ਬੰਦੀ ਸਿੰਘਾਂ ਦੀ ਜਲਦ ਰਿਹਾਈ ਨਾ ਹੋਣ 'ਤੇ ਪੰਥਕ ਧਿਰਾਂ ਨੇ ਤਿੱਖੇ ਸੰਘਰਸ਼ ਦੀ ਦਿੱਤੀ ਚਿਤਾਵਨੀ
ਅੰਮ੍ਰਿਤਸਰ : ਬੰਦੀ ਸਿੰਘ ਦੀ ਰਿਹਾਈ ਲਈ ਅੰਮ੍ਰਿਤਸਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਪੰਥਕ ਧਿਰਾਂ ਦੀ ਇਕੱਤਰਤਾ ਹੋਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 1984 ਤੋਂ ਬਾਅਦ ਜਦੋਂ ਸ੍ਰੀ ਹਰਿਮੰਦਰ ਸਾਹਿਬ ਉਤੇ ਹਮਲਾ ਕੀਤਾ ਗਿਆ। ਦਿੱਲੀ ਵਿੱਚ ਸਿੱਖ ਕਤਲੇਆਮ ਕੀਤਾ ਗਿਆ। ਉਸ ਦਰਦ ਨੂੰ ਮਹਿਸੂਸ ਕਰਦੇ ਹੋਏ ਅਨੇਕਾਂ ਸਿੰਘ ਇਨਸਾਫ਼ ਲਈ ਸਰਗਰਮ ਹੋਏ ਉਨ੍ਹਾਂ ਨੂੰ ਝੂਠੇ ਕੇਸਾਂ ਵਿੱਚ ਨਾਜਾਇਜ਼ ਫਸਾਇਆ ਗਿਆ। ਉਨ੍ਹਾਂ ਵਿਚ 22 ਸਿੱਖ ਕੈਦੀ ਜਿਨ੍ਹਾਂ ਵਿੱਚ 9 ਅਜਿਹੇ ਹਨ ਜੋ 30 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ। ਉਨ੍ਹਾਂ ਨੇ ਕਿਹਾ ਐਸਜੀਪੀਸੀ ਸਮੇਂ-ਸਮੇਂ ਉਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨਸ਼ੀਲ ਰਹੀ ਹੈ।
ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ। ਉਨ੍ਹਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਇਕਜੁੱਟ ਹੋਈਆਂ ਪੰਥਕ ਧਿਰਾਂ ਨੂੰ ਵੇਖ ਕੇ ਖੁਸ਼ੀ ਹੋਈ ਹੈ। ਉਨ੍ਹਾਂ ਨੇ ਕਿਹਾ ਸਾਰਿਆਂ ਨੂੰ ਇਕਜੁੱਟ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਸਿੰਘਾਂ ਨੇ ਆਪਣੀਆਂ ਭਾਵਨਾਵਾਂ ਅਤੇ ਹਾਲਾਤ ਨੂੰ ਦੇਖਦੇ ਹੋਏ ਕਦਮ ਚੁੱਕੇ ਤੇ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ।
ਪ੍ਰਕਾਸ਼ ਪੁਰਬ ਮੌਕੇ 7 ਕੈਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਫੈਸਲਾ ਲਿਆ ਗਿਆ ਪਰ ਕੋਈ ਅਮਲੀਜਾਮਾ ਨਹੀਂ ਪਹਿਨਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖਤ ਦੇ ਆਦੇਸ਼ ਉਤੇ ਸ਼੍ਰੋਮਣੀ ਕਮੇਟੀ ਨੇ ਅੱਜ ਦੀ ਮੀਟੰਗ ਦਾ ਸੱਦਾ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਸਾਨੂੰ ਬੇਹੱਦ ਖੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਮੇਤ ਸਮੁੱਚੀ ਕੋਰ ਕਮੇਟੀ, ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਸਿਮਰਨਜੀਤ ਸਿੰਘ ਮਾਨ, ਦਮਦਮੀ ਟਕਸਾਲ ਦੇ ਹਰਨਾਮ ਸਿੰਘ ਖਾਲਸਾ, ਬਾਬਾ ਅਵਤਾਰ ਸਿੰਘ ਸੁਰ ਸਿੰਘ, ਬਾਬਾ ਗੱਜਣ ਸਿੰਘ , ਬਲਜੀਤ ਸਿੰਘ ਦਾਦੂਵਾਲ, ਮਨਜੀਤ ਸਿੰਘ ਜੀ ਜੇ, ਪਰਮਜੀਤ ਸਿੰਘ ਸਰਨਾ, ਹਰਮੀਤ ਸਿੰਘ ਕਾਲਕਾ ਸਮੇਤ ਸਮੂਹ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ।
ਉਨ੍ਹਾਂ ਨੇ ਕਿਹਾ ਕਿ 3 ਮਤੇ ਪੇਸ਼ ਕੀਤੇ ਗਏ ਹਨ। ਬੰਦੀ ਸਿੰਘਾਂ ਦੀ ਰਿਹਾਈ ਲਈ ਵਫਦਾਂ ਦੇ ਰੂਪ ਵਿੱਚ ਵੱਖ-ਵੱਖ ਗਵਰਨਰਾਂ ਨੂੰ ਤੇ ਰਾਸ਼ਟਰਪਤੀ ਨੂੰ ਮਿਲਿਆ ਜਾਵੇਗਾ। ਇਸ ਤੋਂ ਇਲਾਵਾ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਉਠਾਈ ਜਾਵੇਗੀ।