ਪੰਜਾਬ ਆਉਣ ਵਾਲੇ ਸਮੇਂ ’ਚ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਰੇਗਾ : ਮੁੱਖ ਮੰਤਰੀ

By  Pardeep Singh August 13th 2022 08:23 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਸੁਹਿਰਦ ਯਤਨਾਂ ਸਦਕਾ ਪੰਜਾਬ ਛੇਤੀ ਹੀ ਮੁਲਕ ਵਿੱਚ ਮੈਡੀਕਲ ਸਿੱਖਿਆ ਦਾ ਧੁਰਾ ਬਣ ਕੇ ਉਭਰੇਗਾ। ਮੁੱਖ ਮੰਤਰੀ ਨੇ ਸੰਗਰੂਰ, ਐਸ.ਏ.ਐਸ.ਨਗਰ (ਮੋਹਾਲੀ), ਕਪੂਰਥਲਾ, ਹੁਸ਼ਿਆਰਪੁਰ ਅਤੇ ਮਲੇਰਕੋਟਲਾ ਵਿਖੇ ਬਣਨ ਵਾਲੇ ਪੰਜ ਨਵੇਂ ਮੈਡੀਕਲ ਕਾਲਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਵਿਸ਼ਵ ਪੱਧਰ ਦੇ ਡਾਕਟਰ ਤਿਆਰ ਕਰਨ ਲਈ ਸੂਬੇ ਦੀ ਸ਼ਾਨਦਾਰ ਵਿਰਾਸਤ ਹੈ ਅਤੇ ਅੱਜ ਵੀ ਵੱਡੀ ਗਿਣਤੀ ਵਿਚ ਵਿਦਿਆਰਥੀ ਯੋਗ ਡਾਕਟਰ ਬਣਨ ਲਈ ਡਾਕਟਰੀ ਸਿੱਖਿਆ ਦੇ ਚਾਹਵਾਨ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਸੂਬੇ ਵਿੱਚ ਪਿਛਲੀਆਂ ਸਰਕਾਰਾਂ ਨੇ ਪੰਜਾਬ ਵਿੱਚ ਉੱਚ ਦਰਜੇ ਦੇ ਮੈਡੀਕਲ ਕਾਲਜ ਸਥਾਪਿਤ ਕਰਨ ਵੱਲ ਉੱਕਾ ਹੀ ਧਿਆਨ ਨਹੀਂ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਸਿੱਟੇ ਵਜੋਂ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੂੰ ਡਾਕਟਰੀ ਸਿੱਖਿਆ ਹਾਸਲ ਕਰਨ ਲਈ ਵਿਦੇਸ਼ ਜਾਣਾ ਪੈਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਪੰਜ ਸਾਲਾਂ ਦੌਰਾਨ ਸੂਬੇ ਵਿੱਚ 16 ਨਵੇਂ ਮੈਡੀਕਲ ਕਾਲਜਾਂ ਦਾ ਨਿਰਮਾਣ ਕਰੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ ਜਿਸ ਨਾਲ ਪੰਜਾਬ, ਮੈਡੀਕਲ ਸਿੱਖਿਆ ਦੇ ਕੇਂਦਰ ਵਿੱਚ ਬਦਲ ਜਾਵੇਗਾ। ਉਸ ਨੇ ਕਿਹਾ ਕਿ ਡਾਕਟਰੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੂਕਰੇਨ ਵਰਗੇ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਬਾਰੇ ਇਕ ਹੋਰ ਏਜੰਡੇ 'ਤੇ ਵਿਚਾਰ ਕਰਦਿਆਂ ਭਗਵੰਤ ਮਾਨ ਨੇ ਆਦੇਸ਼ ਦਿੱਤੇ ਕਿ ਮੈਡੀਕਲ ਕਾਲਜ, ਸੰਗਰੂਰ ਲਈ ਅਸਾਮੀਆਂ ਸਿਰਜਣ ਦੀ ਪ੍ਰਕਿਰਿਆ ਛੇਤੀ ਤੋਂ ਛੇਤੀ ਪੂਰੀ ਕੀਤੀ ਜਾਵੇ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਨੂੰ ਕਾਲਜ ਨਾਲ ਜੁੜੇ ਨਿਰਮਾਣ ਕਾਰਜਾਂ ਦੀ ਗੁਣਵੱਤਾ ਅਤੇ ਸਮਾਂ-ਸੀਮਾ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅਗਲੇ ਸੈਸ਼ਨ ਤੋਂ ਦਾਖਲੇ ਸਮੇਂ ਸਿਰ ਸ਼ੁਰੂ ਕਰਨ ਨੂੰ ਯਕੀਨੀ ਬਣਾਇਆ ਜਾਵੇ। ਐਸ.ਏ.ਐਸ.ਨਗਰ, ਮੋਹਾਲੀ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਲਈ ਮੁੱਖ ਮੰਤਰੀ ਨੇ ਅਗਲੇ ਸਾਲ ਲਈ ਲੋੜ ਮੁਤਾਬਕ ਹੋਰ ਹਸਪਤਾਲ ਅਤੇ ਹੋਸਟਲਾਂ ਦੀ ਪਹਿਲ ਦੇ ਆਧਾਰ 'ਤੇ ਉਸਾਰੀ ਨੂੰ ਸਮਾਂ-ਬੱਧ ਕਰਦੇ ਹੋਏ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ।ਇਸੇ ਤਰ੍ਹਾਂ ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਨੂੰ ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਅਤੇ ਨਿਰਮਾਣ ਕਾਰਜਾਂ ਲਈ ਟੈਂਡਰਾਂ ਜਾਰੀ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਸੀਐਮ ਭਗਵੰਤ ਮਾਨ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਮੈਡੀਕਲ ਕਾਲਜ ਮਲੇਰਕੋਟਲਾ ਦਾ ਕੰਮ ਤੁਰੰਤ ਸ਼ੁਰੂ ਕਰਨ ਲਈ ਲੋੜੀਂਦੀ ਪ੍ਰਕਿਰਿਆ ਪੂਰੀ ਕੀਤੀ ਜਾਵੇ। ਇਹ ਵੀ ਪੜ੍ਹੋ:75 ਸਾਲ ਆਜ਼ਾਦੀ ਦੇ ਬੀਤਣ ਮਗਰੋਂ ਵੀ ਆਜ਼ਾਦੀ ਘੁਲਾਟੀਏ ਦੇ ਪਰਿਵਾਰ ਬਿਤਾ ਰਹੇ ਨੇ ਗ਼ੁਰਬਤ ਭਰੀ ਜ਼ਿੰਦਗੀ -PTC News

Related Post