ਕੋਟਕਪੂਰਾ ਗੋਲੀਕਾਂਡ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ, ਪੂਰਨ ਸਹਿਯੋਗ ਦਾ ਦਿੱਤਾ ਭਰੋਸਾ
ਚੰਡੀਗੜ੍ਹ : ਕੋਟਕਪੂਰਾ ਪੁਲਿਸ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਉਨ੍ਹਾਂ ਦੀ ਇਥੇ ਸੈਕਟਰ-9 ਸਥਿਤ ਰਿਹਾਇਸ਼ ਉਤੇ ਪੁੱਛਗਿੱਛ ਕੀਤੀ। ਐੱਸਆਈਟੀ ਦੀ ਅਗਵਾਈ ਵਧੀਕ ਪੁਲਿਸ ਡਾਇਰੈਕਟਰ ਜਨਰਲ ਐੱਲਕੇ ਯਾਦਵ ਨੇ ਕੀਤੀ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਤੋਂ ਲਗਭਗ ਢਾਈ ਘੰਟੇ ਪੁੱਛਗਿੱਛ ਚੱਲੀ। ਸੂਤਰਾਂ ਮੁਤਾਬਕ ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਐਸਆਈਟੀ ਵੱਲੋਂ ਉਹੀ ਸਵਾਲ ਦੁਬਾਰਾ ਪੁੱਛੇ ਗਏ। ਪ੍ਰਕਾਸ਼ ਸਿੰਘ ਬਾਦਲ ਨੇ ਸਿਹਤ ਖ਼ਰਾਬ ਹੋਣ ਦੇ ਬਾਵਜੂਦ ਸਾਰੇ ਸਵਾਲਾਂ ਦਾ ਬੇਬਾਕੀ ਨਾਲ ਜਵਾਬ ਦਿੱਤਾ। ਉਨ੍ਹਾਂ ਨੇ ਐਸਆਈਟੀ ਟੀਮ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਵਿਚ ਜਦ ਵੀ ਉਨ੍ਹਾਂ ਦੀ ਜ਼ਰੂਰਤ ਹੋਈ ਉਹ ਜਾਂਚ ਵਿਚ ਸਹਿਯੋਗ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਉਹ ਕਾਨੂੰਨ ਉਤੇ ਪੂਰਾ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਬੇਅਦਬੀ ਮਾਮਲੇ ਵਿਚ ਜਲਦ ਤੋਂ ਜਲਦ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ। ਇਹ ਵੀ ਪੜ੍ਹੋ : ਗੈਂਗਸਟਰ ਦੀਪਕ ਟੀਨੂੰ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ, ਭਾਰਤ ਛੱਡ ਭੱਜਿਆ ਵਿਦੇਸ਼ ਕਾਬਿਲੇਗੌਰ ਹੈ ਕਿ 2015 'ਚ ਜਦੋਂ ਕੋਟਕਪੂਰਾ ਪੁਲਿਸ ਗੋਲੀਬਾਰੀ ਹੋਈ ਸੀ ਤਾਂ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਸਨ। ਗੌਰਤਲਬ ਹੈ ਕਿ ਬੀਤੇ ਕੱਲ੍ਹ ਕੋਟਕਪੂਰਾ ਗੋਲ਼ੀ ਕਾਂਡ ਦੀ ਜਾਂਚ ਲਈ ਐੱਸਐੱਸਪੀ ਮੋਗਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਿਚ ਐੱਸਆਈਟੀ ਦੇ ਮੈਂਬਰਾਂ ਨੇ ਸਥਾਨਕ ਬੱਤੀਆਂ ਵਾਲਾ ਚੌਕ ਵਿਚ ਪੁੱਜ ਕੇ ਘਟਨਾ ਸਥਾਨ ਨੇੜੇ ਮਿਣਤੀ ਕੀਤੀ ਪਰ ਮੀਡੀਆ ਤੋਂ ਪੂਰੀ ਤਰ੍ਹਾਂ ਦੂਰੀ ਬਣਾਈ ਰੱਖੀ ਤੇ ਜਾਂਚ ਜਾਰੀ ਰੱਖੀ। ਫੋਰੈਂਸਿਕ ਟੀਮ ਵਾਲਿਆਂ ਨੇ ਬੱਤੀਆਂ ਵਾਲਾ ਚੌਕ ਵਿਚ ਘਟਨਾ ਸਥਾਨ ਦੀ ਮਿਣਤੀ ਦੇ ਨਾਲ-ਨਾਲ ਵੀਡੀਓਗ੍ਰਾਫੀ ਵੀ ਕੀਤੀ। ਐੱਸਐੱਸਪੀ ਦੀ ਅਗਵਾਈ ਵਾਲੀ ਟੀਮ ਲੰਮਾ ਸਮਾਂ ਡੀਐੱਸਪੀ ਕੋਟਕਪੂਰਾ ਦੇ ਦਫ਼ਤਰ ਵਿਚ ਮੌਜੂਦ ਰਹੀ ਤੇ ਦਸਤਾਵੇਜ਼ਾਂ ਸਬੰਧੀ ਕਾਫ਼ੀ ਸਮਾਂ ਵਿਚਾਰ-ਵਟਾਂਦਰਾ ਕਰਨ ਮਗਰੋਂ ਵਾਪਸ ਚਲੀ ਗਈ। -PTC News