ਨਵੀਂ ਦਿੱਲੀ : ਦਿੱਲੀ ਪੁਲਿਸ ਨੇ ਅੱਜ ਇਥੇ ਹਾਈ ਕੋਰਟ ਨੂੰ ਦੱਸਿਆ ਕਿ ਉਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਹੋਏ ਕਥਿਤ ਹਮਲੇ ਦਾ ਖ਼ੁਦ ਨੋਟਿਸ ਲਿਆ ਹੈ ਅਤੇ ਐੱਫਆਈਆਰ ਦਰਜ ਕੀਤੀ ਹੈ। ਬੀਤੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਯੂਥ ਵਿੰਗ ਨੇ ਫਿਲਮ 'ਦਿ ਕਸ਼ਮੀਰ ਫਾਈਲਜ਼' 'ਤੇ ਕੀਤੀ ਗਈ ਟਿੱਪਣੀ ਦੇ ਵਿਰੋਧ 'ਚ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਕਥਿਤ ਤੌਰ 'ਤੇ ਭੰਨਤੋੜ ਕੀਤੀ। ਦਿੱਲੀ ਪੁਲਿਸ ਅਤੇ ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਸੰਜੇ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਦੀ ਰਿਹਾਇਸ਼ ਦੇ ਆਲੇ-ਦੁਆਲੇ ਅਤੇ ਮੁੱਖ ਸੜਕਾਂ 'ਤੇ ਲੱਗੇ ਕੈਮਰਿਆਂ ਤੋਂ ਲੈ ਕੇ ਸੀਸੀਟੀਵੀ ਫੁਟੇਜ ਸਮੇਤ ਸਾਰੇ ਸਬੂਤਾਂ ਨੂੰ ਸੰਭਾਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਨੂੰ ਸੰਜੀਦਗੀ ਨਾਲ ਲਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਉਤੇ ਹੋਏ ਹਮਲੇ ਦੀ ਜਾਣਕਾਰੀ ਮਨੀਸ਼ ਸਿਸ਼ੋਦੀਆ ਨੇ ਦਿੱਤੀ ਅਤੇ ਉਨ੍ਹਾਂ ਨੇ ਇਸ ਹਰਕਤ ਦੀ ਨਿਖੇਧੀ ਕੀਤੀ ਸੀ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਇਸ ਹਰਕਤ ਦੀ ਨਿਖੇਧੀ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਭਾਜਪਾ ਪੰਜਾਬ ਵਿੱਚ ਹਾਰ ਕਾਰਨ ਬੁਖਲਾਹਟ ਵਿੱਚ ਆ ਗਈ ਹੈ। ਇਸ ਕਾਰਨ ਭਾਜਪਾ ਵਰਕਰ ਅਜਿਹੀ ਹਰਕਤ ਕਰ ਰਹੇ ਹਨ। ਇਹ ਵੀ ਪੜ੍ਹੋ : 22 ਮਈ ਤੋਂ ਖੁੱਲ੍ਹਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ