ਪਰਗਟ ਸਿੰਘ ਵੱਲੋਂ ਅਧਿਕਾਰੀਆਂ ਨੂੰ ਤਰਸ ਦੇ ਆਧਾਰ 'ਤੇ ਨੌਕਰੀਆਂ ਦੇਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼

By  Riya Bawa December 1st 2021 05:38 PM

ਚੰਡੀਗੜ੍ਹ: ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਅਧਿਕਾਰੀਆਂ ਨੂੰ ਮ੍ਰਿਤਕ ਮੁਲਾਜ਼ਮਾਂ ਦੇ ਯੋਗ ਵਾਰਸਾਂ ਨੂੰ ਤਰਸ ਦੇ ਆਧਾਰ 'ਤੇ ਨੌਕਰੀਆਂ ਦੇਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਇਸ ਲਈ ਸਮਾਂ ਸੀਮਾ ਹੋਰ ਘੱਟ ਕੀਤੀ ਜਾਵੇ। ਸਿੱਖਿਆ ਵਿਭਾਗ ਵੱਲੋਂ ਪੰਜਾਬ ਸਿਵਲ ਸਕੱਤਰੇਤ ਵਿਖੇ ਅੱਜ 26 ਮ੍ਰਿਤਕ ਸਟਾਫ਼ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀ ਪੱਤਰ ਸੌਂਪਣ ਮੌਕੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਦੁੱਖ ਦੀ ਘੜੀ ਵਿੱਚ ਅਜਿਹੇ ਪਰਿਵਾਰਾਂ ਦੀ ਮਦਦ ਕਰਨਾ ਸਰਕਾਰ ਦਾ ਨੈਤਿਕ ਫਰਜ਼ ਹੈ। ਅੱਜ ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਵਿੱਚ ਇਕ ਮਿਸਟ੍ਰੈਸ, 7 ਕਲਰਕ, 4 ਐਸ.ਐਲ.ਏ., 12 ਸੇਵਾਦਾਰ ਤੇ 2 ਚੌਕੀਦਾਰ ਸ਼ਾਮਲ ਸਨ। ਉਨ੍ਹਾਂ ਇਸ ਮੌਕੇ ਕੁਝ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਫੀਡਬੈਕ ਲੈਂਦਿਆਂ ਉਨ੍ਹਾਂ ਨੂੰ ਪੁੱਛਿਆ ਕਿ ਨੌਕਰੀ ਹਾਸਲ ਕਰਨ ਲਈ ਕੋਈ ਮੁਸ਼ਕਲਾ ਹੋਈ ਜਾਂ ਕਿੰਨ ਸਮਾਂ ਲੱਗਿਆ। ਇਸ ਗੱਲਬਾਤ ਉਤੇ ਤਸੱਲੀ ਪ੍ਰਗਟਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਤਸੱਲੀ ਹੋਈ ਕਿ ਜ਼ਿਆਦਾਤਰ ਮਾਮਲਿਆਂ ਵਿੱਚ ਵਿਭਾਗ ਹਮਦਰਦੀ ਨਾਲ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਹੋਰ ਸਰਲ ਅਤੇ ਸੁਚਾਰੂ ਬਣਾਉਣ ਦੀ ਲੋੜ ਹੈ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ। ਪਰਗਟ ਸਿੰਘ ਨੇ ਕਿਹਾ ਕਿ ਆਪਣੇ ਪਰਿਵਾਰਕ ਮੈਂਬਰਾਂ ਦੀ ਮੌਤ ਕਾਰਨ ਇਨ੍ਹਾਂ ਲਾਭਪਾਤਰੀਆਂ ਨੂੰ ਪਹਿਲਾਂ ਹੀ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਦੁਖੀ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਵਧਾਉਣ ਦੀ ਬਜਾਏ ਉਨ੍ਹਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਦੇ ਸਦਮੇ ਤੋਂ ਉਭਰ ਸਕਣ। Punjab Congress MLA Pargat Singh alleges threat call from CM's adviser ਸਿੱਖਿਆ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਆਪਣੇ ਦੇਸ਼ ਅਤੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਦੇ ਹੋਏ ਨਵੀਂ ਮਿਸਾਲ ਕਾਇਮ ਕਰਨੀ ਚਾਹੀਦੀ ਹੈ। ਪਰਗਟ ਸਿੰਘ ਨੇ ਨਵੇਂ ਨਿਯੁਕਤ ਉਮੀਦਵਾਰਾਂ ਲਈ ਉਨ੍ਹਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ। -PTC News

Related Post