ਇਸਲਾਮਾਬਾਦ : ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਬੇਭਰੋਸਗੀ ਮਤੇ ਨੂੰ ਖਾਰਜ ਕਰਨ ਅਤੇ ਰਾਸ਼ਟਰਪਤੀ ਦੀ ਸਲਾਹ ਉਤੇ ਸੰਸਦ ਨੂੰ ਭੰਗ ਕਰਨ ਦੇ ਮਾਮਲੇ ਦੀ ਅੱਜ ਚੌਥੇ ਦਿਨ ਸੁਣਵਾਈ ਕਰਨ ਤੋਂ ਬਾਅਦ ਆਪਣਾ ਫ਼ੈਸਲਾ ਸੁਣਾਉਂਦਿਆਂ ਕੌਮੀ ਅਸੈਂਬਲੀ ਮੁੜ ਬਹਾਲ ਕਰਨ ਦੇ ਹੁਕਮ ਦਿੱਤੇ। ਸਿਖਰਲੀ ਅਦਾਲਤ ਵੱਲੋਂ ਕੌਮੀ ਅਸੈਂਬਲੀ ਦੇ ਸਪੀਕਰ ਨੂੰ ਬੇਭਰੋਸਗੀ ਸਬੰਧੀ ਵੋਟਿੰਗ ਕਰਵਾਉਣ ਲਈ 9 ਅਪਰੈਲ ਨੂੰ ਸੈਸ਼ਨ ਸੱਦਣ ਦੇ ਹੁਕਮ ਵੀ ਦਿੱਤੇ। ਜ਼ਿਕਰਯੋਗ ਹੈ ਕਿ ਪਾਕਿਸਤਾਨ ਅਸੈਂਬਲੀ ਦੇ ਡਿਪਟੀ ਸਪੀਕਰ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਰੱਦ ਕਰ ਦਿੱਤਾ ਤੇ ਇਸ ਨੂੰ ਪਾਕਿਸਤਾਨ ਦੇ ਸੰਵਿਧਾਨ ਅਤੇ ਨਿਯਮਾਂ ਦੇ ਖ਼ਿਲਾਫ਼ ਕਰਾਰ ਦਿੱਤਾ। ਇਸ ਦੌਰਾਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅਸੈਂਬਲੀ ਭੰਗ ਕਰਨ ਦੀ ਰਾਸ਼ਟਰਪਤੀ ਨੂੰ ਸਿਫਾਰਸ਼ ਕੀਤੀ। ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਲਾਹ 'ਤੇ ਨੈਸ਼ਨਲ ਅਸੈਂਬਲੀ ਨੂੰ ਭੰਗ ਕਰ ਦਿੱਤਾ ਅਤੇ 90 ਦਿਨਾਂ ਵਿੱਚ ਚੋਣ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਪਾਕਿਸਤਾਨ ਦੀ ਸੰਸਦ ਵਿੱਚ ਲਏ ਗਏ ਫ਼ੈਸਲੇ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਵੱਡੀ ਰਾਹਤ ਦਿੱਤੀ ਸੀ। ਪਾਕਿਸਤਾਨ ਦੀ ਸੰਸਦ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤੇ ਨੂੰ ਖ਼ਾਰਜ ਕਰ ਦਿੱਤਾ ਸੀ। ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਦੇ ਡਿਪਟੀ ਸਪੀਕਰ ਕਾਸਿਮ ਖ਼ਾਨ ਸੂਰੀ ਨੇ ਵਿਦੇਸ਼ੀ ਦਾ ਦੋਸ਼ ਲਗਾਉਂਦੇ ਹੋਏ ਬੇਭਰੋਸਗੀ ਮਤੇ ਨੂੰ ਰੱਦ ਕਰ ਦਿੱਤਾ ਹੈ। ਸੂਰੀ ਨੇ ਕਿਹਾ ਕਿ ਕਿਸੇ ਵੀ ਦੂਜੇ ਦੇਸ਼ ਨੂੰ ਹੱਕ ਨਹੀਂ ਹੈ ਕਿ ਉਹ ਪਾਕਿਸਤਾਨ ਦੀ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰੇ। ਉਧਰ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਰਾਸ਼ਟਰਪਤੀ ਆਰਿਫ ਅਲਫੀ ਨੂੰ ਦੇਸ਼ ਦੀ ਸੰਸਦ ਭੰਗ ਕਰਨ ਦੀ ਸਿਫਾਰਿਸ਼ ਕੀਤੀ ਸੀ। ਕੌਮ ਦੇ ਨਾਮ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਉਹ ਜਨਤਾ ਨੂੰ ਮੁਬਾਰਕਬਾਦ ਦਿੰਦੇ ਹਨ ਕਿ ਦੇਸ਼ ਖ਼ਿਲਾਫ਼ ਸਾਜ਼ਿਸ਼ ਨਾਕਾਮ ਹੋ ਗਈ ਸੀ। ਉਨ੍ਹਾਂ ਚੋਣਾਂ ਦੀ ਤਿਆਰੀ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਹੁਣ ਦੇਸ਼ ਵਾਸੀ ਫ਼ੈਸਲਾ ਕਰਨ ਕਿ ਸਹੀ ਕੌਣ ਸੀ। ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਗਿਰੋਹ ਦੇ ਦੋ ਗੁਰਗੇ ਹਥਿਆਰਾਂ ਸਮੇਤ ਗ੍ਰਿਫ਼ਤਾਰ