ਪ੍ਰਕਾਸ਼ ਸਿੰਘ ਬਾਦਲ ਸਮੇਤ ਪੰਜਾਬ ਦੇ ਇਨ੍ਹਾਂ ਵੱਡੇ ਸਿਆਸਤਦਾਨਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ
ਚੰਡੀਗੜ੍ਹ: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਅੱਜ ਪੰਜਾਬ ਦੇ ਵੱਡੇ ਸਿਆਸਤਦਾਨਾਂ ਨੇ ਨਾਮਜ਼ਦਗੀ ਫਾਇਲ ਕੀਤੀ ਹੈ। ਦੱਸ ਦਈਏ ਕਿ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਸ਼੍ਰੋਮਣੀ ਅਕਾਲੀ ਦਲ ਆਗੂ ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਜਲਾਲਾਬਾਦ ਸੀਟ ਤੋਂ ਆਪਣੀ ਨਾਮਜ਼ਦਗੀ ਭਰੀ ਹੈ। ਇਹ ਵੀ ਪੜ੍ਹੋ: ਬਜਟ ਸੈਸ਼ਨ 2022: ਪ੍ਰਧਾਨ ਮੰਤਰੀ ਵੱਲੋਂ ਸੰਸਦ ਮੈਂਬਰਾਂ ਨੂੰ ਕੀਤੀ ਗਈ ਇਹ ਅਪੀਲ ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸ਼ਹਿਰੀ ਤੋਂ, ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਭਦੌੜ ਤੋਂ ਅਤੇ ਅਕਾਲੀ ਬਸਪਾ ਦੇ ਡਾ ਦਲਜੀਤ ਸਿੰਘ ਚੀਮਾ ਨੇ ਰੋਪੜ ਤੋਂ ਨਾਮਜ਼ਦਗੀ ਦਾਖ਼ਲ ਕੀਤੀ ਹੈ। ਸਾਬਕਾ ਕੈਬਿਨਟ ਮੰਤਰੀ ਅਨਿਲ ਜੋਸ਼ੀ ਨੇ ਹਲਕਾ ਅੰਮ੍ਰਿਤਸਰ ਉੱਤਰੀ ਤੋਂ ਅਕਾਲੀ ਦਲ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਕਾਗਜ਼ ਦਾਖਿਲ ਕੀਤੇ ਹਨ। ਅਨਿਲ ਜੋਸ਼ੀ ਨੇ ਆਪਣੀ ਜਿੱਤ ਤੇ ਅਕਾਲੀ ਦਲ ਦੀ ਸਰਕਾਰ ਬਣਨ ਦਾ ਦਾਅਵਾ ਵੀ ਕੀਤਾ ਹੈ। ਦੱਸ ਦਈਏ ਕਿ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਚੋਣਾਂ ਹੋ ਰਹੀਆਂ ਹਨ। ਜਿਸ ਲਈ ਹੁਣ ਤੱਕ 619 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਪੰਜਾਬ ਵਿੱਚ ਨਾਮਜ਼ਦਗੀਆਂ 1 ਫਰਵਰੀ ਯਾਨੀ ਕੱਲ੍ਹ ਤੱਕ ਹੀ ਦਾਖ਼ਲ ਹੋਣੀਆਂ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਹੋਵੇਗੀ। 4 ਫਰਵਰੀ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਵੋਟਾਂ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਇਸ ਦੇ ਨਾਲ ਹੀ ਪੰਜਾਬ ਵਿੱਚ ਅੰਮ੍ਰਿਤਸਰ (ਪੂਰਬੀ) ਸਭ ਤੋਂ ਅਹਿਮ ਸੀਟ ਬਣ ਉੱਭਰੀ ਹੈ ਜਿੱਥੋਂ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਅਤੇ ਮੁੱਖ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਇਸ ਸੀਟ ਤੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਧੂਰੀ ਸੀਟ ਤੋਂ ਆਮ ਆਦਮੀ ਪਾਰਟੀ ਦੇ ਸੀਐਮ ਚਿਹਰੇ ਭਗਵੰਤ ਮਾਨ ਨੇ ਵੀ ਨਾਮਜ਼ਦਗੀ ਭਰੀ ਹੈ। ਇਹ ਵੀ ਪੜ੍ਹੋ: ਭਾਰਤ ਵਿੱਚ ਬਣੇ ਕੋਵਿਡ-19 ਟੀਕੇ ਵਿਸ਼ਵ ਨੂੰ ਮਹਾਂਮਾਰੀ ਤੋਂ ਮੁਕਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ: ਰਾਸ਼ਟਰਪਤੀ ਕੋਵਿੰਦ ਨਾਮਜ਼ਦਗੀਆਂ ਦੇ ਸਮੇਂ ਕੋਰੋਨਾ ਮਹਾਂਮਾਰੀ ਦੀ ਵਾਪਸੀ ਕਾਰਨ ਉਮੀਦਵਾਰਾਂ ਦੇ ਪ੍ਰਦਰਸ਼ਨ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਉਮੀਦਵਾਰ ਅਤੇ ਉਸਦੇ 2 ਸਾਥੀ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਦੇ 100 ਮੀਟਰ ਦੇ ਘੇਰੇ ਵਿੱਚ ਆ ਸਕਦੇ ਹਨ। ਉਨ੍ਹਾਂ ਨੂੰ ਸਿਰਫ਼ 2 ਵਾਹਨ ਲਿਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਕੋਰੋਨਾ ਨਿਯਮਾਂ ਦੀ ਉਲੰਘਣਾ ਨਾ ਕਰਨ ਲਈ ਰਿਟਰਨਿੰਗ ਅਫ਼ਸਰ ਦਫ਼ਤਰ ਵਿੱਚ 100 ਮੀਟਰ ਦੇ ਘੇਰੇ ਵਿੱਚ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਜਿਸ ਦੀ ਪੂਰੀ ਰਿਪੋਰਟ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਭੇਜੀ ਜਾਵੇਗੀ। ਇਸ ਤੋਂ ਇਲਾਵਾ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਦੇ 100 ਮੀਟਰ ਦੇ ਦਾਇਰੇ ਵਿੱਚ ਇੱਕ ਸਮੇਂ ਵਿੱਚ ਸਿਰਫ਼ ਇੱਕ ਉਮੀਦਵਾਰ ਨੂੰ ਹੀ ਆਉਣ ਦੀ ਇਜਾਜ਼ਤ ਹੈ। -PTC News