ਰਾਕੇਸ਼ ਟਿਕੈਤ ਦੀ ਚੇਤਾਵਨੀ- ਕੇਂਦਰ ਸਰਕਾਰ ਨੂੰ ਦਿੱਤਾ 26 ਨਵੰਬਰ ਤੱਕ ਦਾ ਅਲਟੀਮੇਟਮ

By  Riya Bawa November 1st 2021 01:01 PM

ਗਾਜ਼ੀਆਬਾਦ: ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਰਾਕੇਸ਼ ਟਿਕੈਤ ਨੇ ਟਵੀਟ ਕਰਕੇ ਕਿਹਾ ਹੈ ਕਿ ਕੇਂਦਰ ਸਰਕਾਰ ਕੋਲ 26 ਨਵੰਬਰ ਤੱਕ ਦਾ ਸਮਾਂ ਹੈ। ਇਸ ਤੋਂ ਬਾਅਦ 27 ਨਵੰਬਰ ਤੋਂ ਕਿਸਾਨ ਪਿੰਡਾਂ ਤੋਂ ਟਰੈਕਟਰਾਂ ਰਾਹੀਂ ਦਿੱਲੀ ਦੇ ਆਸ-ਪਾਸ ਅੰਦੋਲਨ ਵਾਲੀਆਂ ਥਾਵਾਂ 'ਤੇ ਸਰਹੱਦ 'ਤੇ ਪਹੁੰਚਣਗੇ ਅਤੇ ਅੰਦੋਲਨ ਵਾਲੀ ਥਾਂ 'ਤੇ ਕੰਕਰੀਟ ਦੀ ਕਿਲਾਬੰਦੀ ਨਾਲ ਟੈਂਟ ਮਜ਼ਬੂਤ ​​ਕਰਨਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਾਕੇਸ਼ ਟਿਕੈਤ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਸੀ ਕਿ ਕਿਸਾਨਾਂ ਨੂੰ ਜੇਕਰ ਬਾਰਡਰਾਂ ਤੋਂ ਜ਼ਬਰਨ ਹਟਾਉਣ ਦੀ ਕੋਸ਼ਿਸ਼ ਹੋਈ ਤਾਂ ਉਹ ਦੇਸ਼ ਭਰ ਵਿਚ ਸਰਕਾਰੀ ਦਫ਼ਤਰਾਂ ਨੂੰ ਗੱਲਾ ਮੰਡੀ ਬਣਾ ਦੇਣਗੇ।   ਦਿੱਲੀ ਦੇ ਗਾਜ਼ੀਪੁਰ ਅਤੇ ਟਿਕਰੀ ਬਾਰਡਰ ਤੋਂ ਬੈਰੀਕੇਡਜ਼ ਹਟਾਏ ਜਾਣ ਅਤੇ ਰਾਹ ਪੂਰੀ ਤਰ੍ਹਾਂ ਖੋਲ੍ਹੋ ਜਾਣ ਨੂੰ ਲੈ ਕੇ ਕਿਸਾਨ ਆਗੂਆਂ ਅਤੇ ਪੁਲਸ ਪ੍ਰਸ਼ਾਸਨ ਵਿਚਾਲੇ ਵਿਵਾਦ ਵਿਚਾਲੇ ਰਾਕੇਸ਼ ਨੇ ਇਹ ਚਿਤਾਵਨੀ ਦਿੱਤੀ ਹੈ। ਇਸ ਤੋਂ ਪਹਿਲਾਂ ਰਾਕੇਸ਼ ਨੇ ਕਿਹਾ ਸੀ ਕਿ ਸਰਕਾਰ ਜਿੱਦ ਛੱਡ ਦੇਵੇ, ਨਹੀਂ ਤਾਂ ਸੰਘਰਸ਼ ਹੋਰ ਤੇਜ਼ ਹੋਵੇਗਾ। ਟਿਕੈਤ ਨੇ ਆਪਣੇ ਰਵਾਇਤੀ ਅੰਦਾਜ਼ 'ਚ ਦੋ ਦਿਨਾਂ ਦੇ ਅੰਦਰ ਇਹ ਦੂਜੀ ਚਿਤਾਵਨੀ ਦਿੱਤੀ ਹੈ। ਬੀਤੇ ਦਿਨੀ ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਕਿਸਾਨਾਂ ਨੂੰ ਜਬਰੀ ਹਟਾਇਆ ਗਿਆ ਤਾਂ ਅਸੀਂ ਸਰਕਾਰੀ ਦਫ਼ਤਰਾਂ ਨੂੰ ਅਨਾਜ ਮੰਡੀਆਂ ਵਿੱਚ ਤਬਦੀਲ ਕਰ ਦੇਵਾਂਗੇ। ਟਿਕੈਤ ਨੇ ਦੋਸ਼ ਲਾਇਆ ਸੀ ਕਿ ਪੁਲੀਸ ਨੇ ਬੈਰੀਕੇਡਾਂ ਸਮੇਤ ਉਨ੍ਹਾਂ ਦੇ ਟੈਂਟ ਪੁੱਟਣ ਦੀ ਕੋਸ਼ਿਸ਼ ਕੀਤੀ ਸੀ ਪਰ ਦਿੱਲੀ ਪੁਲੀਸ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਦਾਅਵਾ ਕੀਤਾ ਹੈ ਕਿ ਕਿਸੇ ਵੀ ਕਿਸਾਨ ਦੇ ਟੈਂਟ ਨਹੀਂ ਹਟਾਏ ਗਏ। ਦੱਸਣਯੋਗ ਹੈ ਕਿ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਸਾਲ 26 ਨਵੰਬਰ ਤੋਂ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਡਟੇ ਹੋਏ ਹਨ। ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। -PTC News

Related Post