ਮੋਟੀ ਰਕਮ ਵਸੂਲਣ ਲਈ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਝੂਠਾ ਫਸਾਉਂਦੇ ਸਨ ਪੰਜਾਬ ਪੁਲਿਸ ਦੇ ਤਿੰਨ ਮੁਲਾਜ਼ਮ ਸਣੇ ਇੰਸਪੈਕਟਰ, ਬਰਖਾਸਤ

By  Jasmeet Singh July 25th 2022 07:42 PM -- Updated: July 25th 2022 08:26 PM

ਚੰਡੀਗੜ੍ਹ, 25 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਨੂੰ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਦੋ ਵਿਅਕਤੀਆਂ ਨੂੰ ਨਸ਼ਿਆਂ ਦੇ ਕੇਸ ਵਿੱਚ ਫਸਾਉਣ ਅਤੇ ਵੱਡੀ ਰਕਮ ਵਸੂਲਣ ਦੇ ਮਾਮਲੇ ਵਿੱਚ ਇੱਕ ਇੰਸਪੈਕਟਰ ਸਮੇਤ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ। ਬਰਖਾਸਤ ਕੀਤੇ ਗਏ ਪੁਲਿਸ ਮੁਲਾਜ਼ਮਾਂ ਦੀ ਪਛਾਣ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ, ਏਐਸਆਈ ਅੰਗਰੇਜ਼ ਸਿੰਘ ਅਤੇ ਹੈੱਡ ਕਾਂਸਟੇਬਲ ਜੋਗਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਫਿਰੋਜ਼ਪੁਰ ਵਿੱਚ ਨਾਰਕੋਟਿਕ ਕੰਟਰੋਲ ਸੈੱਲ ਵਿੱਚ ਤਾਇਨਾਤ ਸਨ। ਇੰਸਪੈਕਟਰ ਬਾਜਵਾ ਨੂੰ ਫਿਰੋਜ਼ਪੁਰ ਰੇਂਜ ਦੇ ਇੰਸਪੈਕਟਰ ਜਨਰਲ (ਆਈਜੀਪੀ) ਜਸਕਰਨ ਸਿੰਘ ਨੇ ਬਰਖਾਸਤ ਕਰ ਦਿੱਤਾ ਹੈ, ਜਦੋਂ ਕਿ ਏਐਸਆਈ ਅੰਗਰੇਜ ਅਤੇ ਹੈੱਡ ਕਾਂਸਟੇਬਲ ਜੋਗਿੰਦਰ ਨੂੰ ਐਸਐਸਪੀ ਫਿਰੋਜ਼ਪੁਰ ਸੁਰਿੰਦਰ ਲਾਂਬਾ ਨੇ ਉਨ੍ਹਾਂ ਦੀਆਂ ਸੇਵਾਵਾਂ ਵਿੱਚ ਘੋਰ ਅਣਗਹਿਲੀ ਲਈ ਬਰਖਾਸਤ ਕਰ ਦਿੱਤਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਭਾਰਤ ਦੇ ਸੰਵਿਧਾਨ ਦੀ ਧਾਰਾ 311 (2) ਤਹਿਤ ਬਰਖਾਸਤ ਕਰ ਦਿੱਤਾ ਗਿਆ ਹੈ। ਪੁਲਿਸ ਨੇ ਭਾਰਤੀ ਦੰਡਾਵਲੀ ਦੀ ਧਾਰਾ 166, 167, 195, 471, 218 ਅਤੇ 120-ਬੀ ਅਤੇ ਧਾਰਾਵਾਂ 21, 59, ਅਤੇ 13 ਦੇ ਤਹਿਤ ਥਾਣਾ ਫਿਰੋਜ਼ਪੁਰ ਛਾਉਣੀ ਵਿਖੇ ਐਨ.ਡੀ.ਪੀ.ਐਸ. ਅਧੀਨ 25 ਜੁਲਾਈ 2022 ਨੂੰ ਤਿੰਨਾਂ ਮੁਲਜ਼ਮਾਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ। ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਐਂਟੀ ਨਾਰਕੋਟਿਕ ਸੈੱਲ ਫਿਰੋਜ਼ਪੁਰ ਦੀ ਟੀਮ ਨੇ ਇੰਸਪੈਕਟਰ ਬਾਜਵਾ, ਏਐਸਆਈ ਅੰਗਰੇਜ ਅਤੇ ਐਚਸੀ ਜੋਗਿੰਦਰ ਦੀ ਅਗਵਾਈ ਵਿੱਚ ਹੋਰ ਪੁਲਿਸ ਅਧਿਕਾਰੀਆਂ ਨਾਲ ਮਿਲੀਭੁਗਤ ਨਾਲ 20 ਜੁਲਾਈ 2022 ਨੂੰ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਨ੍ਹਾਂ ਨੂੰ ਕਥਿਤ ਤੌਰ 'ਤੇ 1 ਕਿਲੋ ਹੈਰੋਇਨ ਪਾ ਕੇ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 5 ਲੱਖ ਰੁਪਏ ਦੀ ਬਰਾਮਦਗੀ ਦਿਖਾ ਕੇ ਨਸ਼ਿਆਂ ਦੇ ਝੂਠੇ ਕੇਸ ਵਿਚ ਫਸਾਇਆ ਗਿਆ। money4 ਮੁਲਜ਼ਮ ਇੰਸਪੈਕਟਰ ਬਾਜਵਾ ਵੱਲੋਂ ਥਾਣਾ ਫਿਰੋਜ਼ਪੁਰ ਛਾਉਣੀ ਵਿਖੇ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਵੀ ਦਰਜ ਕੀਤੀ ਗਈ ਸੀ। ਡੀਜੀਪੀ ਨੇ ਕਿਹਾ ਕਿ ਜ਼ਾਹਰ ਤੌਰ 'ਤੇ ਐਸਐਸਪੀ ਫਿਰੋਜ਼ਪੁਰ ਨੂੰ ਇਹ ਬਰਾਮਦਗੀ ਸ਼ੱਕੀ ਸੀ, ਜਿਸ ਤੋਂ ਬਾਅਦ ਵਿੱਚ ਮਾਮਲੇ ਦੀ ਅੰਦਰੂਨੀ ਪੱਧਰ 'ਤੇ ਜਾਂਚ ਸ਼ੁਰੂ ਕੀਤੀ ਗਈ, ਜਦੋਂ ਪੁਲਿਸ ਨੂੰ ਇੱਕ ਵਿਅਕਤੀ ਵੱਲੋਂ ਮੁਲਜ਼ਮ ਪੁਲਿਸ ਦੁਆਰਾ ਆਪਣੇ ਕਰਮਚਾਰੀ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਦੀ ਸ਼ਿਕਾਇਤ ਵੀ ਪ੍ਰਾਪਤ ਹੋਈ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਮੁੱਢਲੇ ਤੌਰ ’ਤੇ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਪੁਲਿਸ ਨੇ ਸਾਰਾ ਮਾਮਲਾ ਰਚਿਆ ਸੀ ਅਤੇ ਦੋਵਾਂ ਵਿਅਕਤੀਆਂ ਨੂੰ ਗਲਤ ਤਰੀਕੇ ਨਾਲ ਫਸਾਉਣ ਦੀ ਨੀਅਤ ਨਾਲ ਉਨ੍ਹਾਂ ਤੋਂ ਪੈਸੇ ਹੜੱਪ ਲਏ ਸਨ। ਉਨ੍ਹਾਂ ਕਿਹਾ ਕਿ ਜਦੋਂ ਵਿਸਤ੍ਰਿਤ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੂੰ ਦੋਸ਼ਾਂ ਦੇ ਸਬੰਧ ਵਿੱਚ ਸਾਹਮਣਾ ਕੀਤਾ ਗਿਆ ਤਾਂ ਉਨ੍ਹਾਂ ਕੋਲ ਕੋਈ ਸਪੱਸ਼ਟੀਕਰਨ ਨਹੀਂ ਸੀ ਅਤੇ ਬਾਅਦ ਵਿੱਚ ਉਹ ਵੀ ਰਹੱਸਮਈ ਢੰਗ ਨਾਲ ਫਰਾਰ ਹੋ ਗਏ, ਜਿਸ ਨੇ ਸ਼ੱਕ ਨੂੰ ਹੋਰ ਵਧਾ ਦਿੱਤਾ। money5 ਪੰਜਾਬ ਨੂੰ ਨਸ਼ਾ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਡੀਜੀਪੀ ਗੌਰਵ ਯਾਦਵ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਵਰਦੀ ਵਿੱਚ ਕਾਲੀਆਂ ਭੇਡਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਪੁਲਿਸ ਅਧਿਕਾਰੀ/ਕਰਮਚਾਰੀ ਇਸ ਵਿੱਚ ਸ਼ਾਮਲ ਪਾਇਆ ਗਿਆ। ਕਿਸੇ ਵੀ ਕਿਸਮ ਦੀ ਕੁਤਾਹੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। -PTC News

Related Post