ਕੇਂਦਰੀ ਸਿੱਖ ਅਜਾਇਬ ਘਰ 'ਚ ਨਵਾਬ ਰਾਏ ਬੁਲਾਰ, ਭਾਈ ਬਲਵਿੰਦਰ ਸਿੰਘ ਜਟਾਣਾ ਤੇ ਹੋਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਰਧਾਲੂ ਨਵਾਬ ਰਾਏ ਬੁਲਾਰ ਅਹਿਮਦ ਭੱਟੀ, ਸੰਘਰਸ਼ੀ ਯੋਧੇ ਭਾਈ ਬਲਵਿੰਦਰ ਸਿੰਘ ਜਟਾਣਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਜੋਗਿੰਦਰ ਸਿੰਘ ਪੰਜਰਥ ਤੇ ਹਰਿੰਦਰ ਸਿੰਘ ਰਣੀਆਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਨਿਭਾਈ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਇਤਿਹਾਸ ਤੇ ਵਿਰਾਸਤ ਦਾ ਅਹਿਮ ਸੋਮਾ ਹੈ ਅਤੇ ਇਥੇ ਕੌਮ ਲਈ ਘਾਲਣਾ ਘਾਲਣ ਵਾਲਿਆਂ ਦੀਆਂ ਤਸਵੀਰਾਂ ਸੁਸ਼ੋਭਿਤ ਕਰਕੇ ਕੌਮੀ ਸਨਮਾਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਵਾਬ ਰਾਏ ਬੁਲਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸ਼ਰਧਾਲੂ ਸਨ, ਜਿਨ੍ਹਾਂ ਨੇ ਗੁਰੂ ਸਾਹਿਬ ਦੀ ਛੋਟੀ ਉਮਰ ਵਿਚ ਹੀ ਉਨ੍ਹਾਂ ਅੰਦਰੋਂ ਰੱਬੀ ਜੋਤਿ ਦੇ ਦਰਸ਼ਨ ਕੀਤੇ ਅਤੇ ਉਨ੍ਹਾਂ ਨੂੰ ਵੱਡਾ ਸਤਿਕਾਰ ਦਿੱਤਾ। ਰਾਏ ਬੁਲਾਰ ਜੀ ਨੇ ਗੁਰੂ ਸਾਹਿਬ ਨੂੰ ਸ਼ਰਧਾ ਭੇਟ ਕਰਦਿਆਂ ਆਪਣੀ ਜਾਇਦਾਦ ਦਾ ਵੱਡਾ ਹਿੱਸਾ ਭੇਟਾ ਕੀਤਾ। ਐਡਵੋਕੇਟ ਧਾਮੀ ਨੇ ਸਰਕਾਰਾਂ ਉਤੇ ਇਤਰਾਜ਼ ਜਿਤਾਇਆ ਕਿ ਸ਼੍ਰੋਮਣੀ ਕਮੇਟੀ ਨੇ ਨਵਾਬ ਰਾਏ ਬੁਲਾਰ ਜੀ ਦੀ ਤਸਵੀਰ ਲਗਾਉਣ ਲਈ ਉਨ੍ਹਾਂ ਦੇ ਵੰਜ਼ਸ਼ਾਂ ਨੂੰ ਕਈ ਵਾਰ ਸੱਦਾ ਭੇਜਿਆ ਪਰ ਵੀਜ਼ਾ ਨਾ ਦਿੱਤੇ ਜਾਣ ਕਰਕੇ ਉਹ ਸ਼ਾਮਲ ਨਹੀਂ ਹੋ ਸਕੇ। ਸ਼੍ਰੋਮਣੀ ਕਮੇਟੀ ਚਾਹੁੰਦੀ ਸੀ ਕਿ ਉਨ੍ਹਾਂ ਦੇ ਵੰਜ਼ਸ਼ ਇਸ ਮੌਕੇ ਉਤੇ ਜ਼ਰੂਰ ਮੌਜੂਦ ਹੁੰਦੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਬਲਵਿੰਦਰ ਸਿੰਘ ਜਟਾਣਾ ਦਾ ਜ਼ਿਕਰ ਕਰਦਿਆਂ ਆਖਿਆ ਕਿ ਪਾਣੀਆਂ ਦੇ ਰਖਵਾਲੇ ਇਸ ਸੰਘਰਸ਼ੀ ਯੋਧੇ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਸਤਲੁਜ ਯਮੁਨਾ ਲਿੰਕ ਨਹਿਰ ਦਾ ਕਰੜਾ ਵਿਰੋਧ ਕੀਤਾ। ਐਡਵੋਕੇਟ ਧਾਮੀ ਨੇ ਪੰਜਾਬ ਦੇ ਪਾਣੀਆਂ ਦੇ ਮਾਮਲੇ ਉਤੇ ਸਰਕਾਰਾਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਇਹ ਪੰਜਾਬ ਦਾ ਅਤਿ ਅਹਿਮ ਤੇ ਸੰਵੇਦਨਸ਼ੀਲ ਮਸਲਾ ਹੈ ਅਤੇ ਸਰਕਾਰਾਂ ਨੂੰ ਇਸ ਨਾਲ ਬਿਨਾਂ ਮਤਲਬ ਛੇੜਛਾੜ ਤੇ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਜਟਾਣਾ ਦੇ ਸਾਥੀ ਭਾਈ ਚਰਨਜੀਤ ਸਿੰਘ ਦਾ ਜ਼ਿਕਰ ਕਰਕੇ ਉਨ੍ਹਾਂ ਨੂੰ ਵੀ ਯਾਦ ਕੀਤਾ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਬਕਾ ਮੈਂਬਰ ਜਥੇਦਾਰ ਜੋਗਿੰਦਰ ਸਿੰਘ ਪੰਜਰਥ ਤੇ ਹਰਿੰਦਰ ਸਿੰਘ ਰਣੀਆਂ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਕੀਤੇ ਪੰਥਕ ਕਾਰਜਾਂ ਨੂੰ ਵੀ ਚੇਤੇ ਕੀਤਾ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਕੌਮ ਲਈ ਕੁਰਬਾਨੀਆਂ ਦੇਣ ਵਾਲਿਆਂ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿਚ ਵੱਡੀ ਭੂਮਿਕਾ ਨਿਭਾਉਣ ਵਾਲਿਆਂ ਨੂੰ ਕੌਮ ਹਮੇਸ਼ਾ ਯਾਦ ਰੱਖਦੀ ਹੈ ਤੇ ਇਸੇ ਤਹਿਤ ਹੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਅਜਿਹੀਆਂ ਕੌਮੀ ਸ਼ਖ਼ਸੀਅਤਾਂ ਦੇ ਚਿੱਤਰ ਸਥਾਪਤ ਕਰਕੇ ਮਾਣ ਦਿੱਤਾ ਜਾਂਦਾ ਹੈ। ਇਹ ਵੀ ਪੜ੍ਹੋ : ਤੁਰਕੀ ਦੀ ਕੋਲਾ ਖਾਣ 'ਚ ਹੋਇਆ ਵੱਡਾ ਧਮਾਕਾ, 25 ਦੀ ਮੌਤ, 20 ਮਜ਼ਦੂਰ ਜ਼ਖ਼ਮੀ ਇਸ ਦੌਰਾਨ ਭਾਈ ਬਲਵਿੰਦਰ ਸਿੰਘ ਜਟਾਣਾ, ਸਾਬਕਾ ਮੈਂਬਰ ਜਥੇਦਾਰ ਜੋਗਿੰਦਰ ਸਿੰਘ ਪੰਜਰਥ ਤੇ ਭਾਈ ਹਰਿੰਦਰ ਸਿੰਘ ਰਣੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿਰੋਪਾਓ ਦੇ ਕੇ ਸਨਮਾਨ ਦਿੱਤਾ। ਇਸ ਤੋਂ ਪਹਿਲਾਂ ਗੁਰਬਾਣੀ ਕੀਰਤਨ ਹੋਇਆ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਬੁਲਾਰਿਆਂ ਨੂੰ ਸਮਾਂ ਦੇਣ ਦੀ ਸੇਵਾ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਨਿਭਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗੁਰਪ੍ਰੀਤ ਸਿੰਘ ਝੱਬਰ, ਬੀਬੀ ਨਰਿੰਦਰ ਕੌਰ ਰਣੀਆਂ, ਵਧੀਕ ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਗੁਰਮੀਤ ਸਿੰਘ ਬੁੱਟਰ ਆਦਿ ਮੌਜੂਦ ਸਨ। -PTC News