ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਰਾਸ਼ਟਰਪਤੀ ਚੋਣ ਲਈ ਭਾਜਪਾ ਦੇ ਉਮੀਦਵਾਰ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਭਾਜਪਾ ਨੇ ਦਰੋਪਦੀ ਮੁਰਮੂ ਨੂੰ ਆਪਣਾ ਰਾਸ਼ਟਰਪਤੀ ਉਮੀਦਵਾਰ ਬਣਾਇਆ ਹੈ। ਚੰਡੀਗੜ੍ਹ ਵਿੱਚ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਕਾਂਗਰਸ ਨਾਲ ਨਹੀਂ ਜਾ ਸਕਦੇ। ਕਾਂਗਰਸ ਨੇ ਸਿੱਖਾਂ 'ਤੇ ਕਈ ਅੱਤਿਆਚਾਰ ਕੀਤੇ ਹਨ। ਇਸ ਤੋਂ ਇਲਾਵਾ ਦ੍ਰੋਪਦੀ ਮੁਰਮੂ ਐਸਟੀ ਭਾਈਚਾਰੇ ਤੋਂ ਆਉਂਦੀ ਹੈ। ਦ੍ਰੋਪਦੀ ਮੁਰਮੂ ਦਾ ਸਮਰਥਨ ਕਰ ਰਹੇ ਹਨ।
ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਜਿਹੜੀ ਪਾਰਟੀ ਨੇ ਕਤਲੇਆਮ ਕੀਤਾ ਹੈ ਉਸ ਨਾਲ ਅਸੀਂ ਕਦੇ ਵੀ ਨਹੀਂ ਜਾ ਸਕਦੇ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਹਮੇਸ਼ਾ ਘੱਟ ਗਿਣਤੀਆ ਨਾਲ ਅਤੇ ਕਮਜ਼ੋਰ ਵਰਗਾਂ ਨਾਲ ਖੜ੍ਹਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ ਨਾਲ ਭਾਵੇ ਸਾਡੇ ਕਈ ਵਿਵਾਦ ਹਨ ਜਿਵੇ ਕਿਸਾਨੀ ਅੰਦੋਲਨ ਨੂੰ ਲੈ ਕੇ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਤੇ ਕਈ ਹੋਰ ਮੁੱਦਿਆ ਨੂੰ ਲੈ ਕੇ ਵੱਖਰਤਾ ਹੈ ਪਰ ਅਸੀਂ ਦਰੋਪਦੀ ਮੁਰਮੂ ਦਾ ਸਾਥ ਦੇਵਾਂਗੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਨੇ ਮਨੁੱਖੀ ਅਧਿਕਾਰਾਂ ਨੁੰ ਦਰਪੇਸ਼ ਖਤਰਿਆਂ ਖਾਸ ਤੌਰ ’ਤੇ ਧਾਰਮਿਕ ਸਹਿਣਸ਼ੀਲਤਾ ਤੇ ਬੋਲਣ ਦੀ ਆਜ਼ਾਦੀ ’ਤੇ ਪਾਬੰਦੀ, ਪੰਜਾਬ ਨਾਲ ਖਾਸ ਤੌਰ ’ਤੇ ਸਿੱਖਾਂ ਨਾਲ ਅਨਿਆਂ ਵਰਗੇ ਮਾਮਲਿਆਂ ’ਤੇ ਗੰਭੀਰ ਤੇ ਲੰਬੀ ਚਰਚਾ ਕੀਤੀ। ਉਹਨਾਂ ਕਿਹਾ ਕਿ ਪਾਰਟੀ ਕਦੇ ਵੀ ਆਪਣੇ ਪੰਜਾਬ ਪੱਖੀ, ਘੱਟ ਗਿਣਤੀਆਂ ਪੱਖੀ, ਕਿਸਾਨ ਪੱਖੀ ਤੇ ਗਰੀਬ ਪੱਖੀ ਏਜੰਡੇ ’ਤੇ ਸਮਝੌਤਾ ਨਹੀਂ ਕਰੇਗੀ। ਉਹਨਾਂ ਕਿਹਾ ਕਿ ਰਾਸ਼ਟਰਪਤੀ ਦੇ ਅਹੁਦੇ ਦੇ ਚੋਣ ਦੇ ਸਵਾਲ ’ਤੇ ਪਾਰਟੀ ਕੋਲ ਜੋ ਵਿਕਲਪ ਮੌਜੂਦ ਸਨ ਉਹਨਾਂ ਵਿਚੋਂ ਜਾਂ ਤਾਂ ਕਾਂਗਰਸ ਤੇ ਇਸਦੀਆਂ ਸਹਿਯੋਗੀ ਪਾਰਟੀਆਂ ਦੇ ਉਮੀਦਵਾਰ ਦੀ ਹਮਾਇਤ ਕਰਨਾ ਜਾਂ ਫਿਰ ਸਾਡੇ ਮਹਾਨ ਗੁਰੂ ਸਾਹਿਬਾਨ ਦੇ ਦਰਸਾਏ ਰਾਹ ’ਤੇ ਚੱਲਣਾ ਸ਼ਾਮਲ ਸਨ ਜਿਸ ਵਿਚੋਂ ਅਸੀਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਵਿਕਲਪ ਚੁਣਿਆ ਹੈ।
ਬਾਦਲ ਨੇ ਸਿੱਖ ਕੌਮ ਤੇ ਪੰਜਾਬ ਨੂੰ ਦਰਪੇਸ਼ ਉਹਨਾਂ ਮਸਲਿਆਂ ਦਾ ਵੀ ਜ਼ਿਕਰ ਕੀਤਾ ਜੋ ਹਾਲੇ ਤੱਕ ਹੱਲ ਨਹੀਂ ਹੋਏ ਤੇ ਕਿਹਾ ਕਿ ਪਾਰਟੀ ਇਹਨਾਂ ਦਾ ਤਰਕਸੰਗਤ ਹੱਲ ਕੱਢੇ ਜਾਣ ਲਈ ਦਿੜ੍ਹ ਸੰਕਲਪ ਹੈ। ਉਹਨਾਂ ਇਹਨਾਂ ਮਸਲਿਆਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਜਿਹਨਾਂ ਦੀ ਰਿਹਾਈ ਦਾ ਐਲਾਨ ਕੇਂਦਰ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਕੀਤਾ ਸੀ, ਉਹ ਵੀ ਸ਼ਾਮਲ ਹੈ ਤੇ ਇਸਦੇ ਨਾਲ ਹੀ ਚੰਡੀਗੜ੍ਹ ਪੰਜਾਬ ਨੁੰ ਦੇਣ ਅਤੇ ਪੰਜਾਬ ਯੂਨੀਵਰਸਿਟੀ ਦੇ ਰੁਤਬੇ ਵਿਚ ਕੋਈ ਤਬਦੀਲੀ ਨਾ ਕਰਨਾ ਵੀ ਸ਼ਾਮਲ ਹੈ।
ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਨੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਗੈਸਟ ਹਾਊਸ ਵਿਚ ਸੀਨੀਅਰ ਆਗੂਆਂ ਨਾਲ ਮਿਲ ਕੇ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਸ੍ਰੀਮਤੀ ਮੁਰਮੂ ਨੇ ਵੀ ਸੁਖਬੀਰ ਬਾਦਲ ਨੂੰ ਪਹਿਲਾਂ ਫੋਨ ਕਰ ਕੇ ਹਮਾਇਤ ਮੰਗੀ ਸੀ।
।
ਇਹ ਵੀ ਪੜ੍ਹੋ;16 ਕਿਲੋਂ ਹੈਰੋਇਨ ਸਮੇਤ 4 ਨਸ਼ਾ ਤਸਕਰ ਗ੍ਰਿਫ਼ਤਾਰ
-PTC News