ਕਾਲੀ ਮਾਤਾ ਮੰਦਿਰ ਬੇਅਦਬੀ ਮਾਮਲੇ 'ਤੇ ਸਿਆਸੀ ਪਾਰਟੀਆਂ ਵੱਲੋਂ ਨਿਖੇਧੀ

By  Pardeep Singh January 25th 2022 04:15 PM

ਚੰਡੀਗੜ੍ਹ: ਬੀਤੇ ਦਿਨੀਂ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਉਸ ਤੋਂ ਬਾਅਦ ਬੇਅਦਬੀ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਇਸ ਘਟਨਾ ਉੱਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਸੀ ਕਿ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ ਅਤੇ ਇਹ ਬਾਹਰੀ ਤਾਕਤਾਂ ਦੇ ਕੰਮ ਹਨ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ ਬਣਾ ਕੇ ਰੱਖਣਾ ਚਾਹੀਦਾ ਹੈ। ਚਰਨਜੀਤ ਸਿੰਘ ਚੰਨੀ ਨੇ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਵਿੱਚ ਹੋਈ ਬੇਅਦਬੀ ਕਰਨ ਦੀ ਕੋਸ਼ਿਸ ਦੀ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੂਬੇ ਵਿੱਚ ਚੋਣਾਂ ਨੂੰ ਵੇਖਦੇ ਹੋਏ ਕੁਝ ਨਿੱਜੀ ਸਵਾਰਥੀ ਤੱਤ ਭਾਈਚਾਰੇ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਕੁਰਬਾਨੀਆਂ ਤੋਂ ਬਾਅਦ ਪ੍ਰਾਪਤ ਕੀਤੀ ਸ਼ਾਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਸ਼ਰਾਰਤੀ ਤੱਤ ਕੋਸ਼ਿਸ਼ਾਂ ਕਰ ਰਹੇ ਹਨ।ਚਰਨਜੀਤ ਚੰਨੀ ਨੇ ਪੁਲਿਸ ਨੂੰ ਕਿਹਾ ਹੈ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਾ ਦੇਵੇ। ਇਸ ਬਾਰੇ ਪਟਿਆਲਾ ਤੋਂ ਸਾਂਸਦ ਮੈਂਬਰ ਪਰਨੀਤ ਕੌਰ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੂਬੇ ਦਾ ਮਾਹੌਲ ਖ਼ਰਾਬ ਨਹੀਂ ਕਰਨ ਦੇਵਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਸੂਬਾ ਸਰਕਾਰ ਨੂੰ ਸੂਬੇ ਵਿੱਚ ਅਮਨ ਕਾਨੂੰਨ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕਰਦੀ ਹਾਂ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਾਲੀ ਮਾਤਾ ਦੇ ਮੰਦਿਰ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦਾ ਮਾਹੌਲ ਦਾ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਭਗਵੰਤ ਮਾਨ ਦਾ ਕਹਿਣਾ ਹੈ ਕਿ ਘਟਨਾ ਦੇ ਪਿੱਛੇ ਮਾਸਟਰ ਮਾਈਂਡ ਕੋਈ ਹੋਰ ਹੈ। ਇਹ ਵੀ ਪੜ੍ਹੋ:ਕਾਲੀ ਮਾਤਾ ਮੰਦਿਰ 'ਚ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੀ ਹੋਈ ਪਛਾਣ -PTC News

Related Post