Punjab Budget 2022: 'ਆਪ' ਦੇ ਬਜਟ 'ਚ ਔਰਤਾਂ ਦੀ 1000 ਰੁਪਏ ਵਾਲੀ ਸਕੀਮ ਹੋਈ ਗਾਇਬ
Punjab Budget 2022 : ਆਮ ਆਦਮੀ ਪਾਰਟੀ (AAP) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਆਪਣਾ ਪਲੇਠਾ ਬਜਟ (Punjab Budget) ਪੇਸ਼ ਕੀਤਾ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ 2022-23 ਦਾ ਬਜਟ ਅਨੁਮਾਨ ਪੇਸ਼ ਕਰਦੇ ਹੋਏ ਕਿਹਾ ਕਿ ਬਜਟ ਵਿੱਚ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਖਰਚੇ ਦਾ ਅਨੁਮਾਨ ਲਗਾਇਆ ਗਿਆ ਹੈ। ਸਰਕਾਰ ਵੱਲੋਂ ਬਜਟ 'ਚ ਸਿੱਖਿਆ, ਸਿਹਤ ਅਤੇ ਖੇਤੀਬਾੜੀ 'ਤੇ ਜ਼ਿਆਦਾ ਜ਼ੋਰ ਦਿੱਤਾ ਗਿਆ ਹੈ। ਇਸ ਬਜਟ ਦੌਰਾਨ ਵਿੱਤ ਮੰਤਰੀ ਵੱਲੋਂ ਕੋਈ ਵੀ ਨਵੇਂ ਬਜਟ ਦਾ ਐਲਾਨ ਨਹੀਂ ਕੀਤਾ ਗਿਆ। ਸਭ ਤੋਂ ਹੈਰਾਨ ਕਰਨ ਵਾਲੀ ਗੱਲ ਹੈ ਕਿ ਆਪ' ਦੇ ਬਜਟ 'ਚ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਭੱਤਾ ਦੇਣ ਦਾ ਕੋਈ ਵੀ ਜ਼ਿਕਰ ਨਹੀਂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਆਪਣੀ ਚੋਣ ਮੁਹਿੰਮ ਦੌਰਾਨ ਔਰਤਾਂ ਨੂੰ 1000 ਰੁਪਏ ਦੇਣ ਦਾ ਐਲਾਨ ਕੀਤਾ ਸੀ।
ਬਜਟ ਵਿੱਚ ਔਰਤਾਂ ਦੇ ਭੱਤੇ ਦਾ ਜ਼ਿਕਰ ਨਾ ਹੋਣ ਕਾਰਨ ਔਰਤਾਂ ਦੇ ਹੱਥ ਨਿਰਾਸ਼ਾ ਲੱਗੀ ਹੈ। ਇਸ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਔਰਤਾਂ ਨੂੰ 1000 ਰੁਪਏ ਲਈ ਥੋੜ੍ਹਾ ਇੰਤਜ਼ਾਰ ਕਰਨਾ ਪਵੇਗਾ।
ਇਹ ਵੀ ਪੜ੍ਹੋ: Punjab Budget 2022 Highlights: ਪੰਜਾਬ 'ਚ ਕੋਈ ਨਵਾਂ ਟੈਕਸ ਨਹੀਂ, ਸਿੱਖਿਆ ਬਜਟ 'ਚ 16% ਤੇ ਸਿਹਤ ਬਜਟ 'ਚ 24% ਦਾ ਵਾਧਾ
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸੂਬੇ ਦੀਆਂ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਭੱਤਾ ਦੇਣ ਦੀ ਗਰੰਟੀ ਦਿੱਤੀ ਸੀ। ਸਰਕਾਰ ਬਣਨ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਔਰਤਾਂ ਦੀ ਇਸ ਗਾਰੰਟੀ ਨੂੰ ਪੂਰਾ ਕਰਨ ਲਈ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਹੈ ਪਰ ਸੂਬੇ ਸਿਰ ਵਧਦੇ ਕਰਜ਼ੇ ਕਾਰਨ ਸਰਕਾਰ ਲਈ ਇਸ ਗਾਰੰਟੀ ਨੂੰ ਲੈ ਕੇ ਮੁਸ਼ਕਿਲਾਂ ਪੈਦਾ ਹੋ ਰਹੀਆਂ ਹਨ। ਫਿਲਹਾਲ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦਾ ਇੰਤਜ਼ਾਰ ਕਰਨਾ ਪਵੇਗਾ।