtoha : ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।
Virsa Singh Valtoha : ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਵਲਟੋਹਾ ਨੇ ਕਿਹਾ ਸਿੰਘ ਸਾਹਿਬਾਨ ਦਾ ਫੈਸਲਾ ਮੈਂ ਸਿਰ ਝੁਕਾਕੇ ਪ੍ਰਵਾਨ ਕਰਦਾ ਹਾਂ।
ਕੀ ਕਿਹਾ ਵਿਰਸਾ ਸਿੰਘ ਵਲਟੋਹਾ ਨੇ ?
ਸ਼੍ਰੀ ਅਕਾਲ ਤਖਤ ਸਾਹਿਬ 'ਤੇ ਅੱਜ ਸਿੰਘ ਸਾਹਿਬਾਨ ਸਾਹਮਣੇ ਹੋਈ ਮੇਰੀ ਪੇਸ਼ੀ ਤੋਂ ਬਾਦ ਮੇਰੇ ਬਾਰੇ ਜੋ ਆਦੇਸ਼ ਜਾਰੀ ਕੀਤਾ ਗਿਆ ਹੈ ਉਸਨੂੰ ਸਿਰ ਝੁਕਾ ਕੇ ਪ੍ਰਵਾਨ ਕਰਦਾ ਹਾਂ। ਇਸ ਆਦੇਸ਼ ਨੂੰ ਲਾਗੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਕਿਸੇ ਵੀ ਸੰਕਟ 'ਚ ਪਾਏ ਬਿਨਾਂ ਮੈਂ ਖੁਦ ਹੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਨੂੰ ਛੱਡਦਾ ਹਾਂ। ਮੈਨੂੰ ਪਤਾ ਹੈ ਕਿ ਅਕਾਲੀ ਦਲ ਦੀ ਲੀਡਰਸ਼ਿਪ ਮੈਨੂੰ ਬਹੁਤ ਪਿਆਰ ਕਰਦੀ ਹੈ ਤੇ ਉਹ ਮੈਨੂੰ ਹਮੇਸ਼ਾਂ ਹੀ ਪੰਥਕ ਸੋਚ ਵਾਲੇ ਟਕਸਾਲੀ ਅਕਾਲੀ ਦਾ ਦਰਜਾ ਦਿੰਦੀ ਹੈ।
ਦੱਸ ਦਈਏ ਕਿ ਇਸਤੋਂ ਪਹਿਲਾਂ ਸ੍ਰੀ ਅਕਾਲ ਸਾਹਿਬ ਵੱਲੋਂ ਵਿਰਸਾ ਸਿੰਘ ਵਲਟੋਹਾ ਦੇ ਮਾਮਲੇ 'ਚ ਵੱਡਾ ਫੈਸਲਾ ਸੁਣਾਉਂਦਿਆਂ ਪੰਜ ਸਿੰਘ ਸਾਹਿਬਾਨ ਨੇ ਸੀਨੀਅਰ ਅਕਾਲੀ ਲੀਡਰ ਨੂੰ ਅਕਾਲੀ ਦਲ ਵਿਚੋਂ 10 ਸਾਲ ਲਈ ਬਾਹਰ ਕਰਨ ਦੇ ਹੁਕਮ ਜਾਰੀ ਕੀਤੇ ਸਨ। ਪੰਜ ਸਿੰਘ ਸਾਹਿਬਾਨ ਨੇ ਨਾਲ ਹੀ 24 ਘੰਟੇ ਦੇ ਅੰਦਰ-ਅੰਦਰ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰਨ ਅਤੇ ਸਾਰੇ ਅਹੁਦਿਆਂ ਤੋਂ ਬਰਖਾਸਤ ਕਰਨ ਦਾ ਵੀ ਹੁਕਮ ਦਿੱਤਾ।
ਸਿੰਘ ਸਾਹਿਬਾਨ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਗਿਆ ਸੀ ਕਿ ਵਿਰਸਾ ਸਿੰਘ ਵਲਟੋਹਾ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨਾਲ ਹੋਈ ਗੱਲਬਾਤ ਦੀ ਬਿਨਾਂ ਦੱਸੇ ਰਿਕਾਰਡਿੰਗ ਕਰਕੇ ਵਿਸ਼ਵਾਸਘਾਤ ਕਰਨਾ, ਸੁਣੀਆਂ-ਸੁਣਾਈਆਂ ਗੱਲਾਂ ਦੇ ਅਧਾਰ 'ਤੇ ਮੀਡੀਆ ਵਿਚ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨਾ, ਜਥੇਦਾਰ ਸਾਹਿਬਾਨ ਦੀਆਂ ਵਿਦੇਸ਼ ਵਿਚ ਜਾਇਦਾਦਾਂ ਸਬੰਧੀ ਦਿੱਤੇ ਝੂਠੇ ਬਿਆਨ ਸਬੰਧੀ ਕੋਈ ਪੁਖਤਾ ਸਬੂਤ ਪੇਸ਼ ਕਰਨ ਦੀ ਬਜਾਏ ਝੂਠੀਆਂ ਤੇ ਬੇਬੁਨਿਆਦ ਗੱਲਾਂ ਕਰਕੇ ਸਿੰਘ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।