Punjab Excise Policy: ਪੰਜਾਬ ਦੇ ਐਕਸਾਈਜ ਕਮਿਸ਼ਨਰ ਵਰੁਣ ਰਿਜੁਜਮ ਦੇ ਘਰ ED ਨੇ ਮਾਰੀ ਰੇਡ, ਜਾਣੋ ਕਿਉਂ?

By  Riya Bawa September 7th 2022 07:13 AM -- Updated: September 7th 2022 08:17 AM

Punjab Excise Policy:  ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਪੰਜਾਬ ਆਬਕਾਰੀ ਨੀਤੀ ਵੀ ਜਾਂਚ ਦੇ ਘੇਰੇ ਵਿੱਚ ਆ ਗਈ ਹੈ। ਦੇਰ ਸ਼ਾਮ ਈਡੀ ਦੇ ਅਧਿਕਾਰੀ ਗੁਪਤ ਰੂਪ ਵਿੱਚ ਚੰਡੀਗੜ੍ਹ ਸਥਿਤ ਪੰਜਾਬ ਦੇ ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰਿਜੁਜਮ ਦੀ ਰਿਹਾਇਸ਼ ’ਤੇ ਪੁੱਜੇ। ਸੂਤਰਾਂ ਅਨੁਸਾਰ ਏਜੰਸੀ ਦੇ ਅਧਿਕਾਰੀਆਂ ਨੇ ਪੰਜਾਬ ਦੇ ਅਧਿਕਾਰੀ ਦੇ ਘਰ ਦੀ ਤਲਾਸ਼ੀ ਲਈ ਅਤੇ ਵੱਖ-ਵੱਖ ਦਸਤਾਵੇਜ਼ਾਂ ਦੀ ਜਾਂਚ ਕੀਤੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਭ ਤੋਂ ਪਹਿਲਾਂ ਪੰਜਾਬ ਦੇ ਸੰਯੁਕਤ ਆਬਕਾਰੀ ਕਮਿਸ਼ਨਰ ਨਰੇਸ਼ ਦੂਬੇ ਦੇ ਘਰ ਵੀ ਛਾਪਾ ਮਾਰਿਆ ਸੀ। ਉਨ੍ਹਾਂ ਦਾ ਘਰ ਪੰਚਕੂਲਾ ਦੇ ਸੈਕਟਰ 8 ਵਿੱਚ ਹੈ। ED ਇੱਥੇ ਵੀ ਕਈ ਘੰਟੇ ਆਬਕਾਰੀ ਨੀਤੀ ਨਾਲ ਸਬੰਧਤ ਕਾਗਜ਼ਾਂ ਦੀ ਪੜਤਾਲ ਕੀਤੀ ਗਈ। ਜਿੱਥੋਂ ਈਡੀ ਨੇ ਕੁਝ ਕਾਗਜ਼ਾਤ ਵੀ ਜ਼ਬਤ ਕੀਤੇ ਹਨ। ਵਰੁਣ ਰਿਜੁਜਮ 2004 ਬੈਚ ਦੇ ਆਈਏਐਸ ਅਧਿਕਾਰੀ ਹਨ। ਹਾਲਾਂਕਿ ਇਸ ਮੁੱਦੇ 'ਤੇ ਅਜੇ ਤੱਕ ਕਿਸੇ ਵੱਲੋਂ ਕੋਈ ਅਧਿਕਾਰਿਤ ਬਿਆਨ ਨਹੀਂ ਆਇਆ ਹੈ। ਸੂਤਰਾਂ ਅਨੁਸਾਰ ਈਡੀ ਨੂੰ ਮਿਲੀ ਸ਼ਿਕਾਇਤ ਵਿੱਚ ਦੱਸਿਆ ਗਿਆ ਸੀ ਕਿ ਪੰਜਾਬ ਦੀ ਆਬਕਾਰੀ ਨੀਤੀ ਵੀ ਦਿੱਲੀ ਵਿੱਚ ਹੀ ਬਣੀ ਸੀ। ਇਸ ਦੇ ਲਈ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਮੀਟਿੰਗ ਹੋਈ ਜਿਸ ਵਿੱਚ ਆਬਕਾਰੀ ਕਮਿਸ਼ਨਰ ਵਰੁਣ ਰਿਜੁਜਮ ਅਤੇ ਨਰੇਸ਼ ਦੂਬੇ ਵੀ ਸ਼ਾਮਲ ਹੋਏ। ਪੰਜਾਬ ਵਿੱਚ ‘ਆਪ’ ਸਰਕਾਰ ਨੇ ਜੂਨ ਵਿੱਚ ਆਬਕਾਰੀ ਨੀਤੀ ਦਾ ਐਲਾਨ ਕੀਤਾ ਸੀ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਦੀ ਆਬਕਾਰੀ ਨੀਤੀ ਵਿੱਚ ਹੋਏ ਘਪਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਰਾਜਪਾਲ ਨੂੰ ਇਸ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ 'ਤੇ 500 ਕਰੋੜ ਦੇ ਘੁਟਾਲੇ ਦਾ ਦੋਸ਼ ਲਾਇਆ ਹੈ। (ਰਵਿੰਦਰ ਮੀਤ ਦੀ ਰਿਪੋਰਟ ) -PTC News

Related Post