ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਅਟਾਰੀ ਹਲਕੇ 'ਚ ਉਤਸ਼ਾਹਪੂਰਵਕ ਜਾਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਪਿੰਡ ਪੱਧਰ ਉੱਤੇ ਹੋਰ ਤੇਜ਼ ਕੀਤਾ ਜਾ ਰਿਹਾ।

By  Jasmeet Singh February 20th 2023 06:40 PM

ਅੰਮ੍ਰਿਤਸਰ, 20 ਫਰਵਰੀ (ਮਨਿੰਦਰ ਸਿੰਘ ਮੋਂਗਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਪਿੰਡ ਪੱਧਰ ਉੱਤੇ ਹੋਰ ਤੇਜ਼ ਕੀਤਾ ਜਾ ਰਿਹਾ। ਜਿਸ ਤਹਿਤ ਉਲੀਕੇ ਗਏ ਪ੍ਰੋਗਰਾਮ 'ਚ ਅਟਾਰੀ ਹਲਕੇ ਦੇ ਇਤਿਹਾਸਿਕ ਗੁਰਦੁਆਰਾ ਸਤਲਾਣੀ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ ਸਮੇਤ ਅਨੇਕਾਂ ਸ਼੍ਰੋਮਣੀ ਕਮੇਟੀ ਮੈਂਬਰਾਨ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ 'ਚ ਸੰਗਤ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਗੁਲਜ਼ਾਰ ਸਿੰਘ ਰਾਣੀਕੇ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਕਾਰਜਸ਼ੀਲ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਜਿਥੇ ਕਾਨੂੰਨੀ ਪੱਖ ਤੋਂ ਚਾਰਾਜੋਈ ਕੀਤੀ ਜਾ ਰਹੀ ਹੈ, ਉਥੇ ਸਿੱਖ ਭਾਵਨਾਵਾਂ ਨੂੰ ਸਰਕਾਰਾਂ ਦੇ ਕੰਨਾਂ ਤੱਕ ਪਹੁੰਚਾਉਣ ਲਈ ਦਸਤਖ਼ਤੀ ਮੁਹਿੰਮ ਆਰੰਭੀ ਗਈ ਹੈ। 

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹੁਣ ਤੱਕ 16 ਲੱਖ ਤੋਂ ਵੱਧ ਫ਼ਾਰਮ ਭਰੇ ਜਾ ਚੁੱਕੇ ਹਨ ਅਤੇ ਹੁਣ ਇਸ ਲਹਿਰ ਨੂੰ ਹੋਰ ਤੇਜ ਕੀਤਾ ਜਾ ਰਿਹਾ ਹੈ। ਸੰਗਤਾਂ ਨੂੰ ਇਸ ਲਹਿਰ ਨਾਲ ਜੋੜਨ ਲਈ ਪੰਜਾਬ ਦੇ ਹਰ ਹਲਕੇ ਵਿੱਚ ਸਮਾਗਮ ਕੀਤੇ ਜਾਣਗੇ। ਰਾਣੀਕੇ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਵਿਚ ਸੰਗਤ ਨੂੰ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ ਅਤੇ ਗੁਰਿੰਦਰ ਪਾਲ ਸਿੰਘ ਰਾਣੀਕੇ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਇਸ ਮੁਹਿੰਮ ਵਿਚ ਹਲਕਾ ਅਟਾਰੀ ਤੋਂ ਹਰ ਤਰ੍ਹਾਂ ਦੇ ਸਹਿਯੋਗ ਦੇਣ ਦੀ ਵਚਨਬੱਧਤਾ ਪ੍ਰਗਟਾਈ। ਇਥੇ ਹੀ ਸੰਗਤ ਨੇ ਦਸਤਖ਼ਤ ਕਰ ਵੱਡੀ ਗਿਣਤੀ 'ਚ ਪ੍ਰੋਫਾਰਮੇ ਵੀ ਭਰੇ।

Related Post