ਪੰਜਾਬ ਸਰਕਾਰ ਦਾ ਹਾਈ ਕੋਰਟ ਨੂੰ ਜਵਾਬ, ਘਰ-ਘਰ ਆਟਾ ਯੋਜਨਾ ਲਵਾਂਗੇ ਵਾਪਸ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਬਹੁ-ਮੰਤਵੀ ਘਰ-ਘਰ ਆਟਾ ਯੋਜਨਾ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਅਹਿਮ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਹਾਈ ਕੋਰਟ ਵਿਚ ਆਪਣਾ ਜਵਾਬ ਦਾਖ਼ਲ ਕਰਦੇ ਹੋਏ ਕਿਹਾ ਅਸੀਂ ਨਵੀਂ ਸਕੀਮ ਲੈ ਕੇ ਆਵਾਂਗੇ ਜੋ ਕਿ ਕੇਂਦਰ ਸਰਕਾਰ ਦੀ ਸਕੀਮ ਨਾਲ ਮਿਲਦੀ-ਜੁਲਦੀ ਹੋਵੇਗੀ। ਪੰਜਾਬ ਸਰਕਾਰ ਨੇ ਹਾਈ ਕੋਰਟ ਵਿਚ ਦਲੀਲ ਦਿੱਤੀ ਕਿ ਘਰ-ਘਰ ਆਟਾ ਯੋਜਨਾ ਨੂੰ ਵਾਪਸ ਲਿਆ ਜਾਵੇਗਾ। ਡਿਪੂ ਹੋਲਡਰਾਂ ਵੱਲੋਂ ਪਾਈ ਗਈ ਪਟੀਸ਼ਨ ਮਗਰੋਂ ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਦੇ ਹੁਕਮਾਂ ਉਤੇ ਪੰਜਾਬ ਸਰਕਾਰ ਨੇ ਅੱਜ ਆਪਣਾ ਜਵਾਬ ਦਾਖ਼ਲ ਕੀਤਾ ਅਤੇ ਯੋਜਨਾ ਨੂੰ ਵਾਪਸ ਲੈਣ ਦੀ ਦਲੀਲ ਦਿੱਤੀ। ਇਸ ਦੌਰਾਨ ਪੰਜਾਬ ਸਰਕਾਰ ਨੇ ਹਾਈ ਕੋਰਟ ਵਿਚ ਹਲਫਨਾਮਾ ਦਾਖ਼ਲ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੀ ਸਕੀਮ ਨਾਲ ਮਿਲਦੀ-ਜੁਲਦੀ ਯੋਜਨਾ ਲੈ ਕੇ ਆਵੇਗੀ। ਇਹ ਵੀ ਪੜ੍ਹੋ : ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ SGPC ਨੇ ਕੀਤੀ ਇਕੱਤਰਤਾ ਗੌਰਤਲਬ ਹੈ ਕਿ ਆਮ ਆਦਮੀ ਪਾਰਟੀ ਦੀ ਘਰ-ਘਰ ਆਟਾ ਯੋਜਨਾ ਨੂੰ ਲੈ ਕੇ ਹਾਈ ਕੋਰਟ ਦੇ ਡਬਲ ਬੈਂਚ ਨੇ ਵੀ ਪੰਜਾਬ ਸਰਕਾਰ ਨੂੰ ਝਟਕੇ ਦਿੰਦੇ ਹੋਏ ਕਿਸੇ ਵੀ ਤੀਜੀ ਧਿਰ ਨੂੰ ਕੋਈ ਅਧਿਕਾਰ ਨਾ ਦੇਣ ਦੇ ਹੁਕਮ ਦਿੱਤੇ ਸਨ। ਹਾਈ ਕੋਰਟ ਦੇ ਡਬਲ ਬੈਂਚ ਦੇ ਇਸ ਫ਼ੈਸਲੇ ਨਾਲ ਆਮ ਆਦਮੀ ਪਾਰਟੀ ਦੀ ਘਰ-ਘਰ ਆਟਾ ਯੋਜਨਾ 1 ਅਕਤੂਬਰ ਨੂੰ ਲਾਗੂ ਨਹੀਂ ਹੋ ਸਕੀ ਸੀ। ਪੰਜਾਬ ਦੇ ਡਿਪੂ ਹੋਲਡਰਾਂ ਨੇ ਸਰਕਾਰ ਦੇ ਇਸ ਫ਼ੈਸਲੇ ਨੂੰ ਹਾਈ ਕੋਰਟ 'ਚ ਚੁਣੌਤੀ ਦਿੱਤੀ ਸੀ। ਕਾਬਿਲੇਗੌਰ ਹੈ ਕਿ ਐੱਨਐੱਫਐੱਸਏ ਡਿੱਪੂ ਹੋਲਡਰ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਘਰ-ਘਰ ਆਟੇ ਮਾਮਲੇ ਨੂੰ ਹਾਈ ਕੋਰਟ 'ਚ ਚੁਣੌਤੀ ਦਿੱਤੀ ਗਈ ਸੀ। ਇਸ ਮਗਰੋਂ ਡਿੱਪੂ ਹੋਲਡਰ ਫੈਡਰੇਸ਼ਨ ਤੇ ਪੰਜਾਬ ਰਾਜ ਡਿੱਪੂ ਹੋਲਡਰ ਯੂਨੀਅਨ (ਸਿੱਧੂ) ਆਦਿ ਨੇ ਵੀ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। -PTC News