ਪੰਜਾਬ 'ਚ ਮੁਲਾਜ਼ਮਾਂ ਦੀਆਂ ਬਕਾਇਆ ਤਨਖਾਹਾਂ ਨੂੰ ਲੈ ਕੇ ਰਿਜਿਜੂ ਨੇ ਕੇਜਰੀਵਾਲ 'ਤੇ ਸਾਧਿਆ ਨਿਸ਼ਾਨਾ
ਨਵੀਂ ਦਿੱਲੀ, 7 ਸਤੰਬਰ: ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਚੱਲ ਰਹੀਆਂ ਖਬਰਾਂ ਦਾ ਹਵਾਲਾ ਦਿੰਦਿਆਂ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ 'ਆਪ' ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਜੇ ਤੱਕ ਆਪਣੇ ਕਰਮਚਾਰੀਆਂ ਦੀਆਂ ਅਗਸਤ ਦੀਆਂ ਤਨਖਾਹਾਂ ਦਾ ਭੁਗਤਾਨ ਨਹੀਂ ਕੀਤਾ ਹੈ।
ਸੂਤਰਾਂ ਦੇ ਆਧਾਰ 'ਤੇ ਚਲ ਰਹੀਆਂ ਖਬਰਾਂ ਦੀ ਰਿਪੋਰਟ 'ਚ ਇਹ ਦਾਅਵਾ ਕੀਤਾ ਜਾ ਰਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਫੰਡਾਂ ਦੀ ਕਮੀ ਨਾਲ ਜੂਝ ਰਹੀ ਹੈ ਅਤੇ ਆਪਣੇ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਅਗਸਤ ਦੀਆਂ ਤਨਖਾਹਾਂ ਦੇਣ ਦੇ ਯੋਗ ਨਹੀਂ ਹੈ।
ਰਿਜਿਜੂ ਨੇ ਕਿਹਾ ਕਿ ਕੇਜਰੀਵਾਲ 'ਭਾਰਤ ਨੂੰ ਵਿਸ਼ਵ ਨੰਬਰ 1' ਬਣਾਉਣਾ ਚਾਹੁੰਦੇ ਸਨ ਪਰ ਉਨ੍ਹਾਂ ਨੇ ਇਕ ਸਾਲ 'ਚ 'ਪੰਜਾਬ' ਦਾ ਕੀ ਕੀਤਾ? ਕਾਨੂੰਨ ਮੰਤਰੀ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਦਿੱਲੀ ਵਿੱਚ ਵੀ ਭਾਰੀ ਮਾਲੀਏ ਦੀ ਬਰਬਾਦੀ ਕੀਤੀ ਜਾ ਰਹੀ ਹੈ।